ਤਰਨ ਤਾਰਨ, 3 ਸਤੰਬਰ 2026 AJ DI Awaaj
Punjab Desk : ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਕਾਰਜਕਾਰੀ ਚੇਅਰਮੈਨ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਨਗਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਤਰਨ ਤਾਰਨ ਵਿਚ ਕੌਮੀ ਲੋਕ ਅਦਾਲਤ 12 ਸਤੰਬਰ, 2026 ਨੂੰ ਲਗਾਈ ਜਾਵੇਗੀ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਕੰਵਲਜੀਤ ਸਿੰਘ ਬਾਜਵਾ ਨੇ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਵਿਚ 138 ਐੱਨ.ਆਈ.ਐਕਟ, ਬੈਂਕ ਰਿਕਵਰੀ ਕੇਸ, ਲੇਬਰ ਕੇਸ, ਬਿਜਲੀ, ਪਾਣੀ ਅਤੇ ਕਮੇਟੀ ਘਰ ਦੇ ਹੋਰ ਕੇਸ ਜਿਵੇਂ ਕਿ ਸੀਵਰੇਜ, ਵਾਟਰ ਸਪਲਾਈ, ਹਾਊਸ ਟੈਕਸ, ਸਾਇਟ ਪਲੈਨ ਆਦਿ, ਸਾਰੇ ਤਰ੍ਹਾਂ ਦੇ ਸਿਵਲ ਕੇਸ, ਛੋਟੇ ਘੱਟ ਸਜ਼ਾ ਵਾਲੇ ਅਪਰਾਧ, ਵਿਆਹੁਤਾ ਝਗੜੇ, ਐਮ.ਏ.ਸੀ.ਟੀ (ਮੋਟਰ ਐਕਸੀਡੈਂਟ) ਦੇ ਕੇਸ, ਇੰਸ਼ੋਰੈਂਸ ਕਲੇਮ ਆਦਿ ਦੇ ਕੇਸਾਂ ਦਾ ਨਿਪਟਾਰਾ ਆਪਸੀ ਰਜ਼ਾਮੰਦੀ ਨਾਲ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਕੌਮੀ ਲੋਕ ਅਦਾਲਤ ਰਾਹੀਂ ਹੱਲ ਕੀਤੇ ਜਾਂਦੇ ਮੁਕੱਦਮਿਆਂ ਦੀ ਅੱਗੇ ਕਿਸੇ ਵੀ ਅਦਾਲਤ ਵਿਚ ਅਪੀਲ ਨਹੀਂ ਕੀਤੀ ਜਾ ਸਕਦੀ ਅਤੇ ਲੋਕ ਅਦਾਲਤ ਰਾਹੀਂ ਹੱਲ ਕੀਤੇ ਗਏ ਮਾਮਲੇ ਦਾ ਫ਼ੈਸਲਾ ਅੰਤਿਮ ਹੁੰਦਾ ਹੈ।
ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਕਿਹਾ ਕਿ ਕੌਮੀ ਲੋਕ ਅਦਾਲਤ ਰਾਹੀਂ ਆਪਣੇ ਮੁਕੱਦਮੇ ਹੱਲ ਕਰਵਾਉਣ ਲਈ ਜਿਥੇ ਲੋਕਾਂ ਦੇ ਪੈਸੇ ਦੀ ਬੱਚਤ ਹੁੰਦੀ ਹੈ ਉਥੇ ਦੋਹਾਂ ਧਿਰਾਂ ਵਿਚ ਪਿਆਰ ਵੀ ਬਣਿਆ ਰਹਿੰਦਾ ਹੈ ਅਤੇ ਕੋਈ ਵੀ ਧਿਰ ਆਪਣੇ ਆਪ ਨੂੰ ਜਿੱਤੀ ਜਾਂ ਹਾਰੀ ਮਹਿਸੂਸ ਨਹੀਂ ਕਰਦੀ। ਉਨ੍ਹਾਂ ਦੱਸਿਆ ਕਿ ਜੇਕਰ ਲੋਕ ਅਦਾਲਤ ਵਿਚ ਕੇਸ ਦਾ ਫ਼ੈਸਲਾ ਹੋ ਜਾਂਦਾ ਹੈ ਤਾਂ ਇਸ ਕੇਸ ਵਿਚ ਲੱਗੀ ਕੋਰਟ ਫ਼ੀਸ ਵੀ ਵਾਪਸ ਹੋ ਜਾਂਦੀ ਹੈ।
ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਆਪਣੇ ਝਗੜੇ ਦਾ ਨਿਪਟਾਰਾ ਆਪਸੀ ਰਜ਼ਾਮੰਦੀ ਨਾਲ ਇਸ ਕੌਮੀ ਲੋਕ ਅਦਾਲਤ ਜ਼ਰੀਏ ਹੱਲ ਕਰਨਾ ਚਾਹੁੰਦਾ ਹੈ ਤਾਂ ਉਹ ਆਪਣੀ ਅਰਜ਼ੀ ਆਪਣੇ ਸਬੰਧਤ ਕੋਰਟ ਵਿਚ ਜਾਂ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਦੇ ਦਫ਼ਤਰ ਵਿਖੇ ਦੇ ਸਕਦਾ ਹੈ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਕੇਸਾਂ ਦਾ ਇਸ ਕੌਮੀ ਲੋਕ ਅਦਾਲਤ ਵਿਚ ਫ਼ੈਸਲਾ ਕਰਵਾ ਕੇ ਵੱਧ ਤੋਂ ਵੱਧ ਲਾਭ ਉਠਾਉਣ।



















