ਭਨੂਪਲੀ ਮੇਨ ਬਜ਼ਾਰ ਵਿੱਚ 23 ਜੂਨ ਨੂੰ ਵਪਾਰੀਆਂ ਨਾਲ ਮੀਟਿੰਗ

46

ਨੰਗਲ 22 ਜੂਨ 2026 AJ DI Awaaj

Punjab Desk : ਪੰਜਾਬ ਟ੍ਰੇਡ ਕਮਿਸ਼ਨ ਵੱਲੋਂ 23 ਜੂਨ ਨੂੰ ਭਨੂਪਲੀ ਮੇਨ ਬਜ਼ਾਰ ਵਿੱਚ ਸ਼ਾਮ 5 ਵਜੇ ਵਪਾਰੀਆਂ ਨਾਲ ਇੱਕ ਮਹੱਤਵਪੂਰਨ ਮੀਟਿੰਗ ਕੀਤੀ ਜਾਵੇਗੀ। ਇਸ ਸਬੰਧੀ ਜਾਣਕਾਰੀ ਉਪ ਮੰਡਲ ਮੈਜਿਸਟ੍ਰੇਟ ਨੰਗਲ ਸਚਿਨ ਪਾਠਕ ਵੱਲੋਂ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਹ ਮੀਟਿੰਗ ਖਾਸ ਤੌਰ ‘ਤੇ ਇਲਾਕੇ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਸੁਣਨ ਅਤੇ ਉਹਨਾਂ ਦੇ ਹੱਲ ਲਈ ਕੀਤੀ ਜਾ ਰਹੀ ਹੈ।

                ਉਪ ਮੰਡਲ ਮੈਜਿਸਟ੍ਰੇਟ ਨੇ ਕਿਹਾ ਕਿ ਪੰਜਾਬ ਸਰਕਾਰ ਵਪਾਰੀਆਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਤੁਰੰਤ ਹੱਲ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸ ਮੀਟਿੰਗ ਦੌਰਾਨ ਵਪਾਰੀ ਆਪਣੀਆਂ ਸਮੱਸਿਆਵਾਂ, ਸੁਝਾਵਾਂ ਅਤੇ ਮੰਗਾਂ ਨੂੰ ਸਿੱਧੇ ਤੌਰ ‘ਤੇ ਕਮਿਸ਼ਨ ਅੱਗੇ ਰੱਖ ਸਕਣਗੇ।

                 ਉਨ੍ਹਾਂ ਹੋਰ ਦੱਸਿਆ ਕਿ ਸਰਕਾਰ ਦਾ ਮਕਸਦ ਵਪਾਰਕ ਮਾਹੌਲ ਨੂੰ ਹੋਰ ਸੁਧਾਰਨਾ ਅਤੇ ਛੋਟੇ-ਵੱਡੇ ਵਪਾਰੀਆਂ ਨੂੰ ਆਉਣ ਵਾਲੀਆਂ ਦਿੱਕਤਾਂ ਨੂੰ ਘਟਾਉਣਾ ਹੈ। ਇਸ ਤਰ੍ਹਾਂ ਦੀਆਂ ਮੀਟਿੰਗਾਂ ਰਾਹੀਂ ਸਰਕਾਰ ਅਤੇ ਵਪਾਰੀਆਂ ਵਿਚਕਾਰ ਸਿੱਧਾ ਸੰਪਰਕ ਬਣਦਾ ਹੈ, ਜਿਸ ਨਾਲ ਮੌਕੇ ‘ਤੇ ਹੀ ਕਈ ਮਸਲਿਆਂ ਦਾ ਹੱਲ ਸੰਭਵ ਬਣਦਾ ਹੈ।

                ਸਚਿਨ ਪਾਠਕ ਐਸ.ਡੀ.ਐਮ ਨੇ ਇਲਾਕੇ ਦੇ ਸਾਰੇ ਵਪਾਰੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਮੀਟਿੰਗ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਮੂਲੀਅਤ ਕਰਨ। ਉਨ੍ਹਾਂ ਕਿਹਾ ਕਿ ਵਪਾਰੀਆਂ ਦੀ ਭਾਗੀਦਾਰੀ ਨਾਲ ਹੀ ਸਰਕਾਰ ਨੂੰ ਜ਼ਮੀਨੀ ਹਕੀਕਤਾਂ ਦੀ ਜਾਣਕਾਰੀ ਮਿਲਦੀ ਹੈ ਅਤੇ ਉਨ੍ਹਾਂ ਦੇ ਅਧਾਰ ‘ਤੇ ਹੀ ਭਵਿੱਖ ਦੀਆਂ ਨੀਤੀਆਂ ਬਣਾਈਆਂ ਜਾਂਦੀਆਂ ਹਨ, ਜਿਸ ਨਾਲ ਵਪਾਰ ਅਤੇ ਆਰਥਿਕਤਾ ਨੂੰ ਮਜ਼ਬੂਤੀ ਮਿਲਦੀ ਹੈ।