ਰੂਪਨਗਰ, 10 ਅਗਸਤ 2026 AJ DI Awaaj
Punjab Desk : ਸਰਕਾਰੀ ਕਾਲਜ ਰੋਪੜ ਵਿਖੇ ਪ੍ਰਿੰਸੀਪਲ ਜਸਪ੍ਰੀਤ ਕੌਰ ਬੈਂਸ ਦੀ ਸਰਪ੍ਰਸਤੀ ਹੇਠ ਵਿੱਦਿਅਕ ਸੈਸ਼ਨ 2026-27 ਦੌਰਾਨ ਐਂਟਰੀ ਕੋਰਸਾਂ ਵਿੱਚ ਦਾਖ਼ਲ ਹੋਣ ਵਾਲੇ ਵਿਦਿਆਰਥੀਆਂ ਲਈ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ ਗਿਆ, ਜਿਸਦਾ ਉਦੇਸ਼ ਨਵੇਂ ਵਿਦਿਆਰਥੀਆਂ ਨੂੰ ਉਚੇਰੀ ਸਿੱਖਿਆ ਲਈ ਪ੍ਰੇਰਿਤ ਕਰਨਾ ਅਤੇ ਵੱਖ-ਵੱਖ ਗਤੀਵਿਧੀਆਂ ਤੋਂ ਜਾਣੂ ਕਰਵਾਉਣਾ ਸੀ।
ਕਾਲਜ ਪ੍ਰਿੰਸੀਪਲ ਜਸਪ੍ਰੀਤ ਕੌਰ ਬੈਂਸ ਨੇ ਵਿਦਿਆਰਥੀਆਂ ਨੂੰ ਨਾਮਵਰ ਵਿੱਦਿਅਕ ਸੰਸਥਾ ਵਿੱਚ ਦਾਖਲਾ ਲੈਣ ਦੀ ਵਧਾਈ ਦਿੱਤੀ ਅਤੇ ਅਨੁਸ਼ਾਸਨ ਵਿੱਚ ਰਹਿ ਕੇ ਮਿਹਨਤ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ।
ਵਾਈਸ ਪ੍ਰਿੰਸੀਪਲ ਪ੍ਰੋ. ਹਰਜੀਤ ਸਿੰਘ ਨੇ ਨਵੇਂ ਵਿਦਿਆਰਥੀਆਂ ਨੂੰ ਜੀ ਆਇਆ ਕਿਹਾ ਅਤੇ ਖੇਡਾਂ ਤੇ ਐੱਨ.ਸੀ.ਸੀ. ਸਬੰਧੀ ਜਾਣਕਾਰੀ ਦਿੱਤੀ। ਕਾਲਜ ਰਜਿਸਟਰਾਰ ਪ੍ਰੋ. ਮੀਨਾ ਕੁਮਾਰੀ ਨੇ ਘਰੇਲੂ ਅਤੇ ਯੂਨੀਵਰਸਿਟੀ ਪ੍ਰੀਖਿਆਵਾਂ ਦੀ ਸਮਾਂ ਸਾਰਣੀ ਤੋਂ ਜਾਣੂ ਕਰਵਾਇਆ।
ਪ੍ਰੋ. ਅਰਵਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਟਾਈਮ ਟੇਬਲ, ਅਕਾਦਮਿਕ ਕੈਲਡਰ, ਕਾਲਜ ਵੈੱਬਸਾਈਟ, ਐਂਟੀ ਰੈਗਿੰਗ ਸੈੱਲ ਬਾਰੇ ਜਾਣਕਾਰੀ ਦਿੱਤੀ ਅਤੇ ਪ੍ਰੋਗਰਾਮ ਅਫ਼ਸਰ ਪ੍ਰੋ. ਕੁਲਦੀਪ ਕੌਰ ਨੇ ਕੌਮੀ ਸੇਵਾ ਯੋਜਨਾ ਨਾਲ ਜੁੜਨ ਲਈ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ।
ਡਾ. ਜਤਿੰਦਰ ਕੁਮਾਰ ਨੇ ਪੰਜਾਬ ਸਰਕਾਰ ਅਤੇ ਭਾਰਤ ਸਰਕਾਰ ਦੀਆਂ ਵੱਖ-ਵੱਖ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮਾਂ ਬਾਰੇ ਅਤੇ ਪ੍ਰੋ. ਉਪਦੇਸ਼ਦੀਪ ਕੌਰ ਨੇ ਵੱਖ-ਵੱਖ ਚੈਰੀਟੇਬਲ ਟਰੱਸਟ ਵੱਲੋਂ ਵਿਦਿਆਰਥੀਆਂ ਨੂੰ ਦਿੱਤੀ ਜਾਂਦੀ ਵਿੱਤੀ ਸਹਾਇਤਾ ਤੋਂ ਜਾਣੂ ਕਰਵਾਇਆ।
ਕਲਚਰਲ ਕੋਆਰਡੀਨੇਟਰ ਡਾ. ਨਿਰਮਲ ਸਿੰਘ ਬਰਾੜ ਨੇ ਮੰਚ ਸੰਚਾਲਨ ਕੀਤਾ ਅਤੇ ਸਭਿਆਚਾਰਕ ਗਤੀਵਿਧੀਆਂ ਵਿੱਚ ਭਾਗ ਲੈਣ ਲਈ ਵਿਦਿਆਰਥੀਆਂ ਨੂੰ ਪ੍ਰੇਰਿਤ ਵੀ ਕੀਤਾ। ਇਸ ਮੌਕੇ ਨਵੇਂ ਵਿਦਿਆਰਥੀਆਂ ਦੀ ਵਿਭਾਗ ਮੁਖੀਆਂ ਅਤੇ ਸਮੂਹ ਸਟਾਫ ਨਾਲ ਜਾਣ-ਪਛਾਣ ਕਰਵਾਈ ਗਈ। ਪ੍ਰੋਗਰਾਮ ਨੂੰ ਸਫ਼ਲ ਬਣਾਉਣ ਵਿੱਚ ਸਮੂਹ ਸਟਾਫ਼ ਨੇ ਅਹਿਮ ਸਹਿਯੋਗ ਦਿੱਤਾ।



















