ਵਿਧਾਇਕ ਜਿੰਪਾ ਨੇ ਕੀਤਾ ਚੋਆਂ ਤੇ ਕਾਜ਼ਵੇਆਂ ਦਾ ਨਿਰੀਖਣ

8
ਹੁਸ਼ਿਆਰਪੁਰ, 18 ਜੁਲਾਈ 2025 AJ DI Awaaj
Punjab Desk : ਜ਼ਿਲ੍ਹੇ ਵਿਚ ਹਾਲ ਹੀ ਵਿਚ ਹੋਈ ਭਾਰੀ ਬਾਰਿਸ਼ ਅਤੇ ਸੰਭਾਵੀ ਹੜ੍ਹਾਂ ਦੇ ਖ਼ਤਰੇ ਦੇ ਮੱਦੇਨਜ਼ਰ, ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਹੁਸ਼ਿਆਰਪੁਰ ਦੇ ਵੱਖ-ਵੱਖ ਇਲਾਕਿਆਂ ਵਿਚ ਸਥਿਤ ਚੋਆਂ ਅਤੇ ਕਾਜ਼ਵੇਆਂ ਦਾ ਨਿਰੀਖਣ ਕੀਤਾ। ਇਸ ਦੌਰਾਨ ਉਨ੍ਹਾਂ ਨੇ ਕੁਦਰਤੀ ਜਲ ਮਾਰਗਾਂ ਦੀ ਸਥਿਤੀ ਦਾ ਜਾਇਜ਼ਾ ਲਿਆ ਅਤੇ ਉਨ੍ਹਾਂ ਥਾਵਾਂ ਦੀ ਪਛਾਣ ਕੀਤੀ ਜਿਥੇ ਮੀਂਹ ਕਾਰਨ ਕਾਜ਼ਵੇਆਂ ਨੂੰ ਨੁਕਸਾਨ ਪਹੁੰਚਿਆ ਹੈ।
ਨਿਰੀਖਣ ਦੌਰਾਨ ਵਿਧਾਇਕ ਜਿੰਪਾ ਨੇ ਸਬੰਧਤ ਵਿਭਾਗਾਂ ਨੂੰ ਨੁਕਸਾਨੀਆਂ ਗਈਆਂ ਪੁਲੀਆਂ ਦੀ ਤੁਰੰਤ ਮੁਰੰਮਤ ਕਰਨ ਅਤੇ ਸਥਾਈ ਅਤੇ ਐਮਰਜੈਂਸੀ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਭਵਿੱਖ ਵਿਚ ਜਨਜੀਵਨ ਪ੍ਰਭਾਵਿਤ ਨਾ ਹੋਵੇ। ਉਨ੍ਹਾਂ ਕਿਹਾ ਕਿ ਉਹ ਇਸ ਮੁੱਦੇ ਸਬੰਧੀ ਪਹਿਲਾਂ ਹੀ ਸੂਬਾ ਸਰਕਾਰ ਦੇ ਕੈਬਨਿਟ ਮੰਤਰੀ ਵਰਿੰਦਰ ਗੋਇਲ ਨੂੰ ਮਿਲ ਚੁੱਕੇ ਹਨ ਅਤੇ ਉਨ੍ਹਾਂ ਨੂੰ ਹੁਸ਼ਿਆਰਪੁਰ ਵਿਚ ਮੀਂਹ ਅਤੇ ਹੜ੍ਹਾਂ ਨਾਲ ਹੋਏ ਨੁਕਸਾਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਹੈ ਅਤੇ ਇਸ ਦੇ ਸਥਾਈ ਹੱਲ ਲਈ ਬੇਨਤੀ ਕੀਤੀ ਹੈ।
ਵਿਧਾਇਕ ਨੇ ਕਿਹਾ ਕਿ ਸਬੰਧਤ ਵਿਭਾਗ ਇਸ ਸਬੰਧੀ ਪ੍ਰਸਤਾਵ ਤਿਆਰ ਕਰਕੇ ਵਿਭਾਗ ਨੂੰ ਭੇਜ ਰਿਹਾ ਹੈ, ਤਾਂ ਜੋ ਲੋੜੀਂਦਾ ਬਜਟ ਅਤੇ ਸਰੋਤ ਜਲਦੀ ਉਪਲਬੱਧ ਕਰਵਾਏ ਜਾ ਸਕਣ। ਉਨ੍ਹਾਂ ਅਧਿਕਾਰੀਆਂ ਨੂੰ ਕਿਸੇ ਵੀ ਐਮਰਜੈਂਸੀ ਨਾਲ ਨਜਿੱਠਣ ਲਈ ਪਹਿਲਾਂ ਤੋਂ ਤਿਆਰੀਆਂ ਕਰਨ ਅਤੇ ਸੰਵੇਦਨਸ਼ੀਲ ਖੇਤਰਾਂ ਵਿਚ ਵਿਸ਼ੇਸ਼ ਨਿਗਰਾਨੀ ਰੱਖਣ ਦੇ ਨਿਰਦੇਸ਼ ਦਿੱਤੇ।
ਵਿਧਾਇਕ ਜਿੰਪਾ ਨੇ ਕਿਹਾ ਕਿ ਪ੍ਰਸ਼ਾਸਨਿਕ ਪ੍ਰਣਾਲੀ ਪੂਰੀ ਤਰ੍ਹਾਂ ਚੌਕਸ ਹੈ ਅਤੇ ਜਨਤਾ ਦੀ ਸੁਰੱਖਿਆ ਅਤੇ ਸਹੂਲਤ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਸਥਾਨਕ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿਚ ਪ੍ਰਸ਼ਾਸਨ ਨਾਲ ਸੰਪਰਕ ਕਰਨ ਅਤੇ ਅਫਵਾਹਾਂ ਤੋਂ ਬਚਣ।
ਨਿਰੀਖਣ ਦੌਰਾਨ ਵਿਧਾਇਕ ਦੇ ਨਾਲ ਹੁਸ਼ਿਆਰਪੁਰ ਸਹਿਕਾਰੀ ਬੈਂਕ ਦੇ ਚੇਅਰਮੈਨ ਵਿਕਰਮ ਸ਼ਰਮਾ, ਐਸ.ਡੀ.ਐਮ ਹੁਸ਼ਿਆਰਪੁਰ ਗੁਰਸਿਮਰਨਜੀਤ ਕੌਰ, ਲੋਕ ਨਿਰਮਾਣ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਗੁਰਮੀਤ ਸਿੰਘ, ਨਾਇਬ ਤਹਿਸੀਲਦਾਰ ਹੁਸ਼ਿਆਰਪੁਰ ਹਿਰਦੇਬੀਰ ਸਿੰਘ ਅਤੇ ਡਰੇਨੇਜ ਵਿਭਾਗ ਦੇ ਅਧਿਕਾਰੀ ਮੌਜੂਦ ਸਨ।