ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਗੁਰਦਾਸਪੁਰ

48

. ਸਾਲ 2024 ਦੌਰਾਨ ਸੂਬੇ ਭਰ ਵਿੱਚ 2.58 ਕਰੋੜ ਤੋਂ ਵੱਧ ਲੋਕਾਂ ਨੇ 881 ਆਮ ਆਦਮੀ ਕਲੀਨਿਕਾਂ ਵਿੱਚ ਕਰਵਾਇਆ         ਇਲਾਜ : ਚੇਅਰਮੈਨ ਰਮਨ ਬਹਿਲ
. ਆਮ ਆਦਮੀ ਕਲੀਨਿਕਾਂ ਵਿਖੇ ਮਰੀਜ਼ਾਂ ਲਈ 80 ਕਿਸਮਾਂ ਦੀਆਂ ਦਵਾਈਆਂ ਅਤੇ 38 ਕਿਸਮਾਂ ਦੇ ਡਾਇਗਨੌਸਟਿਕ ਟੈੱਸਟ     ਮੁਫ਼ਤ ਉਪਲਬਧ – ਰਮਨ ਬਹਿਲ

ਗੁਰਦਾਸਪੁਰ, 2 ਜਨਵਰੀ  Aj di Awaaj

ਪੰਜਾਬ ਦੇ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਮਕਸਦ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬ ਵਿੱਚ ਪਹਿਲੇ, ਦੂਜੇ ਅਤੇ ਤੀਜੇ ਦਰਜੇ ਦੀਆਂ ਸਿਹਤ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਵੱਖ-ਵੱਖ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ।

ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਬੀਤੇ ਸਾਲ ਸਿਹਤ ਵਿਭਾਗ ਵੱਲੋਂ ਕੀਤੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਦੱਸਿਆ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਪ੍ਰਾਇਮਰੀ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਅਤੇ ਇਸਦੇ ਕਾਇਆ ਕਲਪ ਕਰਨ ਲਈ ਸ਼ੁਰੂ ਕੀਤੇ ਸੁਪਨਮਈ ਪ੍ਰਾਜੈਕਟ ‘ਆਮ ਆਦਮੀ ਕਲੀਨਿਕ’ ਨੂੰ ਵੱਡੀ ਸਫਲਤਾ ਹਾਸਲ ਹੋਈ ਹੈ। ਇਨ੍ਹਾਂ ਕਲੀਨਿਕਾਂ ਤੋਂ 2.58 ਕਰੋੜ (1.08 ਕਰੋੜ ਪਹਿਲੀ ਵਾਰ ਆਉਣ ਵਾਲੇ ਮਰੀਜ਼/1.5 ਕਰੋੜ ਦੁਬਾਰਾ ਦਵਾਈ ਲੈਣ ਵਾਲੇ ਮਰੀਜ਼) ਲੋਕਾਂ ਨੇ ਮੁਫ਼ਤ ਇਲਾਜ ਦੀ ਸਹੂਲਤ ਦਾ ਲਾਭ ਲਿਆ ਹੈ।

ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 75ਵੇਂ ਸੁਤੰਤਰਤਾ ਦਿਵਸ ਮੌਕੇ 75 ਆਮ ਆਦਮੀ ਕਲੀਨਿਕ ਸੂਬੇ ਦੇ ਲੋਕਾਂ ਨੂੰ ਸਮਰਪਿਤ ਕੀਤੇ ਸਨ, ਜਿਸ ਨਾਲ ਇਹਨਾਂ ਕਲੀਨਿਕਾਂ ਦੀ ਕੁੱਲ ਗਿਣਤੀ ਹੁਣ 881 ਹੋ ਗਈ ਹੈ। ਇਨ੍ਹਾਂ 881 ਆਮ ਆਦਮੀ ਕਲੀਨਿਕ ਵਿੱਚੋਂ 316 ਸ਼ਹਿਰੀ ਖੇਤਰਾਂ ਵਿੱਚ ਜਦਕਿ 565 ਕਲੀਨਿਕ ਪੇਂਡੂ ਖੇਤਰਾਂ ਵਿੱਚ ਸਥਿਤ ਹਨ। ਉਨ੍ਹਾਂ ਦੱਸਿਆ ਕਿ 881 ਆਮ ਆਦਮੀ ਕਲੀਨਿਕਾਂ ਵਿਚੋਂ ਸਰਹੱਦੀ ਜ਼ਿਲ੍ਹਾ ਗੁਰਦਾਸਪੁਰ ਵਿੱਚ 62 ਆਮ ਆਦਮੀ ਕਲੀਨਿਕ ਲੋਕਾਂ ਨੂੰ ਉਨ੍ਹਾਂ ਦੇ ਘਰ ਦੇ ਨੇੜੇ ਸਿਹਤ ਸੇਵਾਵਾਂ ਦੇ ਰਹੇ ਹਨ।

ਉਨ੍ਹਾਂ ਦੱਸਿਆ ਕਿ ਆਮ ਆਦਮੀ ਕਲੀਨਿਕਾਂ ਵਿਖੇ ਮਰੀਜ਼ਾਂ ਲਈ 80 ਕਿਸਮਾਂ ਦੀਆਂ ਦਵਾਈਆਂ ਅਤੇ 38 ਕਿਸਮਾਂ ਦੇ ਡਾਇਗਨੌਸਟਿਕ ਟੈੱਸਟ ਮੁਫ਼ਤ ਉਪਲਬਧ ਹਨ। ਇਨ੍ਹਾਂ ਕਲੀਨਿਕਾਂ ਨੇ ਸੂਬੇ ਦੇ ਲੋਕਾਂ ਨੂੰ ਸਿਹਤ ਸੰਭਾਲ ‘ਤੇ ਆਉਣ ਵਾਲੇ ਖ਼ਰਚੇ ਨੂੰ 1200 ਕਰੋੜ ਰੁਪਏ ਤੱਕ ਘਟਾਉਣ ਵਿੱਚ ਯੋਗਦਾਨ ਪਾਇਆ ਹੈ।