ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਫ਼ਿਰੋਜ਼ਪੁਰ ਖਰੀਦ ਦੇ ਸਾਰੇ ਪ੍ਰਬੰਧ ਮੁਕੰਮਲ; ਕਿਸਾਨਾਂ, ਮਜ਼ਦੂਰਾਂ, ਆੜ੍ਹਤੀਆਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਦਿੱਕਤ : ਭੁੱਲਰ
ਫ਼ਿਰੋਜ਼ਪੁਰ ਅੱਜ ਦੀ ਆਵਾਜ਼ | 16 ਅਪ੍ਰੈਲ 2025
ਫ਼ਿਰੋਜ਼ਪੁਰ ਸ਼ਹਿਰੀ ਹਲਕੇ ਦੇ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਵੱਲੋਂ ਅੱਜ ਅਨਾਜ ਮੰਡੀ ਖਾਈ ਫੇਮੇ ਕੀ ਵਿਖੇ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ ਗਈ। ਇਸ ਮੌਕੇ ਉਨ੍ਹਾਂ ਨਾਲ ਖ਼ਰੀਦ ਏਜੰਸੀਆਂ ਦੇ ਅਧਿਕਾਰੀ ਵੀ ਹਾਜ਼ਰ ਸਨ।
ਖ਼ਰੀਦ ਸ਼ੁਰੂ ਕਰਾਉਣ ਉਪਰੰਤ ਸ. ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਕਣਕ ਦੀ ਖ਼ਰੀਦ ਲਈ ਮੰਡੀਆਂ ਵਿੱਚ ਸਾਰੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਮੰਡੀਆ ਵਿੱਚ ਕਿਸਾਨਾਂ, ਮਜ਼ਦੂਰਾਂ ਅਤੇ ਆੜ੍ਹਤੀਆਂ ਨੂੰ ਕਿਸੇ ਤਰਾਂ ਦੀ ਕੋਈ ਵੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਕਣਕ ਦਾ ਇੱਕ-ਇੱਕ ਦਾਣਾ ਚੁੱਕਿਆ ਜਾਵੇਗਾ ਅਤੇ ਉਨਾਂ ਨੂੰ ਜਿਆਦਾ ਦੇਰ ਤੱਕ ਮੰਡੀਆਂ ਵਿੱਚ ਨਹੀਂ ਰੁਕਣਾ ਪਵੇਗਾ ਅਤੇ ਨਾਲ ਹੀ ਖਰੀਦੀ ਗਈ ਕਣਕ ਦੀ ਅਦਾਇਗੀ ਵੀ 24 ਘੰਟਿਆਂ ਦੇ ਅੰਦਰ ਅੰਦਰ ਕਿਸਾਨਾਂ ਦੇ ਖਾਤਿਆਂ ਵਿੱਚ ਕੀਤੀ ਜਾਵੇਗੀ।
ਇਸ ਦੌਰਾਨ ਉਨ੍ਹਾਂ ਉੱਥੇ ਮੌਜੂਦ ਕੁਝ ਕਿਸਾਨਾਂ ਅਤੇ ਆੜ੍ਹਤੀਆਂ ਨਾਲ ਗੱਲਬਾਤ ਵੀ ਕੀਤੀ ਅਤੇ ਕਿਹਾ ਕਿ ਜੇਕਰ ਉਨ੍ਹਾਂ ਨੂੰ ਫਸਲ ਵੇਚਣ ਵਿੱਚ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਤੁਰੰਤ ਉਨ੍ਹਾਂ ਦੇ ਧਿਆਨ ਵਿੱਚ ਲਿਆਉਣ ਤਾਂ ਜੋ ਉਨ੍ਹਾਂ ਦੀ ਸਮੱਸਿਆ ਦਾ ਹੱਲ ਜਲਦੀ ਕੀਤਾ ਜਾਵੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਣਕ ਦੀ ਫ਼ਸਲ ਨੂੰ ਪੂਰੀ ਤਰ੍ਹਾਂ ਪੱਕਣ ਉਪਰੰਤ ਹੀ ਮੰਡੀਆਂ ਵਿੱਚ ਲੈ ਕੇ ਆਉਣ ਤਾਂ ਕਿ ਉਨ੍ਹਾਂ ਨੂੰ ਫ਼ਸਲ ਵੇਚਣ ਵਿੱਚ ਕਿਸੇ ਤਰ੍ਹਾਂ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਅਤੇ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਸਪਸ਼ਟ ਹਦਾਇਤਾਂ ਹਨ ਕਿ ਮੰਡੀ ਵਿੱਚ ਆਉਣ ਵਾਲੇ ਕਿਸਾਨਾਂ ਮਜ਼ਦੂਰਾਂ ਅਤੇ ਆੜਤੀਆਂ ਨੂੰ ਕੋਈ ਵੀ ਦਿੱਕਤ ਪੇਸ਼ ਨਾ ਆਉਣ ਦਿੱਤੀ ਜਾਵੇ ਅਤੇ ਜੇਕਰ ਕੋਈ ਸ਼ਿਕਾਇਤ ਆਉਂਦੀ ਹੈ ਤਾਂ ਉਸਦਾ ਤੁਰੰਤ ਨਿਪਟਾਰਾ ਕੀਤਾ ਜਾਵੇ।
ਇਸ ਮੌਕੇ ਨੇਕ ਪ੍ਰਤਾਪ ਸਿੰਘ, ਹਿਮਾਂਸ਼ੂ ਠੱਕਰ, ਗੁਰਜੀਤ ਸਿੰਘ ਚੀਮਾ, ਹਰਮੀਤ ਸਿੰਘ ਖਾਈ, ਨਿਸ਼ਾਨ ਸਿੰਘ ਸਰਪੰਚ, ਗਗਨਦੀਪ ਸਿੰਘ, ਮਨਜੀਤ ਸਿੰਘ ਸਰਪੰਚ, ਸੰਦੀਪ ਸਿੰਘ ਸਰਪੰਚ, ਸੁੱਖਦੇਵ ਸਿੰਘ ਸਰਪੰਚ, ਸੁੱਖਚੈਨ ਸਿੰਘ, ਸੱਜਣ ਸਿੰਘ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।
