Mohali 18 Feb 2026 AJ DI Awaaj
Punjab Desk : ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਬਾਰੇ ਨਵਾਂ ਅਪਡੇਟ ਸਾਹਮਣੇ ਆਇਆ ਹੈ। ਉਨ੍ਹਾਂ ਨੂੰ ਰੁਟੀਨ ਮੈਡੀਕਲ ਚੈਕਅਪ ਲਈ ਫੋਰਟਿਸ ਹਸਪਤਾਲ ਮੋਹਾਲੀ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਸਾਰੇ ਜ਼ਰੂਰੀ ਟੈਸਟ ਕੀਤੇ। ਰਿਪੋਰਟਾਂ ਨਾਰਮਲ ਆਈਆਂ ਹਨ, ਪਰ ਲਗਾਤਾਰ ਕੰਮ ਦੇ ਬੋਝ ਕਾਰਨ ਹੋ ਰਹੀ ਥਕਾਵਟ ਨੂੰ ਦੇਖਦਿਆਂ ਡਾਕਟਰਾਂ ਨੇ ਉਨ੍ਹਾਂ ਨੂੰ ਆਰਾਮ ਕਰਨ ਦੀ ਸਲਾਹ ਦਿੱਤੀ ਹੈ।
ਬੀਤੇ ਦਿਨ ਉਹ ਕੁਝ ਸਮੇਂ ਲਈ ਹਸਪਤਾਲ ਤੋਂ ਨਿਕਲ ਕੇ ਮੋਗਾ ਨੇੜੇ ਪਿੰਡ ਕਿੱਲੀ ਚਹਿਲਾਂ ਵਿੱਚ ਹੋਈ ਆਮ ਆਦਮੀ ਪਾਰਟੀ ਦੀ ਵਿਸ਼ਾਲ ਰੈਲੀ ਵਿੱਚ ਸ਼ਾਮਲ ਹੋਏ ਸਨ। ਰੈਲੀ ਤੋਂ ਬਾਅਦ ਉਹ ਮੁੜ ਹਸਪਤਾਲ ਵਿੱਚ ਦਾਖਲ ਹੋ ਗਏ। ਹਾਲਾਂਕਿ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ ਅਤੇ ਡਾਕਟਰਾਂ ਦੀ ਟੀਮ ਉਨ੍ਹਾਂ ਦੀ ਨਿਗਰਾਨੀ ਕਰ ਰਹੀ ਹੈ।
ਜ਼ਿਕਰਯੋਗ ਹੈ ਕਿ ਮਹਾਂਸ਼ਿਵਰਾਤਰੀ ਮੌਕੇ ਉਹ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਧਾਰਮਿਕ ਸਮਾਗਮ ਵਿੱਚ ਵੀ ਸ਼ਾਮਲ ਹੋਏ ਸਨ। ਸਿਹਤ ਸੰਬੰਧੀ ਕਿਆਸਾਂ ਦੇ ਦਰਮਿਆਨ ਮੁੱਖ ਮੰਤਰੀ ਨੇ ਖੁਦ ਸੋਸ਼ਲ ਮੀਡੀਆ ਰਾਹੀਂ ਜਾਣਕਾਰੀ ਸਾਂਝੀ ਕਰਕੇ ਰੈਲੀ ਵਿੱਚ ਸ਼ਿਰਕਤ ਕਰਨ ਦੀ ਪੁਸ਼ਟੀ ਕੀਤੀ ਸੀ।














