ਅਬੋਹਰ 20 ਸਤੰਬਰ 2025 AJ DI Awaaj
Punjab Desk : ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਆਈਏਐਸ ਨੇ ਅੱਜ ਅਬੋਹਰ ਵਿਖੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੈਠਕ ਕਰਕੇ ਅਬੋਹਰ ਅਤੇ ਬੱਲੂਆਣਾ ਖੇਤਰ ਦੇ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ। ਇਸ ਦੌਰਾਨ ਉਨਾਂ ਨੇ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਅਬੋਹਰ ਸ਼ਹਿਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਤੈਅ ਸਮਾਂ ਹੱਦ ਵਿੱਚ ਉੱਚ ਗੁਣਵੱਤਾ ਦਾ ਪਾਲਣ ਕਰਦਿਆਂ ਮੁਕੰਮਲ ਕੀਤਾ ਜਾਵੇ।
ਉਹਨਾਂ ਨੇ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸ਼ਹਿਰ ਦੀ ਸਾਫ ਸਫਾਈ ਦਾ ਖਾਸ ਧਿਆਨ ਰੱਖਿਆ ਜਾਵੇ ਤੇ ਇਸ ਕੰਮ ਵਿੱਚ ਕੋਈ ਵੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ! ਉਹਨਾਂ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਵੱਖੋ ਵੱਖ ਥਾਵਾਂ ਤੋਂ ਪੀਣ ਵਾਲੇ ਪਾਣੀ ਦੇ ਸੈਂਪਲ ਲਏ ਜਾਣ ਅਤੇ ਇਹ ਸੈਂਪਲ ਪਾਣੀ ਦੇ ਸਰੋਤ ਦੇ ਨਾਲ ਨਾਲ ਲੋਕਾਂ ਦੇ ਘਰ ਤੋਂ ਵੀ ਲਏ ਜਾਣ ਤਾਂ ਜੋ ਸ਼ੁੱਧ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਇਆ ਜਾ ਸਕੇ।
ਉਨ੍ਹਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਤੋਂ ਬਾਰਸ਼ਾਂ ਨਾਲ ਫਸਲਾਂ ਦੇ ਹੋਏ ਖਰਾਬੇ ਦੀ ਰਿਪੋਰਟ ਲਈ ਤੇ ਵਿਭਾਗ ਵੱਲੋਂ ਹੁਣ ਤੱਕ ਕੀਤੇ ਗਏ ਕੰਮਾਂ ਬਾਰੇ ਵੀ ਜਾਣਿਆ! ਉਨ੍ਹਾਂ ਕਿਹਾ ਕਿ ਝੋਨੇ ਦੀ ਕਟਾਈ ਦਾ ਸੀਜ਼ਨ ਸ਼ੁਰੂ ਹੋ ਗਿਆ ਹੈ ਤੇ ਕਿਸਾਨ ਆਪਣੀ ਝੋਨੇ ਦੀ ਫਸਲ ਪੂਰੀ ਤਰ੍ਹਾਂ ਪਕਾ ਕੇ 17 ਫੀਸਦੀ ਤੱਕ ਨਮੀ ਵਾਲੀ ਹੀ ਮੰਡੀਆਂ ਵਿੱਚ ਲੈ ਕੇ ਆਉਣ ਤਾਂ ਜੋ ਕਿਸਾਨਾਂ ਨੂੰ ਜਿਆਦਾ ਦੇਰ ਤੱਕ ਮੰਡੀਆਂ ਵਿੱਚ ਬੈਠਣਾ ਨਾ ਪਵੇ! ਉਨ੍ਹਾਂ ਕਿਹਾ ਕਿ ਝੋਨੇ ਦੀ ਕਟਾਈ ਉਪਰੰਤ ਕਿਸਾਨ ਬਚੀ ਹੋਈ ਫਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ ਕਿਉਂਕਿ ਅਜਿਹਾ ਕਰਨ ਨਾਲ ਸਾਡਾ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ।
ਉਹਨਾਂ ਨੇ ਸ਼ਹਿਰ ਅਤੇ ਪਿੰਡਾਂ ਵਿੱਚ ਸਾਫ ਸਫਾਈ ਮੁਹਿੰਮ ਨੂੰ ਵੀ ਤੇਜ਼ ਕਰਨ ਦੀ ਹਦਾਇਤ ਕੀਤੀ ਤਾਂ ਜੋ ਬਾਰਿਸ਼ਾਂ ਬਾਅਦ ਪਾਣੀ ਜਾਂ ਜੀਵਾਣੂਆਂ ਨਾਲ ਹੋਣ ਵਾਲੀਆਂ ਬਿਮਾਰੀਆਂ ਦੇ ਕਿਸੇ ਵੀ ਸੰਭਾਵਿਤ ਪਸਾਰ ਨੂੰ ਰੋਕਿਆ ਜਾ ਸਕੇ! ਉਨਾਂ ਨੇ ਪਿੰਡਾਂ ਤੋਂ ਇਲਾਵਾ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ ਮੱਛਰ ਮਾਰਨ ਲਈ ਨਿਯਮਿਤ ਤੌਰ ਤੇ ਫੋਗਿੰਗ ਕਰਾਉਣ ਦੇ ਨਿਰਦੇਸ਼ ਵੀ ਦਿੱਤੇ।
ਬਾਅਦ ਵਿੱਚ ਉਹਨਾਂ ਨੇ ਅਬੋਹਰ ਸ਼ਹਿਰ ਦੇ ਵੱਖ-ਵੱਖ ਖੇਤਰਾਂ ਦਾ ਦੌਰਾ ਕਰਕੇ ਚੱਲ ਰਹੇ ਵਿਕਾਸ ਕਾਰਜਾਂ ਅਤੇ ਸਫਾਈ ਮੁਹਿੰਮ ਦਾ ਜਾਇਜ਼ਾ ਵੀ ਲਿਆ!ਉਨ੍ਹਾਂ ਨਗਰ ਨਿਗਮ ਅਬੋਹਰ ਦੇ ਬਣਾਏ ਸਫਾਈ ਵਾਲੇ ਡੰਪਾਂ ਤੇ ਖੁਦ ਜਾ ਕੇ ਸਫਾਈ ਪ੍ਰਬੰਧਾਂ ਦਾ ਨਿਰੀਖਣ ਕੀਤਾ!
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ਼੍ਰੀ ਸੁਭਾਸ਼ ਚੰਦਰ, ਐਸ ਡੀ ਐਮ ਸ੍ਰੀ ਕ੍ਰਿਸ਼ਨਾ ਪਾਲ ਰਾਜਪੂਤ ਤੇ ਮੁੱਖ ਖੇਤੀਬਾੜੀ ਅਫਸਰ ਫਾਜ਼ਿਲਕਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
