ਵਿਧਾਇਕ ਟੌਂਗ ਨੇ ਬਿਆਸ ਨਾਲ ਲੱਗਦੇ ਹੜ ਪ੍ਰਭਾਵਿਤ ਪਿੰਡਾਂ ਦਾ ਕੀਤਾ ਦੌਰਾ

40

ਅੰਮ੍ਰਿਤਸਰ, 25 ਅਗਸਤ 2025 AJ DI Awaaj

Punjab Desk : ਅੱਜ ਹਲਕਾ ਬਾਬਾ ਬਕਾਲਾ ਦੇ ਵਿਧਾਇਕ ਸ੍ਰ ਦਲਬੀਰ ਸਿੰਘ ਟੌਂਗ ਨੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰੋਹਿਤ ਗੁਪਤਾ, ਐਸ:ਡੀ:ਐਮ ਬਾਬਾ ਬਕਾਲਾ ਸ੍ਰ ਅਮਨਦੀਪ ਸਿੰਘ ਅਤੇ ਹੋਰ ਪ੍ਰਸਾਸ਼ਨਿਕ ਅਧਿਕਾਰੀਆਂ ਸਮੇਤ ਬਿਆਸ ਨਾਲ ਲੱਗਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਦਿਆਂ ਲੋਕਾਂ ਨੂੰ ਅਪੀਲ ਕੀਤੀ ਕਿ ਦਰਿਆ ਨਾਲ ਲੱਗਦੇ ਖੇਤਰਾਂ ਵਿੱਚ ਜਾਣ ਤੋਂ ਗੁਰੇਜ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਲਗਾਤਾਰ ਬਾਰਿਸ਼ ਆਉਣ ਨਾਲ ਦਰਿਆ ਵਿੱਚ ਪਾਣੀ ਦਾ ਪੱਧਰ ਕਾਫੀ ਵੱਧ ਗਿਆ ਹੈ ਅਤੇ ਹੇਠਲੇ ਇਲਾਕਿਆਂ ਦੇ ਖੇਤਾਂ ਵਿੱਚ ਵੀ ਕਾਫੀ ਮਾਤਰਾ ਵਿੱਚ ਪਾਣੀ ਆ ਚੁੱਕਾ ਹੈ।

                ਸ੍ਰ ਟੌਂਗ ਨੇ ਕਿਹਾ ਕਿ ਪ੍ਰਸਾਸ਼ਨ ਪੂਰੀ ਤਰ੍ਹਾਂ ਹਰ ਸਥਿਤੀ ਨੂੰ ਨਿਪਟਣ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਪ੍ਰਸਾਸ਼ਨ ਵੱਲੋਂ ਪਸ਼ੂਆਂ ਦੇ ਲਈ ਹਰੇ ਚਾਰੇ ਦਾ ਪ੍ਰਬੰਧ ਵੀ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਬਿਆਸ ਇਲਾਕੇ ਦੇ 4000-5000 ਏਕੜ ਵਾਹੀਯੋਗ ਜਮੀਨ ਪਾਣੀ ਨਾਲ ਪ੍ਰਭਾਵਿਤ ਹੋਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ ਅਤੇ ਉਨ੍ਹਾਂ ਦੇ ਹਰ ਨੁਕਸਾਨ ਦੀ ਭਰਪਾਈ ਕੀਤੀ ਜਾਵੇਗੀ।

                ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰੋਹਿਤ ਗੁਪਤਾ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਦਿਆਂ ਦੱਸਿਆ ਕਿ ਪ੍ਰਸਾਸ਼ਨ ਪੂਰੀ ਤਰ੍ਹਾਂ ਹਰ ਸਥਿਤੀ ਤੇ ਨਜਰ ਰੱਖ ਰਿਹਾ ਹੈ। ਉਨ੍ਹਾਂ ਕਿਹਾ ਕਿ ਦਰਿਆ ਵਿੱਚ ਪਾਣੀ ਦਾ ਪੱਧਰ ਵਧਣ ਨਾਲ ਲੋਕਾਂ ਦੇ ਖੇਤਾਂ ਵਿੱਚ ਪਾਣੀ ਆ ਚੁੱਕਾ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੁਝ ਦਿਨ ਆਪਣੇ ਪਸ਼ੂਆਂ ਨੂੰ ਢੁਕਵੇਂ ਸਥਾਨ ਤੇ ਲੈ ਜਾਣ ਤਾਂ ਜੋ ਕਿਸੇ ਜਾਨੀ ਮਾਲੀ ਨੁਕਸਾਨ ਤੋਂ ਬਚਿਆ ਜਾ ਸਕੇ।