ਹੁਸ਼ਿਆਰਪੁਰ, 3 ਸਤੰਬਰ 2025 AJ DI Awaaj
Punjab Desk : ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਦੇ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਆਪਣੇ ਦਫ਼ਤਰ ਵਿਚ ਇਲਾਕੇ ਦੇ ਲੋੜਵੰਦ ਅਤੇ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਰਾਹਤ ਸਮੱਗਰੀ ਵੰਡੀ। ਇਸ ਦੌਰਾਨ ਉਨ੍ਹਾਂ ਪ੍ਰਭਾਵਿਤ ਪਰਿਵਾਰਾਂ ਨੂੰ ਤਰਪਾਲਾਂ ਅਤੇ ਰਾਸ਼ਨ ਦਿੱਤਾ ਅਤੇ ਭਰੋਸਾ ਦਿੱਤਾ ਕਿ ਕਿਸੇ ਵੀ ਲੋੜਵੰਦ ਨੂੰ ਇਕੱਲਾ ਨਹੀਂ ਛੱਡਿਆ ਜਾਵੇਗਾ।
ਵਿਧਾਇਕ ਜਿੰਪਾ ਨੇ ਕਿਹਾ ਕਿ ਹਾਲ ਹੀ ਵਿਚ ਹੋਈ ਭਾਰੀ ਬਾਰਿਸ਼ ਕਾਰਨ ਸੂਬੇ ਦੇ ਕਈ ਹਿੱਸਿਆਂ ਵਿਚ ਹੜ੍ਹ ਵਰਗੀ ਸਥਿਤੀ ਪੈਦਾ ਹੋ ਗਈ ਹੈ। ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਵਿਚ ਵੀ ਕਈ ਪਰਿਵਾਰਾਂ ਦੇ ਘਰਾਂ ਅਤੇ ਰੋਜ਼ਾਨਾ ਵਰਤੋਂ ਦੇ ਸਾਮਾਨ ਦਾ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਅਜਿਹੇ ਔਖੇ ਸਮੇਂ ਵਿਚ ਆਪਸੀ ਸਹਿਯੋਗ ਅਤੇ ਸੰਵੇਦਨਸ਼ੀਲਤਾ ਹੀ ਅਸਲ ਤਾਕਤ ਹੈ।
ਉਨ੍ਹਾਂ ਇਲਾਕੇ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਮਾਜ ਦੇ ਸਮਰੱਥ ਲੋਕਾਂ ਨੂੰ ਅੱਗੇ ਆ ਕੇ ਹਰ ਸੰਭਵ ਤਰੀਕੇ ਨਾਲ ਅਤਿ ਲੋੜਵੰਦ ਪਰਿਵਾਰਾਂ ਦੀ ਮਦਦ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਹ ਇਕ-ਦੂਜੇ ਦਾ ਸਹਿਯੋਗ ਕਰਨ ਦਾ ਸਮਾਂ ਹੈ। ਅਸੀਂ ਸਾਰੇ ਮਿਲ ਕੇ ਇਸ ਸੰਕਟ ਨੂੰ ਦੂਰ ਕਰਾਂਗੇ।
ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਲਗਾਤਾਰ ਦੌਰਾ ਕਰ ਰਹੀ ਹੈ ਅਤੇ ਰਾਹਤ ਕਾਰਜਾਂ ਨੂੰ ਪਹਿਲ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ ਅਤੇ ਹਰ ਪ੍ਰਭਾਵਿਤ ਵਿਅਕਤੀ ਨੂੰ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ।
ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਮਾਜਿਕ ਸੰਗਠਨਾਂ ਦੀ ਸਰਗਰਮ ਭੂਮਿਕਾ ਦੀ ਵੀ ਸ਼ਲਾਘਾ ਕੀਤੀ, ਜੋ ਪ੍ਰਭਾਵਿਤ ਪਰਿਵਾਰਾਂ ਨੂੰ ਰਾਹਤ ਸਮੱਗਰੀ, ਸਿਹਤ ਸੇਵਾਵਾਂ ਅਤੇ ਹੋਰ ਜ਼ਰੂਰੀ ਸਹਾਇਤਾ ਪ੍ਰਦਾਨ ਕਰਨ ਵਿਚ ਦਿਨ-ਰਾਤ ਲੱਗੇ ਹੋਏ ਹਨ।
ਵਿਧਾਇਕ ਜਿੰਪਾ ਨੇ ਭਰੋਸਾ ਦਿੱਤਾ ਕਿ ਹਰੇਕ ਹੜ੍ਹ ਪ੍ਰਭਾਵਿਤ ਪਰਿਵਾਰ ਦੀ ਲੋੜੀਂਦੀ ਮਦਦ ਯਕੀਨੀ ਬਣਾਈ ਜਾਵੇਗੀ ਅਤੇ ਵਿਧਾਨ ਸਭਾ ਹਲਕੇ ਵਿਚ ਪੁਨਰ ਨਿਰਮਾਣ ਅਤੇ ਆਮ ਸਥਿਤੀ ਬਹਾਲ ਕਰਨ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਇਸ ਮੌਕੇ ਅਮਰਜੀਤ ਬਾਜਵਾ ਸਰਪੰਚ, ਰਾਜਨ ਸੈਣੀ, ਮਦਨ ਲਾਲ, ਪ੍ਰਿਤਪਾਲ ਪ੍ਰਧਾਨ ਯੂਥ ਕਲੱਬ, ਪਵਨ ਸ਼ਰਮਾ, ਰਾਜਿੰਦਰ ਪੰਚ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ।
