ਹੁਸ਼ਿਆਰਪੁਰ, 29 ਜਨਵਰੀ 2026 AJ DI Awaaj
Punjab Desk : ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਅਤੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰ ‘ਤੇ ਸਥਾਪਿਤ ਈ.ਵੀ.ਐਮ ਗੋਦਾਮਾਂ ਦਾ ਮਹੀਨਾਵਾਰ ਨਿਰੀਖਣ ਅੱਜ ਜਨਵਰੀ 2026 ਲਈ ਬਿਨਾਂ ਖੋਲ੍ਹੇ ਕੀਤਾ ਗਿਆ। ਸਹਾਇਕ ਕਮਿਸ਼ਨਰ ਪਰਮਪ੍ਰੀਤ ਸਿੰਘ ਇਸ ਮੌਕੇ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ।
ਨਿਰੀਖਣ ਪ੍ਰਕਿਰਿਆ ਦੇ ਹਿੱਸੇ ਵਜੋਂ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਸਾਰੇ ਸੰਬੰਧਿਤ ਰਿਕਾਰਡ, ਲਾਗ ਬੁੱਕ ਅਤੇ ਐਂਟਰੀ ਰਜਿਸਟਰਾਂ ਦੀ ਵੀ ਜਾਂਚ ਕੀਤੀ ਗਈ।
ਸਹਾਇਕ ਕਮਿਸ਼ਨਰ ਪਰਮਪ੍ਰੀਤ ਸਿੰਘ ਨੇ ਕਿਹਾ ਕਿ ਈ.ਵੀ.ਐਮ ਗੋਦਾਮਾਂ ਦਾ ਮਹੀਨਾਵਾਰ ਨਿਰੀਖਣ ਇਕ ਨਿਯੁਮਤ ਅਤੇ ਜ਼ਰੂਰੀ ਪ੍ਰਕਿਰਿਆ ਹੈ। ਇਸ ਦਾ ਉਦੇਸ਼ ਚੋਣ ਪ੍ਰਕਿਰਿਆ ਦੀ ਨਿਰਪੱਖਤਾ, ਸੁਰੱਖਿਆ ਅਤੇ ਪਾਰਦਰਸ਼ਤਾ ਨੂੰ ਬਣਾਈ ਰੱਖਣਾ ਹੈ। ਉਨ੍ਹਾਂ ਨੇ ਸੰਤੁਸ਼ਟੀ ਪ੍ਰਗਟ ਕੀਤੀ ਕਿ ਜ਼ਿਲ੍ਹੇ ਵਿੱਚ ਗੋਦਾਮ ਪ੍ਰਬੰਧ ਉੱਚਤਮ ਮਾਪਦੰਡਾਂ ਦੇ ਅਨੁਸਾਰ ਪਾਏ ਗਏ ਹਨ।
ਇਸ ਮੌਕੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੇ ਕਿਹਾ ਕਿ ਚੋਣ ਕਮਿਸ਼ਨ ਦੀ ਇਹ ਪਹਿਲ ਲੋਕਤੰਤਰੀ ਪ੍ਰਕਿਰਿਆ ਵਿੱਚ ਜਨਤਾ ਦੇ ਵਿਸ਼ਵਾਸ ਨੂੰ ਮਜ਼ਬੂਤ ਕਰਦੀ ਹੈ ਅਤੇ ਮਸ਼ੀਨਾਂ ਦੀ ਨਿਰਪੱਖਤਾ ਬਾਰੇ ਗਲਤ ਧਾਰਨਾਵਾਂ ਨੂੰ ਦੂਰ ਕਰਨ ਵਿੱਚ ਮਦਦ ਕਰਦੀ ਹੈ।
ਇਸ ਮੌਕੇ ਇੰਡੀਅਨ ਨੈਸ਼ਨਲ ਕਾਂਗਰਸ ਤੋਂ ਰਜਨੀਸ਼ ਟੰਡਨ, ਭਾਜਪਾ ਤੋਂ ਭੂਸ਼ਨ ਕੁਮਾਰ ਸ਼ਰਮਾ, ਆਮ ਆਦਮੀ ਪਾਰਟੀ ਤੋਂ ਜੈ ਰਾਮ, ਸ਼੍ਰੋਮਣੀ ਅਕਾਲੀ ਦਲ ਤੋਂ ਜਗਤਾਰ ਸਿੰਘ ਤੋਂ ਇਲਾਵਾ ਸਹਾਇਕ ਨੋਡਲ ਅਫਸਰ ਈ.ਵੀ.ਐਮਜ਼ ਜਸਪਾਲ ਸਿੰਘ ਅਤੇ ਰੁਪਿੰਦਰਪਾਲ ਸਿੰਘ, ਤਹਿਸੀਲਦਾਰ ਚੋਣਾਂ ਹਰਮਿੰਦਰ ਸਿੰਘ, ਚੋਣ ਕਾਨੂੰਗੋ ਦੀਪਕ ਕੁਮਾਰ ਅਤੇ ਲਖਵੀਰ ਸਿੰਘ ਆਦਿ ਹਾਜ਼ਰ ਸਨ।














