ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਫ਼ਤਹਿਗੜ੍ਹ ਸਾਹਿਬ
*ਮੰਡੀਆਂ ਵਿੱਚ ਕਿਸਾਨਾਂ ਨੂੰ ਆਪਣੀ ਫਸਲ ਵੇਚਣ ‘ਚ ਨਹੀਂ ਆਵੇਗੀ ਕੋਈ ਪਰੇਸ਼ਾਨੀ-ਵਿਧਾਇਕ ਰੁਪਿੰਦਰ ਹੈਪੀ*
ਕਿਸਾਨਾਂ ਨੂੰ ਆਪਣੀ ਫਸਲ ਦੀ 24 ਘੰਟੇ ‘ਚ ਹੋਵੇਗੀ ਅਦਾਇਗੀ
ਬਸੀ ਪਠਾਣਾ/ਫ਼ਤਹਿਗੜ੍ਹ ਸਾਹਿਬ ,ਅੱਜ ਦੀ ਆਵਾਜ਼ | 13 ਅਪ੍ਰੈਲ 2025
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਹਮੇਸ਼ਾ ਹੀ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੋਈ ਹੈ ਅਤੇ ਮੰਡੀਆਂ ਵਿੱਚ ਆਪਣੀ ਫਸਲ ਵੇਚਣ ਲਈ ਆਉਣ ਵਾਲੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਅਨਾਜ ਮੰਡੀ ਬਸੀ ਪਠਾਣਾ ਵਿਖੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਮੌਕੇ ਗੱਲਬਾਤ ਕਰਦਿਆਂ ਕੀਤਾ।
ਵਿਧਾਇਕ ਹੈਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਣਕ ਦੀ ਖਰੀਦ ਲਈ ਮੰਡੀਆਂ ਵਿੱਚ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਖਰੀਦ ਏਜੰਸੀਆਂ ਨੂੰ ਲੋੜੀਂਦਾ ਬਾਰਦਾਨਾ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ ਗਏ ਹਨ। ਉਹਨਾਂ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਲਈ ਪੀਣ ਵਾਲਾ ਸਾਫ ਸੁਥਰਾ ਪਾਣੀ, ਛਾਂਦਾਰ ਜਗ੍ਹਾ, ਲਾਈਟਾਂ ਅਤੇ ਆਦਿ ਦੇ ਵੀ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕਿਸਾਨ ਮੰਡੀਆਂ ਵਿੱਚ ਕਿਸੇ ਕਿਸਮ ਦੀ ਪਰੇਸ਼ਾਨੀ ਨਾ ਝੱਲਣ। ਉਹਨਾਂ ਕਿਹਾ ਕਿ ਸਰਕਾਰ ਵੱਲੋਂ ਮੰਡੀਆਂ ਵਿੱਚ ਆਉਣ ਵਾਲੀ ਫਸਲ ਦੀ ਇਸ ਸਮੇਂ ਵਿੱਚ ਬੋਲੀ ਕਰਵਾਉਣ ਨੂੰ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ ਗਏ ਹਨ ਅਤੇ ਕਿਸਾਨਾਂ ਨੂੰ 24 ਘੰਟੇ ਦੇ ਅੰਦਰ ਅਦਾਇਗੀ ਵੀ ਯਕੀਨੀ ਬਣਾਈ ਜਾਵੇਗੀ।
ਵਿਧਾਇਕ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਆਪਣੀ ਫਸਲ ਪੂਰੀ ਤਰ੍ਹਾਂ ਸੁਕਾ ਕੇ ਲੈ ਕੇ ਆਉਣ ਅਤੇ ਰਾਤ ਸਮੇਂ ਕੰਬਾਈਨਾਂ ਨਾਲ ਅਸਲ ਦੀ ਕਟਾਈ ਨਾ ਕਰਵਾਉਣ। ਉਹਨਾਂ ਕਿਹਾ ਕਿ ਰਾਤ ਸਮੇਂ ਫਸਲ ਦੀ ਕਟਾਈ ਕਰਾਉਣ ਨਾਲ ਨਮੀ ਦੀ ਮਾਤਰਾ ਵੱਧ ਜਾਂਦੀ ਹੈ ਜਿਸ ਕਾਰਨ ਕਿਸਾਨਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ।
ਇਸ ਮੌਕੇ ਲੇਬਰ ਵੈਲਫੇਅਰ ਬੋਰਡ ਦੇ ਡਾਇਰੈਕਟਰ ਅਤੇ ਕੌਂਸਲਰ ਰਾਜ ਪੁਰੀ, ਮਾਰਕੀਟ ਕਮੇਟੀ ਬਸੀ ਪਠਾਣਾ ਦੇ ਚੇਅਰਮੈਨ ਮਨਪ੍ਰੀਤ ਸਿੰਘ ਸੋਮਲ, ਪੰਜਾਬ ਮੰਡੀ ਬੋਰਡ ਦੇ ਡਾਇਰੈਕਟਰ ਇੰਦਰਜੀਤ ਸਿੰਘ ਇੰਦਰੀ, ਆਮ ਆਦਮੀ ਪਾਰਟੀ ਦੇ ਖੇਡ ਵਿੰਗ ਦੇ ਜ਼ਿਲ੍ਾ ਪ੍ਰਧਾਨ ਅਮਰਿੰਦਰ ਸਿੰਘ ਮਿੰਟੂ, ਸੋਸ਼ਲ ਮੀਡੀਆ ਇੰਚਾਰਜ ਅੰਮ੍ਰਿਤ ਬਾਜਵਾ, ਬਲਾਕ ਪ੍ਰਧਾਨ ਰਸਪਿੰਦਰ ਸਿੰਘ, ਬਲਾਕ ਪ੍ਰਧਾਨ ਕਸ਼ਮੀਰਾ ਸਿੰਘ, ਸਰਪੰਚ ਗੁਰਸ਼ਰਨ ਸਿੰਘ, ਆੜਤੀ ਐਸੋਸੀਏਸ਼ਨ ਦੇ ਪ੍ਰੈਸ ਸਕੱਤਰ ਰਜੇਸ਼ ਸਿੰਗਲਾ ਤੋਂ ਇਲਾਵਾ ਹੋਰ ਪਤਵੰਤੇ ਮੌਜੂਦ ਸਨ।
