ਐਸ.ਡੀ.ਐਮ ਦੀ ਪ੍ਰਧਾਨਗੀ ਹੇਠ ਹੋਈ ਪਰਾਲੀ ਪ੍ਰਬੰਧਨ ਸਬੰਧੀ ਮੀਟਿੰਗ

35
ਬਰਨਾਲਾ, 4 ਅਕਤੂਬਰ 2025 AJ Di Awaaj
Punjab Desk :ਐਸ.ਡੀ.ਐਮ ਬਰਨਾਲਾ ਮੈਡਮ ਸੋਨਮ ਆਈ ਏ ਐੱਸ ਦੀ ਪ੍ਰਧਾਨਗੀ ਹੇਠ ਐਸ.ਡੀ.ਐਮ ਦਫ਼ਤਰ ਵਿਖੇ ਪਰਾਲੀ ਪ੍ਰਬੰਧਨ ਸਬੰਧੀ ਮੀਟਿੰਗ ਹੋਈ। ਮੀਟਿੰਗ ਵਿਚ  ਸਬੰਧਤ ਵਿਭਾਗਾਂ ਦੇ ਅਧਿਕਾਰੀ, ਨੋਡਲ ਅਫ਼ਸਰ ਮੌਜੂਦ ਸਨ।
ਮੀਟਿੰਗ ਵਿਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਵਿਭਾਗਵਾਰ ਜ਼ਿੰਮੇਵਾਰੀਆਂ ਸਪੱਸ਼ਟ ਕੀਤੀਆਂ ਗਈਆਂ। ਐਸ ਡੀ ਐਮ ਨੇ ਅਧਿਕਾਰੀਆਂ ਨੂੰ ਉਨ੍ਹਾਂ ਪਿੰਡਾਂ ਵਿਚ ਵਿਸ਼ੇਸ਼ ਚੌਕਸੀ ਰੱਖਣ ਦੇ ਨਿਰਦੇਸ਼ ਦਿੱਤੇ ਜਿਥੇ ਪਿਛਲੇ ਸਾਲ ਪਰਾਲੀ ਸਾੜਨ ਦੀਆਂ ਘਟਨਾਵਾਂ ਜ਼ਿਆਦਾ ਹੋਈਆਂ ਸਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਮਸ਼ੀਨਰੀ ਦੀ ਉਪਲਬੱਧਤਾ ਯਕੀਨੀ ਬਣਾਈ ਜਾਣੀ ਚਾਹੀਦੀ ਹੈ ਅਤੇ ਪਿੰਡ ਪੱਧਰ ‘ਤੇ ਜਾਗਰੂਕਤਾ ਪ੍ਰੋਗਰਾਮ ਨਿਯਮਤ ਤੌਰ ‘ਤੇ ਚਲਾਏ ਜਾਣੇ ਚਾਹੀਦੇ ਹਨ।
ਉਨ੍ਹਾਂ ਸਪੱਸ਼ਟ ਕੀਤਾ ਕਿ ਪਰਾਲੀ ਸਾੜਨਾ ਵਾਤਾਵਰਨ ਦੇ ਨਾਲ-ਨਾਲ ਜਨਤਕ ਸਿਹਤ ਲਈ ਵੀ ਹਾਨੀਕਾਰਕ ਹੈ। ਇਸ ਲਈ ਪੰਚਾਇਤਾਂ ਦੇ ਨੁਮਾਇੰਦਿਆਂ, ਨੰਬਰਦਾਰਾਂ ਅਤੇ ਕਿਸਾਨਾਂ ਨਾਲ ਨਿਰੰਤਰ ਸੰਪਰਕ ਬਣਾਈ ਰੱਖਿਆ ਜਾਣਾ ਚਾਹੀਦਾ ਹੈ। ਉਨ੍ਹਾਂ ਹਦਾਇਤ ਕੀਤੀ ਕਿ ਪਰਾਲੀ ਸਾੜਨ ਦੀ ਕਿਸੇ ਵੀ ਘਟਨਾ ਦੀ ਤੁਰੰਤ ਰਿਪੋਰਟ ਕੀਤੀ ਜਾਵੇ।
ਉਹਨਾਂ ਸੰਬੰਧਿਤ ਅਧਿਕਾਰੀਆਂ ਨੂੰ ਕਿਸੇ ਵੀ ਅੱਗ ਲੱਗਣ ਦੀ ਸੂਰਤ ਵਿਚ ਤੁਰੰਤ ਕੰਟਰੋਲ ਰੂਮ ਨੂੰ ਸੂਚਿਤ ਕਰਨ ਅਤੇ ਰਾਹਤ ਕਾਰਜਾਂ ਲਈ ਪੂਰੀ ਤਰ੍ਹਾਂ ਤਿਆਰ ਰਹਿਣ ਦੀ ਹਦਾਇਤ ਕੀਤੀ।
