ਫ਼ਿਰੋਜ਼ਪੁਰ, 2 ਜੂਨ 2025 AJ Di Awaaj
ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਨੇ ਹਲਕੇ ਦੇ ਫੱਤਾ ਬੋੜਾ, ਗੁਰਦਿੱਤੀ ਵਾਲਾ, ਰੁਕਨੇ ਵਾਲਾ ਪਿੰਡਾਂ ਵਿਚ ਨਸ਼ਾ ਮੁਕਤੀ ਯਾਤਰਾ ਦੌਰਾਨ ਆਯੋਜਿਤ ਨਸ਼ਿਆਂ ਵਿਰੁੱਧ ਜਾਗਰੂਕਤਾ ਪ੍ਰੋਗਰਾਮਾਂ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਸਾਰਿਆਂ ਦੇ ਆਪਸੀ ਸਹਿਯੋਗ ਅਤੇ ਸਾਂਝੇ ਯਤਨਾਂ ਨਾਲ ਹੀ ਨਸ਼ਿਆਂ ਦਾ ਖਾਤਮਾ ਸੰਭਵ ਹੋ ਸਕਦਾ ਹੈ।

ਇਸ ਮੌਕੇ ਉਨ੍ਹਾਂ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਸ਼ੁਰੂ ਕੀਤੀ ਮੁਹਿੰਮ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ ਅਤੇ ਲੋਕਾਂ ਦੇ ਸਹਿਯੋਗ ਨਾਲ ਇਸ ਸਮਾਜਿਕ ਬੁਰਾਈ ਨੂੰ ਖਤਮ ਕਰਨਾ ਕੋਈ ਮੁਸ਼ਕਿਲ ਨਹੀਂ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਉਪਰਾਲਿਆਂ ਵਿੱਚ ਸਾਰਿਆਂ ਨੂੰ ਆਪਣਾ ਬਣਦਾ ਯੋਗਦਾਨ ਪਾਉਣਾ ਚਾਹੀਦਾ ਹੈ ਤਾਂ ਜੋ ਨਸ਼ਾ ਮੁਕਤ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਹੋ ਸਕੇ।
ਇਸ ਮੌਕੇ ਡਾ. ਅਮਨਦੀਪ ਕੌਰ ਗੋਸਲ (ਕੋਆਰਡੀਨੇਟਰ ਨਸ਼ਾ ਮੁਕਤੀ ਮੋਰਚਾ ਹਲਕਾ ਫਿਰੋਜ਼ਪੁਰ ਸ਼ਹਿਰੀ) ਨੇ ਵੀ ਪਿੰਡਾਂ ਦੇ ਵਸਨੀਕਾਂ ਖ਼ਾਸਕਰ ਪੰਚਾਇਤਾਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਉਹ ਨਸ਼ਿਆਂ ਦੇ ਮਾੜੇ ਪ੍ਰਭਾਵ ਬਾਰੇ ਜਾਗਰੂਕਤਾ ਫੈਲਾਉਣ ਵਿਚ ਅਹਿਮ ਭੂਮਿਕਾ ਨਿਭਾਉਣ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਅਤੇ ਸਿਹਤਮੰਦ ਸਰਗਰਮੀਆਂ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ ਜਿਸ ਲਈ ਸਾਰਿਆਂ ਨੂੰ ਹੰਭਲਾ ਮਾਰਨਾ ਚਾਹੀਦਾ ਹੈ।
ਇਸ ਮੌਕੇ ਵਿਧਾਇਕ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਚੱਲ ਰਹੀ ਮੁਹਿੰਮ ਤਹਿਤ ਲੋਕਾਂ ਨੂੰ ਪ੍ਰਣ ਵੀ ਦਿਵਾਇਆ ਗਿਆ।
ਇਸ ਮੌਕੇ ਗੁਰਜੀਤ ਸਿੰਘ ਚੀਮਾ, ਬਲਦੇਵ ਸਿੰਘ ਮੱਲ੍ਹੀ (ਬਲਾਕ ਪ੍ਰਧਾਨ), ਪਿੱਪਲ ਸਿੰਘ ਸਰਪੰਚ (ਬਲਾਕ ਪ੍ਰਧਾਨ), ਗੁਰਪ੍ਰੀਤ ਸਰਪੰਚ (ਫੱਤਾ ਬੋਹੜਾ), ਸੁਰਜੀਤ ਸਿੰਘ ਸਰਪੰਚ (ਗੁਰਦਿੱਤੀ ਵਾਲਾ), ਜਸਬੀਰ ਸਿੰਘ (ਬੱਗੇ ਵਾਲਾ) ਸਮੇਤ ਵੱਡੀ ਗਿਣਤੀ ਵਿੱਚ ਪਿੰਡਾਂ ਦੇ ਲੋਕ ਹਾਜ਼ਰ ਸਨ।
