ਗੁਰਦਾਸਪੁਰ: 27 Aug 2025 AJ DI Awaaj
Punjab Desk : ਪੰਜਾਬ ਵਿਚ ਹੋ ਰਹੇ ਭਾਰੀ ਮੀਂਹ ਕਾਰਨ ਰਾਵੀ ਤੇ ਬਿਆਸ ਦਰਿਆਵਾਂ ਦੇ ਪਾਣੀ ਪੱਧਰ ਵਿਚ ਤੇਜ਼ੀ ਨਾਲ ਵਾਧਾ ਹੋਇਆ ਹੈ, ਜਿਸ ਨੇ ਸਰਹੱਦੀ ਇਲਾਕਿਆਂ ਵਿੱਚ ਹੜ੍ਹ ਵਰਗੇ ਹਾਲਾਤ ਪੈਦਾ ਕਰ ਦਿੱਤੇ ਹਨ। ਤਰਨ ਤਾਰਨ, ਪਠਾਨਕੋਟ, ਗੁਰਦਾਸਪੁਰ, ਫ਼ਾਜ਼ਿਲਕਾ ਅਤੇ ਫ਼ਿਰੋਜ਼ਪੁਰ ਸਮੇਤ ਕਰੀਬ 250 ਪਿੰਡ ਪਾਣੀ ਵਿਚ ਡੁੱਬ ਚੁੱਕੇ ਹਨ।
ਇਸ ਹੜ੍ਹ ਸਥਿਤੀ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਪੰਜਾਬ ਸਰਕਾਰ ਨੇ ਗੁਰਦਾਸਪੁਰ, ਪਠਾਨਕੋਟ, ਅੰਮ੍ਰਿਤਸਰ, ਤਰਨ ਤਾਰਨ, ਕਪੂਰਥਲਾ, ਫ਼ਿਰੋਜ਼ਪੁਰ ਤੇ ਫ਼ਾਜ਼ਿਲਕਾ ਜ਼ਿਲ੍ਹਿਆਂ ਨੂੰ ਹਾਈ ਅਲਰਟ ‘ਤੇ ਰੱਖ ਦਿੱਤਾ ਹੈ।
ਗੁਰਦਾਸਪੁਰ ਦੇ ਨਵੋਦਿਆ ਸਕੂਲ ਵਿੱਚ ਪਾਣੀ ਦਾਖਲ ਹੋ ਜਾਣ ਕਰਕੇ ਲਗਭਗ 400 ਵਿਦਿਆਰਥੀ ਅਤੇ ਅਧਿਆਪਕ ਫਸ ਗਏ ਹਨ। ਪ੍ਰਸ਼ਾਸਨ ਵੱਲੋਂ ਬਚਾਅ ਕਾਰਜ ਜਾਰੀ ਹੈ ਅਤੇ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਲਿਜਾਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਪੰਜਾਬ ਸਰਕਾਰ ਨੇ ਭਾਰੀ ਮੀਂਹ ਦੀ ਚਿਤਾਵਨੀ ਨੂੰ ਮੱਦੇਨਜ਼ਰ ਰੱਖਦਿਆਂ ਸੂਬੇ ਦੇ ਸਾਰੇ ਸਰਕਾਰੀ ਅਤੇ ਨਿੱਜੀ ਸਕੂਲਾਂ ਵਿੱਚ 27 ਤੋਂ 30 ਅਗਸਤ ਤੱਕ ਛੁੱਟੀਆਂ ਦਾ ਐਲਾਨ ਕੀਤਾ ਹੈ।
ਦੂਜੇ ਪਾਸੇ, ਪਠਾਨਕੋਟ ਅਤੇ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿਚ ਫਸੇ ਲੋਕਾਂ ਨੂੰ ਬਚਾਉਣ ਲਈ ਭਾਰਤੀ ਹਵਾਈ ਫੌਜ ਦੀ ਮਦਦ ਲੈਣ ਦਾ ਫ਼ੈਸਲਾ ਲਿਆ ਗਿਆ। ਧਰੁਵ ਹੈਲੀਕਾਪਟਰ ਰਾਹੀਂ ਦਰਜਨਾਂ ਲੋਕਾਂ ਨੂੰ ਏਅਰਲਿਫਟ ਕਰਕੇ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਗਿਆ ਹੈ। ਐਨਡੀਆਰਐਫ, ਐਸਡੀਐਫ ਅਤੇ ਫੌਜ ਦੀਆਂ ਟੀਮਾਂ ਰਾਹਤ ਤੇ ਬਚਾਅ ਕਾਰਜ ਵਿਚ ਲਗਾਤਾਰ ਜੁੱਟੀਆਂ ਹੋਈਆਂ ਹਨ। ਹੁਣ ਤੱਕ ਵੱਖ-ਵੱਖ ਥਾਵਾਂ ਤੋਂ 92 ਲੋਕਾਂ ਨੂੰ ਬਚਾਇਆ ਜਾ ਚੁੱਕਾ ਹੈ।
