ਰੂਪਨਗਰ, 5 ਅਕਤੂਬਰ 2026 AJ DI Awaaj
Punjab Desk : ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਦੀ ਅਗਵਾਈ ਹੇਠ ਹਫ਼ਤਾਵਾਰੀ ਰੋਜ਼ਗਾਰ ਪਲੇਸਮੈਂਟ ਕੈਂਪ ਲਗਾਏ ਜਾ ਰਹੇ ਹਨ। ਇਸੇ ਲੜੀ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਅੱਜ 6 ਅਕਤੂਬਰ 2026 ਨੂੰ ਸਵੇਰੇ 10 ਵਜੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਰੂਪਨਗਰ ਪ੍ਰਭਜੋਤ ਸਿੰਘ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਕੈਂਪ ਦੌਰਾਨ ਮੁਥੂਟ ਮਾਈਕ੍ਰੋਫਿਨ ਲਿਮਟਿਡ ਕੰਪਨੀ ਵੱਲੋਂ ਰਿਲੇਸ਼ਨਸ਼ਿਪ ਅਫ਼ਸਰ (ਫੀਲਡ ਸਟਾਫ) ਦੀਆਂ 20 ਅਸਾਮੀਆਂ ਲਈ ਬਾਰ੍ਹਵੀਂ ਜਾਂ ਗ੍ਰੈਜੂਏਸ਼ਨ ਪਾਸ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ। ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ 19,000 ਰੁਪਏ ਮਹੀਨਾਵਾਰ ਕੁੱਲ ਤਨਖ਼ਾਹ ਤੋਂ ਇਲਾਵਾ ਸੀਟੀਸੀ ਅਤੇ ਪ੍ਰੋਤਸਾਹਨ ਰਾਸ਼ੀ ਦਿੱਤੀ ਜਾਵੇਗੀ। ਤਜਰਬੇਕਾਰ ਉਮੀਦਵਾਰਾਂ ਲਈ 25,000 ਰੁਪਏ ਮਹੀਨਾਵਾਰ ਕੁੱਲ ਤਨਖ਼ਾਹ ਤੋਂ ਇਲਾਵਾ ਸੀਟੀਸੀ ਅਤੇ ਪ੍ਰੋਤਸਾਹਨ ਰਾਸ਼ੀ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਚੁਣੇ ਗਏ ਉਮੀਦਵਾਰਾਂ ਨੂੰ ਤਨਖ਼ਾਹ ਤੋਂ ਇਲਾਵਾ ਪੀਐਫ, ਈਐਸਆਈ, ਸਿਹਤ ਬੀਮਾ ਅਤੇ ਜੀਵਨ ਬੀਮਾ ਵਰਗੇ ਹੋਰ ਲਾਭ ਵੀ ਮੁਹੱਈਆ ਕਰਵਾਏ ਜਾਣਗੇ। ਇਨ੍ਹਾਂ ਅਸਾਮੀਆਂ ਲਈ ਪੁਰਸ਼ ਅਤੇ ਮਹਿਲਾ ਦੋਵੇਂ ਉਮੀਦਵਾਰ ਇੰਟਰਵਿਊ ਵਿੱਚ ਭਾਗ ਲੈ ਸਕਦੇ ਹਨ। ਉਮੀਦਵਾਰਾਂ ਦੀ ਉਮਰ 20 ਤੋਂ 30 ਸਾਲ ਦੇ ਵਿਚਕਾਰ ਹੋਣੀ ਚਾਹੀਦੀ ਹੈ। ਚੁਣੇ ਜਾਣ ਵਾਲੇ ਉਮੀਦਵਾਰਾਂ ਲਈ ਨੌਕਰੀ ਦਾ ਸਥਾਨ ਸ੍ਰੀ ਆਨੰਦਪੁਰ ਸਾਹਿਬ, ਰੂਪਨਗਰ, ਮੋਰਿੰਡਾ, ਡੇਰਾ ਬੱਸੀ ਅਤੇ ਖਰੜ ਹੋਵੇਗਾ। ਇੰਟਰਵਿਊ ਦਾ ਸਥਾਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਿੰਨੀ ਸਕੱਤਰੇਤ, ਡਿਪਟੀ ਕਮਿਸ਼ਨਰ ਕੰਪਲੈਕਸ, ਰੂਪਨਗਰ ਹੋਵੇਗਾ।
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਯੋਗ ਉਮੀਦਵਾਰਾਂ ਨੂੰ ਇਸ ਰੋਜ਼ਗਾਰ ਦੇ ਮੌਕੇ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਨਿਰਧਾਰਤ ਮਿਤੀ ਅਤੇ ਸਮੇਂ ’ਤੇ ਪਹੁੰਚਣ ਦੀ ਅਪੀਲ ਕੀਤੀ ਗਈ ਹੈ। ਇਸ ਸਬੰਧੀ ਕਿਸੇ ਵੀ ਹੋਰ ਜਾਣਕਾਰੀ ਲਈ ਹੈਲਪਲਾਈਨ ਨੰਬਰ 01881-222104 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

















