ਪਲੇਅ ਵੇਅ ਸਕੂਲਾਂ ਲਈ ਰਜਿਸਟ੍ਰੇਸ਼ਨ ਕਰਨ ਲਈ ਨਵੀਆਂ ਹਦਾਇਤਾਂ

27
ਬਰਨਾਲਾ, 30 ਮਈ 2026 AJ DI Awaaj
Punjab Desk :  ਅਰਲੀ ਚਾਇਲਡ ਹੁੱਡ ਕੇਅਰ ਐਂਡ ਐਜੂਕੇਸ਼ਨ ਸਕੀਮ ਅਧੀਨ ਪ੍ਰਾਈਵੇਟ ਪਲੇਅ-ਵੇ-ਸਕੂਲਾਂ ਦੀ ਨਵੀਂ ਰਜਿਸਟਰੇਸ਼ਨ ਕਰਵਾਉਣ ਸਬੰਧੀ ਪੰਜਾਬ ਸਰਕਾਰ ਵਲੋਂ ਪਲੇਅ ਵੇਅ ਸਕੂਲਾਂ ਲਈ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ, ਜਿਸ ਤਹਿਤ ਪੰਜਾਬ ਵਿਚ ਚੱਲ ਰਹੇ ਸਾਰੇ ਪ੍ਰਾਈਵੇਟ ਪਲੇਅ-ਵੇ ਸਕੂਲ ਹੁਣ ਤੋਂ ਸਮਾਜਿਕ ਸੁਰੱਖਿਆ ਅਤੇ ਇਸਤਰੀ ਅਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਰਜਿਸਟਰਡ ਕੀਤੇ ਜਾਣਗੇ। ਜਿਸ ਤੋਂ ਬਾਅਦ ਸਰਕਾਰ ਕੋਲ ਬੱਚਿਆਂ ਦੇ ਸਾਰੇ ਵੇਰਵੇ ਉਪਲਬਧ ਹੋਣਗੇ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸ੍ਰੀਮਤੀ ਰਤਿੰਦਰਪਾਲ ਕੌਰ ਧਾਰੀਵਾਲ, ਜ਼ਿਲ੍ਹਾ ਪ੍ਰੋਗਰਾਮ ਅਫਸਰ ਬਰਨਾਲਾ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਨਿੱਜੀ ਪਲੇਅ-ਵੇ ਸਕੂਲਾਂ ਵਿਚ ਬਚਪਨ ਦੇ ਸ਼ੁਰੂਆਤੀ ਵਿਕਾਸ ਲਈ ਬੱਚਿਆਂ ਨੂੰ ਖੇਡਾਂ ਦੇ ਜਰੀਏ ਪੜ੍ਹਾਇਆ ਜਾਵੇਗਾ, ਜਿਸ ਨਾਲ ਬੱਚਿਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਵਿੱਚ ਨਿਖਾਰ ਆਵੇਗਾ। ਉਨ੍ਹਾਂ ਦੱਸਿਆ ਕਿ ਨਵੇਂ ਦਿਸ਼ਾ ਨਿਰਦੇਸ਼ਾਂ ਤਹਿਤ ਇਨ੍ਹਾਂ ਪਲੇਅ ਵੇਅ ਸਕੂਲਾਂ ਦੀ ਨਵੀਂ ਰਜਿਸਟਰੇਸ਼ਨ ਅਤੇ ਪੁਰਾਣੀ ਰਜਿਸਟਰੇਸ਼ਨ ਰਿਨਿਊ ਕਰਵਾਉਣਾ ਲਾਜ਼ਮੀ ਕਰਾਰ ਦਿੱਤਾ ਗਿਆ ਹੈ, ਜਿਸ ਸਬੰਧੀ ਵਿਸਥਾਰ ਵਿੱਚ ਨਿਯਮ ਅਤੇ ਹਦਾਇਤਾਂ ਲਾਗੂ ਹੋਣਗੀਆਂ।
