*ਡਿਪਟੀ ਕਮਿਸ਼ਨਰ ਵਲੋਂ ਸਮਾਜਿਕ ਸੁਰੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤਾਂ
*ਬਜ਼ੁਰਗਾਂ ਨੂੰ ਸਰਵੇਖਣ ‘ਚ ਸਹਿਯੋਗ ਦੇਣ ਦੀ ਅਪੀਲ
ਬਰਨਾਲਾ, 3 ਜਨਵਰੀ 2025: Aj Di Awaaj
ਬਜ਼ੁਰਗਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਅਤੇ ਉਨ੍ਹਾਂ ਦੀਆਂ ਹੋਰਨਾਂ ਮੁਸ਼ਕਿਲਾਂ ਦੇ ਹੱਲ ਲਈ ਪੰਜਾਬ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਵਿਭਾਗ ਰਾਹੀਂ ‘ਸਾਡੇ ਬਜ਼ੁਰਗ ਸਾਡਾ ਮਾਣ’ ਸਿਹਤ ਸਰਵੇਖਣ ਕਰਵਾਇਆ ਜਾ ਰਿਹਾ ਹੈ, ਜਿਸ ਨੂੰ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਤੇ ਬਾਲ ਵਿਕਾਸ ਤੇ ਪ੍ਰੋਜੈਕਟ ਅਫ਼ਸਰ ਸਮਾਂਬੱਧ ਢੰਗ ਨਾਲ ਪੂਰਾ ਕਰਨਾ ਯਕੀਨੀ ਬਣਾਉਣ।
ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਕੀਤਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਰਵੇਖਣ ਦੌਰਾਨ ਜਿੱਥੇ ਬਜ਼ੁਰਗਾਂ ਦੀ ਸਿਹਤ ਸਬੰਧੀ ਜਾਣਕਾਰੀ ਸਾਂਝੀ ਕੀਤੀ ਜਾ ਰਹੀ ਹੈ, ਉੱਥੇ ਉਨ੍ਹਾਂ ਨੂੰ ਸਰਕਾਰੀ ਸਿਹਤ ਸੇਵਾਵਾਂ ਦੀ ਜਾਣਕਾਰੀ ਹੋਣ ਜਾਂ ਨਾ ਹੋਣ ਸਬੰਧੀ ਵੀ ਅੰਕੜੇ ਇਕੱਤਰ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਇਸ ਸਰਵੇਖਣ ਸਬੰਧੀ ਕਿਸੇ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਜਿੱਥੇ ਬਜ਼ੁਰਗਾਂ ਨੂੰ 1500 ਰੁਪਏ ਮਹੀਨਾ ਬੁਢਾਪਾ ਪੈਨਸ਼ਨ ਦਿੱਤੀ ਜਾ ਰਹੀ ਹੈ, ਓਥੇ ਸਿਹਤ ਸਹੂਲਤਾਂ ਦੀ ਬਿਹਤਰੀ ਲਈ ਪਿੰਡਾਂ ਅਤੇ ਸ਼ਹਿਰਾਂ ‘ਚ ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ, ਜਿੱਥੇ ਮੁਫ਼ਤ ਦਵਾਈਆਂ ਅਤੇ ਟੈਸਟ ਦੀ ਸੁਵਿਧਾ ਉਪਲਬਧ ਹੈ। ਇਸ ਤੋਂ ਇਲਾਵਾ ਹੋਰ ਵੀ ਸਕੀਮਾਂ ਬਜ਼ੁਰਗਾਂ ਲਈ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਰਵੇਖਣ ਮਗਰੋਂ ਬਜ਼ੁਰਗਾਂ ਨੂੰ ਸਿਹਤ ਸਮੇਤ ਵੱਖੋ-ਵੱਖ ਸਹੂਲਤਾਂ ਦੇਣ ਲਈ ਵੱਡੇ ਪੱਧਰ ‘ਤੇ ਉਪਰਾਲੇ ਕੀਤੇ ਜਾਣਗੇ।
