ਸੰਗਰੂਰ, 18 ਮਾਰਚ 2026 AJ DI Awaaj
Punjab Desk : ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਅਸ਼ੋਕ ਕੁਮਾਰ ਲੱਖਾ ਅਤੇ ਉਪ ਚੇਅਰਮੈਨ ਸ਼੍ਰੀ ਕੀਮਤੀ ਭਗਤ ਨੇ ਕਿਹਾ ਕਿ ਪੰਜਾਬ ਗਊ ਸੇਵਾ ਕਮਿਸ਼ਨ ਗਊਧਨ ਦੀ ਸੰਭਾਲ ਯਕੀਨੀ ਬਣਾਉਣ ਲਈ ਵਚਨਬੱਧ ਹੈ। ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਗਊਸ਼ਾਲਾਵਾਂ ਦੇ ਪ੍ਰਬੰਧਕਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਉਹਨਾਂ ਕਿਹਾ ਕਿ ਬੇਸਹਾਰਾ ਗਊਧਨ ਦੀ ਸੁਚੱਜੀ ਸੇਵਾ ਸੰਭਾਲ ਨੂੰ ਯਕੀਨੀ ਬਣਾਉਣ ਲਈ ਬਿਹਤਰ ਤਾਲਮੇਲ ਲਈ ਹੀ ਕਮਿਸ਼ਨ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਨਾਲ ਮੀਟਿੰਗ ਕੀਤੀ ਜਾ ਰਹੀ ਹੈ।
ਚੇਅਰਮੈਨ ਸ਼੍ਰੀ ਅਸ਼ੋਕ ਕੁਮਾਰ ਲੱਖਾ ਅਤੇ ਉਪ ਚੇਅਰਮੈਨ ਸ਼੍ਰੀ ਕੀਮਤੀ ਭਗਤ ਨੇ ਦਸਿਆ ਕਿ ਉਹਨਾਂ ਵਲੋਂ ਸਰਕਾਰੀ ਕੈਟਲ ਪੌਂਡ ਗਊਸ਼ਾਲਾ ਪਿੰਡ ਝਨੇੜੀ ਦਾ ਦੁਆਰਾ ਕੀਤਾ ਗਿਆ ਅਤੇ ਉੱਥੇ ਗਊਧਨ ਦੇ ਦਾਖਲੇ ਸਬੰਧੀ ਦਰਪੇਸ਼ ਦਿੱਕਤਾਂ ਨੂੰ ਦੂਰ ਕਰਨ ਹਿਤ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ। ਹੁਣ ਉਥੇ ਗਊਧਨ ਦੇ ਦਾਖਲੇ ਸਬੰਧੀ ਕੋਈ ਦਿੱਕਤ ਨਹੀਂ ਆਵੇਗੀ। ਇਸ ਦੇ ਨਾਲ ਨਾਲ ਨਗਰ ਕੌਂਸਲਾਂ ਦੇ ਕਾਰਜ ਸਾਧਕ ਅਫਸਰਾਂ ਨੂੰ ਸ਼ਹਿਰਾਂ ਵਿਚੋਂ ਗਊਧਨ ਨੂੰ ਸਰਕਾਰੀ ਕੈਟਲ ਪੌਂਡ ਗਊਸ਼ਾਲਾ ਪਿੰਡ ਝਨੇੜੀ ਪੁੱਜਦਾ ਕਰਨ ਬਾਬਤ ਨਿਰਦੇਸ਼ ਦਿੱਤੇ ਗਏ। ਉਹਨਾਂ ਕਿਹਾ ਕਿ ਇਸ ਸਬੰਧੀ ਕਿਸੇ ਕਿਸਮ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਉਹਨਾਂ ਨੇ ਪੰਜਾਬ ਸਰਕਾਰ ਵੱਲੋਂ ਬੇਸਹਾਰਾ ਗਊਧਨ ਦੀ ਸਮੱਸਿਆ ਨੂੰ ਹੱਲ ਕਰਨ ਦੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਬੇਸਹਾਰਾ ਗਊ ਧਨ ਨੂੰ ਢੁੱਕਵਾਂ ਆਸਰਾ ਤੇ ਸਾਂਭ-ਸੰਭਾਲ ਮਿਲੇ ਅਤੇ ਕੀਮਤੀ ਮਨੁੱਖੀ ਜਾਨਾਂ ਦਾ ਨੁਕਸਾਨ ਨਾ ਹੋਵੇ, ਇਹ ਯਕੀਨੀ ਬਣਾਉਣ ਲਈ ਗਊ ਸੇਵਾ ਕਮਿਸ਼ਨ ਵੱਲੋਂ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ।
ਉਹਨਾਂ ਕਿਹਾ ਕਿ ਗਊ ਸੈੱਸ ਵਜੋਂ ਇਕੱਠੀ ਹੋਈ ਰਕਮ ਦੀ ਵਰਤੋਂ ਗਊਸ਼ਾਲਾਵਾਂ ਦੇ ਪ੍ਰਭਾਵਸ਼ਾਲੀ ਕੰਮਕਾਜ ਨੂੰ ਯਕੀਨੀ ਬਣਾਉਣ ਲਈ ਕੀਤੀ ਜਾਣੀ ਚਾਹੀਦੀ ਹੈ। ਅਧਿਕਾਰੀਆਂ ਨੂੰ ਗਊਸ਼ਾਲਾਵਾਂ ਵਿੱਚ ਹਰੇਕ ਪਸ਼ੂ ਦਾ ਟੀਕਾਕਰਨ ਯਕੀਨੀ ਬਣਾਉਣ ਲਈ ਵੀ ਕਿਹਾ ਗਿਆ।
ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਉਨ੍ਹਾਂ ਡੇਅਰੀ ਫਾਰਮਾਂ ਵਿਰੁੱਧ ਢੁਕਵੀਂ ਕਾਨੂੰਨੀ ਕਾਰਵਾਈ ਕਰਨ, ਜੋ ਸੜਕਾਂ ‘ਤੇ ਪਸ਼ੂ ਛੱਡਦੇ ਹਨ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਅਤੇ ਆਮ ਜਨਤਾ ਨੂੰ ਗਊ ਸੇਵਾ ਕਮਿਸ਼ਨ ਅਤੇ ਪੰਜਾਬ ਸਰਕਾਰ ਵੱਲੋਂ ਪਸ਼ੂਆਂ ਦੀ ਦੇਖਭਾਲ ਲਈ ਕੀਤੇ ਜਾ ਰਹੇ ਯਤਨਾਂ ਵਿੱਚ ਸਹਿਯੋਗ ਕਰਨ ਦੀ ਅਪੀਲ ਕੀਤੀ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀ ਅੰਕੁਰ ਮਹਿੰਦਰੂ, ਐੱਸ.ਡੀ.ਐਮ. ਭਵਾਨੀਗੜ੍ਹ ਮਨਜੀਤ ਕੌਰ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਸੁਖਵਿੰਦਰ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਗਊਸ਼ਾਲਾਵਾਂ ਦੇ ਪ੍ਰਬੰਧਕ ਮੌਜੂਦ ਸਨ














