ਡਿਪਟੀ ਕਮਿਸ਼ਨਰ ਵੱਲੋਂ ਪੇਂਡੂ/ਵਾਰਡ ਰੱਖਿਆ ਕਮੇਟੀਆਂ ਨਾਲ ਮੀਟਿੰਗ

1

ਸ੍ਰੀ ਮੁਕਤਸਰ ਸਾਹਿਬ, 14 ਅਕਤੂਬਰ 2026 AJ DI Awaaj

 

Punjab Desk :   ਜ਼ਿਲ੍ਹੇ ਵਿੱਚ ਨਸ਼ਿਆਂ ਦੇ ਖਾਤਮੇ, ਨਸ਼ਾ ਤਸਕਰੀ ਨੂੰ ਠੱਲ੍ਹ ਪਾਉਣ ਅਤੇ ਨਸ਼ਿਆਂ ਤੋਂ ਪ੍ਰਭਾਵਿਤ ਇਲਾਕਿਆਂ (ਡਰੱਗ ਹੌਟਸਪੌਟਸ) ਵਿੱਚ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਉਣ ਦੇ ਮਕਸਦ ਨਾਲ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਪੇਂਡੂ/ਵਾਰਡ ਰੱਖਿਆ ਕਮੇਟੀਆਂ ਦੇ ਮੈਂਬਰਾਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਨਸ਼ਾ ਮੁਕਤੀ ਮੋਰਚਾ ਦੇ ਜ਼ਿਲ੍ਹਾ ਕੋਆਰਡੀਨੇਟਰ ਯਾਦਵਿੰਦਰ ਸਿੰਘ ਹਰੀਕੇ ਕਲਾਂ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਨ੍ਹਾਂ ਮੀਟਿੰਗਾਂ ਦਾ ਮੁੱਖ ਉਦੇਸ਼ ਜ਼ਿਲ੍ਹੇ ਵਿੱਚ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਨਾ ਅਤੇ ਨਸ਼ਿਆਂ ਦੀ ਲਤ ਤੋਂ ਪੀੜਤ ਵਿਅਕਤੀਆਂ ਦੇ ਇਲਾਜ ਤੇ ਮੁੜ-ਵਸੇਬੇ ਲਈ ਪ੍ਰਭਾਵਸ਼ਾਲੀ ਉਪਰਾਲੇ ਕਰਨਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਨਸ਼ਿਆਂ ਤੋਂ ਪ੍ਰਭਾਵਿਤ ਕੁੱਲ 20 ਹੌਟਸਪੌਟ ਇਲਾਕਿਆਂ ਦੀ ਪਛਾਣ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਸਮੂਹ ਵਿਭਾਗਾਂ ਅਤੇ ਆਮ ਲੋਕਾਂ ਦਾ ਆਪਸੀ ਤਾਲਮੇਲ ਤੇ ਸਹਿਯੋਗ ਬਹੁਤ ਜ਼ਰੂਰੀ ਹੈ।

ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਸ਼ਿਆਂ ਦੀ ਰੋਕਥਾਮ ਲਈ ਹੌਟਸਪੌਟ ਇਲਾਕਿਆਂ ਵਿੱਚ ਕੀਤੇ ਜਾ ਰਹੇ ਉਪਰਾਲਿਆਂ ਦੀ ਨਿਰੰਤਰ ਸਮੀਖਿਆ ਕੀਤੀ ਜਾਵੇ, ਤਾਂ ਜੋ ਇਨ੍ਹਾਂ ਇਲਾਕਿਆਂ ਵਿੱਚੋਂ ਨਸ਼ਿਆਂ ਦੀ ਸਮੱਸਿਆ ਨੂੰ ਜੜ੍ਹੋਂ ਖ਼ਤਮ ਕਰਨ ਲਈ ਠੋਸ ਕਦਮ ਚੁੱਕੇ ਜਾ ਸਕਣ। ਉਨ੍ਹਾਂ ਪੁਲਿਸ ਵਿਭਾਗ ਨੂੰ ਇਨ੍ਹਾਂ ਇਲਾਕਿਆਂ ਵਿੱਚ ਅਚਨਚੇਤ ਚੈਕਿੰਗ, ਨਾਕਾਬੰਦੀ ਅਤੇ ਸਰਚ ਆਪ੍ਰੇਸ਼ਨਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਵੀ ਦਿੱਤੇ।

ਉਨ੍ਹਾਂ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੁਲਿਸ ਵਿਭਾਗ ਵੱਲੋਂ ਨਸ਼ਿਆਂ ਦੀ ਸਪਲਾਈ ਚੇਨ ਤੋੜਨ ਅਤੇ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਾਲ-ਨਾਲ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਸ਼ਿਆਂ ਦੀ ਲਤ ਵਿੱਚ ਫਸੇ ਨੌਜਵਾਨਾਂ ਨੂੰ ਇਸ ਮਾੜੀ ਅਲਾਮਤ ਵਿੱਚੋਂ ਬਾਹਰ ਕੱਢਣ ਲਈ ਮੁਫ਼ਤ ਇਲਾਜ ਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ।

ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਓਟ ਕਲੀਨਿਕਾਂ ਅਤੇ ਨਸ਼ਾ ਛੁਡਾਊ ਕੇਂਦਰਾਂ ਦੀ ਨਿਯਮਤ ਚੈਕਿੰਗ ਯਕੀਨੀ ਬਣਾਉਣ ਦੀ ਹਦਾਇਤ ਕਰਦਿਆਂ ਕਿਹਾ ਕਿ ਇਨ੍ਹਾਂ ਕੇਂਦਰਾਂ ਵਿੱਚ ਮਰੀਜ਼ਾਂ ਨੂੰ ਹਰ ਲੋੜੀਂਦੀ ਸਹੂਲਤ ਮਿਲਣੀ ਚਾਹੀਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕੈਮਿਸਟਾਂ ਦੀਆਂ ਦੁਕਾਨਾਂ ਦੀ ਵੀ ਨਿਯਮਤ ਜਾਂਚ ਕਰਨ ਦੇ ਨਿਰਦੇਸ਼ ਦਿੱਤੇ, ਤਾਂ ਜੋ ਨਸ਼ਿਆਂ ਦੀ ਗੈਰ-ਕਾਨੂੰਨੀ ਵਿਕਰੀ ਨੂੰ ਰੋਕਿਆ ਜਾ ਸਕੇ।

ਇਸ ਮੌਕੇ ਨਸ਼ਾ ਮੁਕਤੀ ਮੋਰਚਾ ਦੇ ਜ਼ਿਲ੍ਹਾ ਕੋਆਰਡੀਨੇਟਰ ਸ੍ਰੀ ਯਾਦਵਿੰਦਰ ਸਿੰਘ ਹਰੀਕੇ ਕਲਾਂ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਵਿੱਚ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ। ਉਨ੍ਹਾਂ ਪੇਂਡੂ/ਵਾਰਡ ਰੱਖਿਆ ਕਮੇਟੀਆਂ ਦੇ ਮੈਂਬਰਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਬਾਰੇ ਵੀ ਜਾਣੂ ਕਰਵਾਇਆ। ਇਸ ’ਤੇ ਪ੍ਰਸ਼ਾਸਨ ਵੱਲੋਂ ਇਨ੍ਹਾਂ ਸਮੱਸਿਆਵਾਂ ਦੇ ਹੱਲ ਲਈ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਗਿਆ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਇਸ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਪ੍ਰਸ਼ਾਸਨ, ਪੁਲਿਸ, ਵੱਖ-ਵੱਖ ਵਿਭਾਗਾਂ ਅਤੇ ਆਮ ਲੋਕਾਂ ਦਾ ਸਾਂਝਾ ਯਤਨ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਦੇ ਨਾਲ-ਨਾਲ ਨਸ਼ਿਆਂ ਤੋਂ ਪ੍ਰਭਾਵਿਤ ਵਿਅਕਤੀਆਂ ਦੇ ਇਲਾਜ, ਮੁੜ-ਵਸੇਬੇ ਅਤੇ ਸਮਾਜ ਵਿੱਚ ਮੁੜ ਸ਼ਮੂਲੀਅਤ ਨੂੰ ਵੀ ਤਰਜੀਹ ਦਿੱਤੀ ਜਾਵੇਗੀ।

ਇਸ ਮੌਕੇ ਐਸ.ਡੀ.ਐਮ. ਸ੍ਰੀ ਮੁਕਤਸਰ ਸਾਹਿਬ ਗੁਰਕਿਰਨਦੀਪ ਸਿੰਘ ਸਿੱਧੂ, ਐਸ.ਡੀ.ਐਮ. ਮਲੋਟ ਪੰਕਜ ਬਾਂਸਲ, ਐਸ.ਡੀ.ਐਮ. ਗਿੱਦੜਬਾਹਾ ਅਰਵਿੰਦਰਪਾਲ ਸਿੰਘ, ਐਸ.ਪੀ ਮਹੇਸ਼ ਕੁਮਾਰ, ਜ਼ਿਲ੍ਹਾ ਵਾਇਸ ਕੋਆਰਡੀਨੇਟਰ ਜਗਸੀਰ ਸਿੰਘ ਸਰਪੰਚ, ਹਲਕਾ ਕੋਆਰਡੀਨੇਟਰ ਸ੍ਰੀ ਮੁਕਤਸਰ ਸਾਹਿਬ ਰੁਪਿੰਦਰ ਸਿੰਘ ਵਧਾਈ, ਹਲਕਾ ਕੋਆਰਡੀਨੇਟਰ ਮਲੋਟ ਗੁਰਪ੍ਰੀਤ ਸਿੰਘ, ਹਲਕਾ ਕੋਆਰਡੀਨੇਟਰ ਗਿੱਦੜਬਾਹਾ ਮਾਧੋਦਾਸ ਸਿੰਘ ਖਾਲਸਾ, ਹਲਕਾ ਕੋਆਰਡੀਨੇਟਰ ਲੰਬੀ ਮਨਜੀਤ ਸਿੰਘ ਮਿੱਡਾ, ਪੇਂਡੂ/ਵਾਰਡ ਰੱਖਿਆ ਕਮੇਟੀਆਂ ਦੇ ਮੈਂਬਰਾਂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਆਦਿ ਹਾਜ਼ਰ ਸਨ।