ਪੰਜਾਬ ਯੂਨੀਵਰਸਿਟੀ ਸੀਨੇਟ ਭੰਗ ਫੈਸਲਾ ਰੱਦ, ਕੇਂਦਰ ਦਾ ਯੂ-ਟਰਨ

73

ਚੰਡੀਗੜ੍ਹ:08 Nov 2025 AJ DI Awaaj

Chandigarh Desk : ਪੰਜਾਬ ਯੂਨੀਵਰਸਿਟੀ ਦੀ ਸੀਨੇਟ ਅਤੇ ਸਿੰਡੀਕੇਟ ਨੂੰ ਭੰਗ ਕਰਨ ਸਬੰਧੀ ਕੇਂਦਰ ਸਰਕਾਰ ਵੱਲੋਂ ਜਾਰੀ ਕੀਤਾ ਗਿਆ ਨੋਟੀਫਿਕੇਸ਼ਨ ਹੁਣ ਰੱਦ ਕਰ ਦਿੱਤਾ ਗਿਆ ਹੈ। ਇਸ ਨਾਲ ਸਪੱਸ਼ਟ ਹੋ ਗਿਆ ਹੈ ਕਿ ਪੰਜਾਬ ਯੂਨੀਵਰਸਿਟੀ ਦੀ ਸੀਨੇਟ ਭੰਗ ਨਹੀਂ ਹੋਵੇਗੀ।

ਕੇਂਦਰ ਸਰਕਾਰ ਨੇ ਪਹਿਲਾਂ ਨੋਟੀਫਿਕੇਸ਼ਨ ਨੰਬਰ 4867(E) ਦੇ ਜਰੀਏ ਸੀਨੇਟ ਅਤੇ ਸਿੰਡੀਕੇਟ ਨੂੰ ਰੱਦ ਕਰਨ ਦਾ ਐਲਾਨ ਕੀਤਾ ਸੀ, ਪਰ ਲਗਾਤਾਰ ਵਿਰੋਧ ਅਤੇ ਵਿਦਿਆਰਥੀ ਪ੍ਰਦਰਸ਼ਨਾਂ ਦੇ ਮੱਦੇਨਜ਼ਰ ਹੁਣ ਇਸ ਨੋਟੀਫਿਕੇਸ਼ਨ ਨੂੰ ਵਾਪਸ ਲੈ ਲਿਆ ਗਿਆ ਹੈ। ਨਵਾਂ ਨੋਟੀਫਿਕੇਸ਼ਨ ਨੰਬਰ 4868(E) ਜਾਰੀ ਕਰਦਿਆਂ ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਨਵੇਂ ਸੈਨੇਟ ਢਾਂਚੇ ਨੂੰ ਲਾਗੂ ਕਰਨ ਦੀ ਪ੍ਰਕਿਰਿਆ ਹੁਣ ਕੇਂਦਰ ਸਰਕਾਰ ਦੇ ਅਗਲੇ ਹੁਕਮਾਂ ਤੱਕ ਮੁਲਤਵੀ ਰਹੇਗੀ।

ਇਸ ਮਾਮਲੇ ਤੇ ਕਈ ਦਿਨਾਂ ਤੋਂ ਵਿਦਿਆਰਥੀ ਯੂਨੀਅਨਾਂ ਅਤੇ ਸਿਆਸੀ ਨੇਤਾਵਾਂ ਵੱਲੋਂ ਵਿਰੋਧ ਪ੍ਰਦਰਸ਼ਨ ਕੀਤੇ ਜਾ ਰਹੇ ਸਨ। ਆਖ਼ਿਰਕਾਰ ਕੇਂਦਰ ਸਰਕਾਰ ਨੇ ਜਨਤਾ ਅਤੇ ਵਿਦਿਆਰਥੀਆਂ ਦੀਆਂ ਭਾਵਨਾਵਾਂ ਦਾ ਆਦਰ ਕਰਦਿਆਂ ਆਪਣਾ ਫੈਸਲਾ ਵਾਪਸ ਲਿਆ।

ਦੂਜੇ ਪਾਸੇ, ਪੰਜਾਬ ਸਰਕਾਰ ਨੇ ਵੀ ਐਲਾਨ ਕੀਤਾ ਸੀ ਕਿ ਉਹ ਇਸ ਮਾਮਲੇ ਨੂੰ ਹਾਈ ਕੋਰਟ ਵਿੱਚ ਲੈ ਕੇ ਜਾਵੇਗੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਐਕਸ ਹੈਂਡਲ ‘ਤੇ ਪੋਸਟ ਕਰਦੇ ਹੋਏ ਕਿਹਾ ਸੀ ਕਿ ਪੰਜਾਬ ਯੂਨੀਵਰਸਿਟੀ ਦੀ ਸੀਨੇਟ ਅਤੇ ਸਿੰਡੀਕੇਟ ਨੂੰ ਗੈਰ-ਸੰਵਿਧਾਨਕ ਤਰੀਕੇ ਨਾਲ ਭੰਗ ਕਰਨ ਦੇ ਵਿਰੁੱਧ ਰਾਜ ਸਰਕਾਰ ਕਾਨੂੰਨੀ ਕਾਰਵਾਈ ਕਰੇਗੀ।

ਇਸ ਤਾਜ਼ਾ ਫੈਸਲੇ ਨਾਲ ਵਿਦਿਆਰਥੀਆਂ ਅਤੇ ਯੂਨੀਵਰਸਿਟੀ ਨਾਲ ਜੁੜੇ ਸਾਰੇ ਹਿੱਸੇਦਾਰਾਂ ਵਿੱਚ ਰਾਹਤ ਦਾ ਮਾਹੌਲ ਹੈ।