22 ਜੁਲਾਈ ਤੋਂ ਨਵੇਂ ਰਾਸ਼ਨ ਕਾਰਡਾਂ ਲਈ ਆਨਲਾਈਨ ਅਰਜ਼ੀਆਂ ਸ਼ੁਰੂ

13

ਗੁਰਦਾਸਪੁਰ, 22 ਜੁਲਾਈ 2026 AJ DI Awaaj

Punjab Desk :   ਜ਼ਿਲ੍ਹਾ ਕੰਟਰੋਲਰ, ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਗੁਰਦਾਸਪੁਰ , ਸ੍ਰੀ ਅਮਨਜੀਤ ਸਿੰਘ ਵਲੋਂ ਆਮ ਲੋਕਾਂ ਨੂੰ ਸੂਚਿਤ ਕੀਤਾ ਗਿਆ ਹੈ ਕਿ ਮੁੱਖ ਮੰਤਰੀ ਪੰਜਾਬ ਵਲੋਂ ਕੀਤੀ ਘੋਸ਼ਣਾ ਅਤੇ ਰਾਜ ਸਰਕਾਰ ਵਲੋਂ ਲਏ ਫੈਸਲੇ ਅਨੁਸਾਰ ਨੈਸ਼ਨਲ ਫੂਡ ਸਿਕਿਊਰਿਟੀ ਐਕਟ, 2013/ਸਮਾਰਟ ਰਾਸ਼ਨ ਕਾਰਡ ਸਕੀਮ ਅਧੀਨ ਨਵੇਂ ਰਾਸ਼ਨ ਕਾਰਡ ਬਨਾਉਣ ਅਤੇ ਮੌਜੂਦਾ ਰਾਸ਼ਨ ਕਾਰਡਾਂ ਵਿੱਚ ਮੈਂਬਰ ਸ਼ਾਮਲ ਕਰਨ ਲਈ ਆਨਲਾਇਨ ਅਰਜ਼ੀਆਂ ਪ੍ਰਾਪਤ ਕੀਤੀਆਂ ਜਾਣੀਆਂ ਹਨ।

ਉਨ੍ਹਾਂ ਦੱਸਿਆ ਕਿ ਇਸ ਪਹਿਲਕਦਮੀ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਯੋਗ ਪਰਿਵਾਰਾਂ/ਲਾਭਪਾਤਰੀਆਂ ਨੂੰ ਇੱਕ ਪਾਰਦਰਸ਼ੀ, ਨਿਰਪੱਖ ਅਤੇ ਤਕਨਾਲੋਜੀ-ਅਧਾਰਿਤ ਪ੍ਰਕਿਰਿਆ ਰਾਹੀਂ ਸ਼ਾਮਲ ਕੀਤਾ ਜਾਵੇ। ਨਵੇਂ ਰਾਸ਼ਨ ਕਾਰਡ ਬਣਾਉਣ ਜਾਂ ਮੌਜੂਦਾ ਰਾਸ਼ਨ ਕਾਰਡਾਂ ਵਿੱਚ ਮੈਂਬਰ ਸ਼ਾਮਲ ਕਰਨ ਲਈ ਫਾਰਮ – ਅੰਗਰੇਜ਼ੀ ਅਤੇ ਪੰਜਾਬੀ ਭਾਸ਼ਾ ਵਿੱਚ ਵਿਭਾਗੀ ਵੈਬਸਾਇਟ – http://foodsuppb.gov.in ਤੋਂ ਡਾਉਨਲੋਡ ਕੀਤੇ ਜਾ ਸਕਦੇ ਹਨ। ਬਿਨੈਕਾਰ ਫਾਰਮ ਭਰਨ ਤੋਂ ਪਹਿਲਾਂ ਫਾਰਮ ਦੇ ਨਾਲ ਦਿੱਤੀਆਂ ਹਦਾਇਤਾਂ ਨੂੰ ਧਿਆਨ ਨਾਲ ਪੜ੍ਹਨ ਅਤੇ ਲੋੜੀਂਦੇ ਦਸਤਾਵੇਜ਼ਾਂ ਸਮੇਤ ਹੀ ਮੁਕੰਮਲ ਅਰਜ਼ੀ ਜਮ੍ਹਾਂ ਕਰਵਾਉਣ।

