ਜਗਰਾਉਂ: 12 Aug 2026 AJ DI Awaaj
Punjab Desk : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼*ਟਾਚਾਰ ਵਿਰੁੱਧ ਕਾਰਵਾਈ ਕਰਦਿਆਂ ਲੁਧਿਆਣਾ ਜ਼ਿਲ੍ਹੇ ਦੇ ਤਹਿਸੀਲ ਡੇਹਲੋਂ ਅਧੀਨ ਮਾਲ ਹਲਕਾ ਰੁੜਕਾ ਵਿੱਚ ਤਾਇਨਾਤ ਪਟਵਾਰੀ ਪੁਨੀਤ ਕੁਮਾਰ ਯਾਦਵ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਵਿਜੀਲੈਂਸ ਦੇ ਸਰਕਾਰੀ ਬੁਲਾਰੇ ਮੁਤਾਬਕ, ਪਟਵਾਰੀ ਨੇ ਸ਼ਿਕਾਇਤਕਰਤਾ ਦੀ ਜ਼ਮੀਨ ਦੀ ਵੰਡ ਕਰਨ ਬਦਲੇ ਇੱਕ ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਇਸ ਵਿੱਚੋਂ ਉਹ ਪਹਿਲਾਂ ਹੀ 35,000 ਰੁਪਏ ਲੈ ਚੁੱਕਾ ਸੀ।
ਰਿਸ਼ਵਤ ਦੇਣ ਤੋਂ ਇਨਕਾਰ ਕਰਦਿਆਂ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਦੀ ਆਰਥਿਕ ਅਪਰਾਧ ਸ਼ਾਖਾ, ਲੁਧਿਆਣਾ ਨਾਲ ਸੰਪਰਕ ਕੀਤਾ। ਸ਼ਿਕਾਇਤ ਦੀ ਜਾਂਚ ਤੋਂ ਬਾਅਦ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਅਤੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਪਟਵਾਰੀ ਨੂੰ 15,000 ਰੁਪਏ ਲੈਂਦਿਆਂ ਕਾਬੂ ਕਰ ਲਿਆ।
ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਥਾਣਾ ਲੁਧਿਆਣਾ ਵਿਖੇ ਕੇਸ ਦਰਜ ਕੀਤਾ ਗਿਆ ਹੈ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।



















