ਚੰਡੀਗੜ੍ਹ : 28 Oct 2025 AJ DI Awaaj
Chandigarh Desk : ਖਡੂਰ ਸਾਹਿਬ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ ਹਾਈਕੋਰਟ ਵੱਲੋਂ ਅੱਜ ਵੱਡਾ ਝਟਕਾ ਲੱਗਿਆ ਹੈ। ਅਦਾਲਤ ਨੇ ਉਨ੍ਹਾਂ ਦੀ ਚਾਰ ਸਾਲ ਦੀ ਕੈਦ ਦੀ ਸਜ਼ਾ ‘ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ ਹੈ। ਹੁਣ ਮਾਮਲੇ ਦੀ ਅਗਲੀ ਸੁਣਵਾਈ 18 ਨਵੰਬਰ ਨੂੰ ਹੋਵੇਗੀ। ਹਾਈਕੋਰਟ ਨੇ ਹੇਠਲੀ ਅਦਾਲਤ ਨੂੰ ਮਾਮਲੇ ਦਾ ਪੂਰਾ ਰਿਕਾਰਡ ਅਗਲੀ ਪੇਸ਼ੀ ਤੱਕ ਭੇਜਣ ਦੇ ਹੁਕਮ ਦਿੱਤੇ ਹਨ।
ਤਰਨਤਾਰਨ ਦੀ ਇੱਕ ਅਦਾਲਤ ਨੇ MLA ਲਾਲਪੁਰਾ ਨੂੰ ਇੱਕ 2013 ਦੇ ਮਾਮਲੇ ਵਿੱਚ ਚਾਰ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਸੀ। ਇਸਦੇ ਖ਼ਿਲਾਫ਼ ਲਾਲਪੁਰਾ ਨੇ ਹਾਈਕੋਰਟ ਵਿੱਚ ਅਪੀਲ ਕੀਤੀ ਸੀ। ਪਿਛਲੀ ਸੁਣਵਾਈ ਦੌਰਾਨ ਉਨ੍ਹਾਂ ਦੇ ਵਕੀਲ ਨੇ ਦਲੀਲ ਦਿੱਤੀ ਸੀ ਕਿ ਜੇਕਰ ਸਜ਼ਾ ‘ਤੇ ਰੋਕ ਨਹੀਂ ਲਗਾਈ ਗਈ ਤਾਂ ਉਹ ਵਿਧਾਨ ਸਭਾ ਦੀ ਮੈਂਬਰਸ਼ਿਪ ਗੁਆ ਸਕਦੇ ਹਨ।
🔹 ਕੀ ਹੈ ਪੂਰਾ ਮਾਮਲਾ
3 ਮਾਰਚ 2013 ਨੂੰ ਤਰਨਤਾਰਨ ਦੇ ਗੋਇੰਦਵਾਲ ਸਾਹਿਬ ਵਿਖੇ ਇੱਕ ਵਿਆਹ ਸਮਾਰੋਹ ਦੌਰਾਨ ਪੀੜਤਾ ਨਾਲ ਬਦਸਲੂਕੀ ਅਤੇ ਹਮਲੇ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਘਟਨਾ ਵਿੱਚ ਮਨਜਿੰਦਰ ਸਿੰਘ ਲਾਲਪੁਰਾ, ਅੱਠ ਪੁਲਿਸ ਮੁਲਾਜ਼ਮਾਂ ਅਤੇ ਤਿੰਨ ਹੋਰਾਂ ‘ਤੇ ਧਾਰਾ 354, 323, 506, 148, 149 ਅਤੇ SC/ST ਐਕਟ ਤਹਿਤ ਕੇਸ ਦਰਜ ਕੀਤਾ ਗਿਆ ਸੀ।
ਉਸ ਵੇਲੇ ਲਾਲਪੁਰਾ ਟੈਕਸੀ ਡਰਾਈਵਰ ਸਨ। 2022 ਵਿੱਚ ਉਹ ਆਮ ਆਦਮੀ ਪਾਰਟੀ ਵੱਲੋਂ ਖਡੂਰ ਸਾਹਿਬ ਸੀਟ ਤੋਂ ਚੋਣ ਲੜੇ ਅਤੇ ਕਾਂਗਰਸ ਉਮੀਦਵਾਰ ਨੂੰ 55,756 ਵੋਟਾਂ ਦੇ ਫਰਕ ਨਾਲ ਹਰਾਇਆ।
🔹 ਸੁਪਰੀਮ ਕੋਰਟ ਨੇ ਲਿਆ ਸੀ ਨੋਟਿਸ
ਇਸ ਮਾਮਲੇ ਦਾ ਸੁਪਰੀਮ ਕੋਰਟ ਨੇ ਖੁਦ ਨੋਟਿਸ ਲੈ ਕੇ ਪੀੜਤਾ, ਉਸਦੇ ਰਿਸ਼ਤੇਦਾਰ ਜਗਜੀਤ ਸਿੰਘ ਅਤੇ ਪਿੰਡ ਦੇ ਸਰਪੰਚ ਨੂੰ ਅਰਧ-ਸੈਨਿਕ ਸੁਰੱਖਿਆ ਮੁਹੱਈਆ ਕਰਵਾਉਣ ਦੇ ਹੁਕਮ ਦਿੱਤੇ ਸਨ। 19 ਮਾਰਚ 2013 ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਮਾਮਲੇ ਵਿੱਚ ਸ਼ਾਮਲ ਸੱਤ ਪੁਲਿਸ ਅਧਿਕਾਰੀਆਂ ਦੇ ਤੁਰੰਤ ਤਬਾਦਲੇ ਦੇ ਹੁਕਮ ਜਾਰੀ ਕੀਤੇ ਸਨ।
ਹੁਣ ਦੇਖਣਾ ਇਹ ਰਹੇਗਾ ਕਿ 18 ਨਵੰਬਰ ਨੂੰ ਹੋਣ ਵਾਲੀ ਅਗਲੀ ਸੁਣਵਾਈ ਵਿੱਚ MLA ਲਾਲਪੁਰਾ ਨੂੰ ਕੋਈ ਰਾਹਤ ਮਿਲਦੀ ਹੈ ਜਾਂ ਨਹੀਂ।