ਉਨ੍ਹਾਂ ਦੱਸਿਆ ਕਿ ਬਿਨੈਕਾਰ ਆਪਣੀਆਂ ਅਰਜ਼ੀਆਂ ਨਜ਼ਦੀਕੀ ਸੇਵਾ ਕੇਂਦਰ / ਕਾਮਨ ਸਰਵਿਸ ਸੈਂਟਰ (CSC)  ਜਾ ਕੇ ਅਨਲਾਇਨ ਜਮ੍ਹਾਂ ਕਰਵਾ ਸਕਦਾ ਹੈ। ਸੇਵਾ ਕੇਂਦਰ/CSC ਰਾਹੀਂ ਅਰਜ਼ੀ ਸਫਲਤਾਪੂਰਵਕ ਜਮ੍ਹਾਂ ਹੋਣ ਤੇ ਬਿਨੈਕਾਰ ਨੂੰ 100 ਰੁਪਏ ਪ੍ਰਤੀ ਫਾਰਮ ਪ੍ਰੋਸੈਸਿੰਗ ਫੀਸ ਵੀ ਜਮ੍ਹਾਂ ਕਰਵਾਉਣੀ ਪਵੇਗੀ। ਬਿਨੈਕਾਰ ਆਪਣੀ ਅਰਜ਼ੀ ਖੁੱਦ ਵੀ ਸਿੱਧੇ ਤੌਰ ਤੇ https://ercms.punjab.gov.in ਪੋਰਟਲ ਰਾਹੀਂ ਆਨਲਾਈਨ ਜਮ੍ਹਾਂ ਕਰਵਾ ਸਕਦੇ ਹਨ ਅਤੇ ਫਾਰਮ ਆਨਲਾਈਨ ਜਮ੍ਹਾਂ ਕਰਵਾਉਣ ਲਈ ਬਿਨੈਕਾਰ ਨੂੰ ਕੋਈ ਵੀ ਫੀਸ ਨਹੀਂ ਦੇਣੀ ਪਵੇਗੀ।  ਇਸ ਤੋਂ ਇਲਾਵਾ ਬਿਨੈਕਾਰ ਆਪਣਾ ਫਾਰਮ ਸਮੇਤ ਦਸਤਾਵੇਜ ਅਤੇ ਰੁਪਏ 100/- ਪ੍ਰਤਿ ਫਾਰਮ ਫੀਸ ਸਬੰਧਤ ਜ਼ਿਲ੍ਹਾ ਕੰਟਰੋਲਰ, ਖੁਰਾਕ ਸਿਵਲ ਸਪਲਾਇਜ਼ ਅਤੇ ਖਪਤਕਾਰ ਮਾਮਲੇ ਦੇ ਜ਼ਿਲ੍ਹਾ ਦਫਤਰ ਵਿਖੇ ਵੀ ਜਮ੍ਹਾਂ ਕਰਵਾ ਸਕਦਾ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਫਾਰਮ ਸਫਲਤਾਪੂਰਵਕ ਆਨਲਾਇਨ ਜਮ੍ਹਾਂ ਹੋਣ ‘ਤੇ ਬਿਨੈਕਾਰ ਨੂੰ ਉਸਦੇ ਮੋਬਾਇਲ ਨੰਬਰ ਤੇ ਫਾਰਮ ਪ੍ਰਾਪਤੀ ਦਾ ਮੈਸਜ ਸਮੇਤ ਰਸੀਦ ਨੰਬਰ ਪ੍ਰਾਪਤ ਹੋਵੇਗਾ। ਅਰਜੀਆਂ ਮਿਤੀ 22 ਜੁਲਾਈ ਤੋਂ 11 ਅਗਸਤ ਦੌਰਾਨ ਹੀ ਪ੍ਰਾਪਤ ਕੀਤੀਆਂ ਜਾਣਗੀਆਂ ਅਤੇ ਬਿਨੈਕਾਰ ਕਿਸੇ ਵੀ ਕੰਮਕਾਜੀ ਦਿਨ ਦੌਰਾਨ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਆਨਲਾਇਨ ਵਿਧੀ ਰਾਹੀਂ ਸੇਵਾ ਕੇਂਦਰ / ਕਾਮਨ ਸਰਵਿਸ ਸੈਂਟਰ ਤੇ ਜਾਂ ਆਫਲਾਇਨ ਵਿਧੀ ਰਾਹੀਂ ਜ਼ਿਲ੍ਹਾ ਕੰਟਰੋਲਰ, ਖੁਰਾਕ ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਦੇ ਜ਼ਿਲ੍ਹਾ ਦਫਤਰ ਵਿੱਖੇ ਫਾਰਮ ਜਮ੍ਹਾਂ ਕਰਵਾ ਸਕਦਾ ਹੈ।

ਵਧੇਰੇ ਜਾਣਕਾਰੀ ਲਈ ਬਿਨੈਕਾਰ ਆਪਣੇ ਜ਼ਿਲ੍ਹਾ ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਦਫ਼ਤਰ ਜਾਂ ਨਜ਼ਦੀਕੀ ਸੇਵਾ ਕੇਂਦਰ/ ਕਾਮਨ ਸਰਵਿਸ ਸੈਂਟਰ (CSC)  ਨਾਲ ਸੰਪਰਕ ਕਰ ਸਕਦੇ ਹਨ। ਇਸ ਤੋਂ ਇਲਾਵਾ ਹੋਰ ਜਾਣਕਾਰੀ ਲਈ ਜ਼ਿਲ੍ਹਾ ਕੰਟਰੋਲਰ ਗੁਰਦਾਸਪੁਰ ਵਿਖੇ ਮੋਬਾਈਲ ਨੰਬਰ 79737-22620 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।