ਮੈਡਮ ਸੋਨਮ ਨੇ ਕਿਹਾ ਕਿ ਪਰਾਲੀ ਪ੍ਰਬੰਧਨ ਵਿਚ ਸਫ਼ਲਤਾ ਸਾਰੇ ਵਿਭਾਗਾਂ ਵਿਚਕਾਰ ਤਾਲਮੇਲ ਨਾਲ ਹੀ ਸੰਭਵ ਹੈ। ਉਨ੍ਹਾਂ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਕੰਮ ਨੂੰ ਜਨਤਕ ਜਾਗਰੂਕਤਾ ਮੁਹਿੰਮ ਵਜੋਂ ਲੈਣ ਤਾਂ ਜੋ ਜ਼ਿਲ੍ਹੇ ਨੂੰ ਪਰਾਲੀ ਮੁਕਤ ਬਣਾਉਣ ਦਾ ਟੀਚਾ ਪ੍ਰਾਪਤ ਕੀਤਾ ਜਾ ਸਕੇ।
ਇਸ ਤੋਂ ਇਲਾਵਾ ਉਨ੍ਹਾਂ ਪਿੰਡ ਸੰਘੇੜੇ ਵਿਚ ਪਟਾਖਿਆਂ ਦੀ ਸਟੋਰੇਜ ਲਈ ਸਥਾਨ ਦਾ ਵੀ ਨਿਰੀਖਣ ਕੀਤਾ।
  ਉਨ੍ਹਾਂ ਦੱਸਿਆ ਕਿ ਜਿਹੜੇ ਵਿਕਰੇਤਾਵਾਂ ਨੇ ਪਟਾਖਿਆਂ ਦੀ ਵਿਕਰੀ ਲਈ ਅਸਥਾਈ ਲਾਇਸੰਸ ਲੈਣ ਲਈ ਸੇਵਾ ਕੇਂਦਰਾਂ ‘ਤੇ ਅਪਲਾਈ ਕੀਤਾ ਗਿਆ ਹੈ, ਉਹਨਾਂ ਲਈ 8 ਅਕਤੂਬਰ ਨੂੰ ਸਵੇਰੇ 11 ਵਜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਡਰਾਅ ਕੱਢਿਆ ਜਾਵੇਗਾ।  ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪਟਾਖੇ ਵੇਚਣ ਲਈ ਸਵੇਰੇ 10 ਵਜੇ ਤੋਂ ਸ਼ਾਮ 7:30 ਵਜੇ ਤਕ ਦਾ ਸਮਾਂ ਨਿਰਧਾਰਿਤ ਕੀਤਾ ਗਿਆ ਹੈ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਹੀ ਗ੍ਰੀਨ ਪਟਾਖਿਆਂ ਦੀ ਵਿਕਰੀ ਅਤੇ ਖ਼ਰੀਦਾਰੀ ਕੀਤੀ ਜਾਵੇ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੀ ਟੀਮ ਵੱਲੋਂ ਪਟਾਖਿਆਂ ਦੀ ਵਿਕਰੀ, ਭੰਡਾਰਣ ਅਤੇ ਖਰੀਦ ਸਬੰਧੀ ਅਚਨਚੇਤ ਚੈਕਿੰਗ ਵੀ ਕੀਤੀ ਜਾਵੇਗੀ। ਇਸ ਮੌਕੇ ਡੀ ਐੱਸ ਪੀ ਸਤਵੀਰ ਸਿੰਘ ਵੀ ਮੌਜੂਦ ਸਨ।