ਰੂਪਨਗਰ, 4 ਸਤੰਬਰ 2026 AJ DI Awaaj
Punjab Desk : ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ, ਖੇਡ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਅਤੇ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ‘ਖੇਡਾਂ ਵਤਨ ਪੰਜਾਬ ਦੀਆਂ-2026’ (ਸੀਜ਼ਨ-4) ਕਰਵਾਈਆਂ ਜਾ ਰਹੀਆਂ ਹਨ। ਇਸੇ ਤਹਿਤ ਰੂਪਨਗਰ ਜ਼ਿਲ੍ਹੇ ਵਿੱਚ ਬਲਾਕ ਪੱਧਰੀ ਖੇਡ ਮੁਕਾਬਲਿਆਂ ਦਾ ਆਗਾਜ਼ 9 ਸਤੰਬਰ 2026 ਤੋਂ ਹੋਣ ਜਾ ਰਿਹਾ ਹੈ, ਜਿਸ ਵਿੱਚ ਅਥਲੈਟਿਕਸ, ਕਬੱਡੀ, ਵਾਲੀਬਾਲ, ਫੁੱਟਬਾਲ ਅਤੇ ਖੋ-ਖੋ ਦੇ ਮੁਕਾਬਲੇ ਕਰਵਾਏ ਜਾਣਗੇ।
ਜ਼ਿਲ੍ਹਾ ਖੇਡ ਕੋਆਰਡੀਨੇਟਰ ਰੂਪਨਗਰ ਸ਼ਰਨਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਲਾਕ ਪੱਧਰੀ ਖੇਡ ਮੁਕਾਬਲਿਆਂ ਵਿੱਚ ਭਾਗ ਲੈਣ ਲਈ ਖਿਡਾਰੀਆਂ ਦੀ ਰਜਿਸਟ੍ਰੇਸ਼ਨ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਵੱਖ-ਵੱਖ ਸਕੂਲਾਂ ਦੇ ਅਧਿਆਪਕ ਆਪਣੇ ਸਕੂਲਾਂ ਦੇ ਵਿਦਿਆਰਥੀਆਂ ਅਤੇ ਖਿਡਾਰੀਆਂ ਨੂੰ ਇਨ੍ਹਾਂ ਖੇਡਾਂ ਵਿੱਚ ਭਾਗ ਲੈਣ ਲਈ ਉਤਸ਼ਾਹਿਤ ਕਰਨ ਅਤੇ ਯੋਗ ਖਿਡਾਰੀਆਂ ਦੀ ਵੱਧ ਤੋਂ ਵੱਧ ਗਿਣਤੀ ਵਿੱਚ ਰਜਿਸਟ੍ਰੇਸ਼ਨ ਯਕੀਨੀ ਬਣਾਉਣ ਤਾਂ ਜੋ ਕੋਈ ਵੀ ਪ੍ਰਤਿਭਾਸ਼ਾਲੀ ਖਿਡਾਰੀ ਇਸ ਮੌਕੇ ਤੋਂ ਵਾਂਝਾ ਨਾ ਰਹੇ।
ਸ਼ਰਨਜੀਤ ਕੌਰ ਨੇ ਦੱਸਿਆ ਕਿ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਬਲਾਕ ਪੱਧਰ ’ਤੇ ਹੋਣ ਵਾਲੇ ਮੁਕਾਬਲਿਆਂ ਵਿੱਚ ਅਥਲੈਟਿਕਸ, ਕਬੱਡੀ, ਵਾਲੀਬਾਲ, ਫੁੱਟਬਾਲ ਅਤੇ ਖੋ-ਖੋ ਦੀਆਂ ਖੇਡਾਂ ਸ਼ਾਮਲ ਹਨ। ਇਨ੍ਹਾਂ ਮੁਕਾਬਲਿਆਂ ਰਾਹੀਂ ਖਿਡਾਰੀਆਂ ਨੂੰ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਅਤੇ ਅਗਲੇ ਪੱਧਰ ’ਤੇ ਪਹੁੰਚਣ ਦਾ ਮੌਕਾ ਮਿਲੇਗਾ। ਇਸ ਤੋਂ ਇਲਾਵਾ ਬਾਕੀ ਟੀਮ ਖੇਡਾਂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ 21 ਸਤੰਬਰ 2026 ਤੋਂ ਕਰਵਾਏ ਜਾਣਗੇ।
ਉਨ੍ਹਾਂ ਸਮੂਹ ਖਿਡਾਰੀਆਂ, ਵਿਦਿਆਰਥੀਆਂ, ਸਕੂਲ ਅਧਿਆਪਕਾਂ ਅਤੇ ਖੇਡ ਪ੍ਰੇਮੀਆਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਭਾਗ ਲੈਣ ਲਈ ਵੱਧ ਤੋਂ ਵੱਧ ਗਿਣਤੀ ਵਿੱਚ ਰਜਿਸਟ੍ਰੇਸ਼ਨ ਕਰਵਾਉਣ। ਉਨ੍ਹਾਂ ਕਿਹਾ ਕਿ ਸਮੇਂ ਸਿਰ ਰਜਿਸਟ੍ਰੇਸ਼ਨ ਕਰਵਾਉਣਾ ਖਿਡਾਰੀਆਂ ਦੀ ਭਾਗੀਦਾਰੀ ਯਕੀਨੀ ਬਣਾਉਣ ਲਈ ਅਹਿਮ ਹੈ ਅਤੇ ਹਰ ਯੋਗ ਖਿਡਾਰੀ ਨੂੰ ਇਸ ਮੌਕੇ ਦਾ ਲਾਭ ਉਠਾਉਣਾ ਚਾਹੀਦਾ ਹੈ।
ਜ਼ਿਲ੍ਹਾ ਖੇਡ ਕੋਆਰਡੀਨੇਟਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ਇਹ ਖੇਡਾਂ ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਲਈ ਇੱਕ ਵਿਸ਼ਾਲ ਮੰਚ ਪ੍ਰਦਾਨ ਕਰ ਰਹੀਆਂ ਹਨ। ਉਨ੍ਹਾਂ ਸਕੂਲਾਂ ਦੇ ਅਧਿਆਪਕਾਂ ਅਤੇ ਖਿਡਾਰੀਆਂ ਨੂੰ ਅਪੀਲ ਕੀਤੀ ਕਿ ਉਹ ਆਪ ਵੀ ਰਜਿਸਟ੍ਰੇਸ਼ਨ ਪ੍ਰਕਿਰਿਆ ਵਿੱਚ ਸਰਗਰਮ ਭੂਮਿਕਾ ਨਿਭਾਉਣ ਅਤੇ ਆਪਣੇ ਸਾਥੀ ਖਿਡਾਰੀਆਂ ਨੂੰ ਵੀ ਵੱਧ ਤੋਂ ਵੱਧ ਰਜਿਸਟਰ ਹੋਣ ਲਈ ਪ੍ਰੇਰਿਤ ਕਰਨ ਤਾਂ ਜੋ ਰੂਪਨਗਰ ਜ਼ਿਲ੍ਹੇ ਦੀ ਵੱਧ ਤੋਂ ਵੱਧ ਖੇਡ ਪ੍ਰਤਿਭਾ ਇਨ੍ਹਾਂ ਖੇਡਾਂ ਦਾ ਹਿੱਸਾ ਬਣ ਸਕੇ ਅਤੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦਾ ਪੂਰਾ ਲਾਹਾ ਲਿਆ ਜਾ ਸਕੇ।



