ਉਨ੍ਹਾਂ ਹੋਰ ਦੱਸਿਆ ਕਿ ਨਵੇਂ ਦਿਸ਼ਾ ਨਿਰਦੇਸ਼ਾਂ ਤਹਿਤ ਸਕੂਲਾਂ ਵਿੱਚ ਦਾਖ਼ਲੇ ਲਈ ਬੱਚਿਆਂ ਦਾ ਕੋਈ ਸਕ੍ਰੀਨਿੰਗ ਟੈਸਟ ਜਾਂ ਮਾਤਾ-ਪਿਤਾ ਦੀ ਇੰਟਰਵਿਊ ਨਹੀਂ ਹੋਵੇਗੀ। । ਉਨ੍ਹਾਂ ਨੇ ਇਹ ਵੀ ਦੱਸਿਆ ਕਿ ਬੱਚਿਆਂ ਨੂੰ ਕਿਸੇ ਵੀ ਤਰ੍ਹਾਂ ਡਰਾਉਣ ਜਾਂ ਧਮਕਾਉਣ ’ਤੇ ਪਾਬੰਦੀ ਹੋਵੇਗੀ। ਬੱਚਿਆਂ ’ਤੇ ਪੜ੍ਹਾਈ ਦਾ ਕੋਈ ਵਾਧੂ ਬੋਝ ਨਹੀਂ ਪਾਇਆ ਜਾਵੇਗਾ। ਪਲੇਅ ਵੇਅ ਸਕੂਲਾਂ ਵਿੱਚ ਲਾਇਬ੍ਰੇਰੀ ਦਾ ਪ੍ਰਬੰਧ,  ਬੱਚਿਆਂ ਦੀ ਸਿਹਤ  ਦਾ ਰਿਕਾਰਡ ਰੱਖਣਾ ਵੀ ਲਾਜ਼ਮੀ ਕੀਤਾ ਗਿਆ ਹੈ। ਬੱਚਿਆਂ ਦੀ ਸੁਰੱਖਿਆ ਲਈ ਫਾਇਰ ਸੇਫਟੀ ਅਤੇ ਸਿਹਤ ਸਹੂਲਤਾਂ ਦੀ ਸਮੇਂ-ਸਮੇਂ ’ਤੇ ਜਾਂਚ ਕੀਤੀ ਜਾਵੇਗੀ। ਸਕੂਲਾਂ ਵਿੱਚ ਫੀਸਾਂ ਸਬੰਧੀ ਵੀ ਦਿਸ਼ਾ ਨਿਰਦੇਸ਼ ਲਾਗੂ ਹੋਣਗੇ।
ਉਨ੍ਹਾਂ ਦੱਸਿਆ ਕਿ ਪਲੇਅ ਸਕੂਲ ਦੀ ਇਮਾਰਤ ਦਾ ਹਵਾਦਾਰ ਹੋਣਾ, ਸਕੂਲ ਦੀ ਚਾਰ-ਦੀਵਾਰੀ, ਸਾਫ ਸੁਥਰਾ ਪੀਣ ਯੋਗ ਪਾਣੀ ਹੋਵੇ ਤੇ ਇਸ ਦੇ ਨਾਲ ਇੱਕ ਕੇਅਰਟੇਕਰ ਵੀ ਹੋਵੇਗਾ ।। ਸਕੂਲ ਅੰਦਰਲੀ ਬਣਤਰ, ਰੈਸਟ ਰੂਮ ਦੀ ਵਿਵਸਥਾ, ਲੜਕਿਆਂ ਅਤੇ ਲੜਕੀਆਂ ਲਈ ਵੱਖਰੇ ਪਖਾਨੇ ਅਤੇ ਸਾਰੇ ਸਕੂਲਾਂ ਵਿੱਚ ਸੀਸੀਟੀਵੀ ਕੈਮਰੇ ਵੀ ਲਾਜ਼ਮੀ ਕੀਤੇ ਗਏ ਹਨ।
ਉਨ੍ਹਾਂ ਹੋਰ ਦੱਸਿਆ ਕਿ ਹੁਣ ਪਲੇਅ ਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਆਨਲਾਈਨ ਸ਼ੁਰੂ ਕਰ ਦਿੱਤੀ ਗਈ ਹੈ  ਅਤੇ ਜ਼ਿਲ੍ਹਾ ਬਰਨਾਲਾ ਵਿੱਚ ਚੱਲ ਰਹੇ ਅਤੇ ਚਾਹਵਾਨ ਪਲੇਅ ਵੇਅ ਸਕੂਲਾਂ ਦੇ ਮਾਲਕਾਂ/ਟਰੱਸਟਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਜਲਦ ਤੋਂ ਜਲਦ ਨਵੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਆਪਣੀ ਰਜਿਸਟ੍ਰੇਸ਼ਨ ਕਰਵਾਉਣ। ਉਨ੍ਹਾਂ ਕਿਹਾ ਕਿ ਹਦਾਇਤਾਂ ਦੀ ਪਾਲਣਾ ਨਾ ਕਰਨ ਅਤੇ ਰਜਿਸਟ੍ਰੇਸ਼ਨ ਨਾ ਕਰਵਾਉਣ ਦੀ ਸੂਰਤ ਵਿੱਚ ਸਬੰਧਤ ਸਕੂਲਾਂ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਉਹਨਾਂ ਪਲੇਅ ਵੇਅ ਸਕੂਲਾਂ ਵਿੱਚ ਦਾਖਲ ਕਰਵਾਉਣ ਨੂੰ ਤਰਜੀਹ ਦੇਣ ਜੋ ਪਹਿਲਾਂ ਹੀ ਵਿਭਾਗ ਨਾਲ ਰਜਿਸਟਰਡ ਹਨ।