ਫ਼ਰੀਦਕੋਟ/ਜੈਤੋ 24 ਨਵੰਬਰ 2026 AJ DI Awaaj
Punjab Desk : ਆਮ ਆਦਮੀ ਪਾਰਟੀ (ਆਪ) ਦੇ ਸਥਾਪਨਾ ਦਿਵਸ ਮੌਕੇ 26 ਨਵੰਬਰ ਨੂੰ ਮੋਗਾ ਵਿਖੇ ਹੋਣ ਜਾ ਰਹੀ ਵਿਸ਼ਾਲ ਰੈਲੀ ਦੀਆਂ ਤਿਆਰੀਆਂ ਸਬੰਧੀ ਅੱਜ ਹਲਕਾ ਫਰੀਦਕੋਟ ਤੋਂ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਅਤੇ ਹਲਕਾ ਜੈਤੋ ਤੋਂ ਵਿਧਾਇਕ ਸ. ਅਮੋਲਕ ਸਿੰਘ ਵੱਲੋਂ ਪੱਤਰਕਾਰਾਂ ਨਾਲ ਇੱਕ ਵਿਸ਼ੇਸ਼ ਪ੍ਰੈੱਸ ਕਾਨਫਰੰਸ ਕੀਤੀ ਗਈ।
ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਸ.ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ 26 ਨਵੰਬਰ ਦਾ ਦਿਨ ਆਮ ਆਦਮੀ ਪਾਰਟੀ ਲਈ ਬੇਹੱਦ ਇਤਿਹਾਸਕ ਹੈ, ਕਿਉਂਕਿ ਇਸ ਦਿਨ ਪਾਰਟੀ ਨੇ ਆਮ ਲੋਕਾਂ ਦੀ ਆਵਾਜ਼ ਬੁਲੰਦ ਕਰਨ ਲਈ ਆਪਣਾ ਸਫ਼ਰ ਸ਼ੁਰੂ ਕੀਤਾ ਸੀ। ਉਨ੍ਹਾਂ ਦੱਸਿਆ ਕਿ ਮੋਗਾ ਵਿਖੇ ਹੋਣ ਵਾਲੀ ਇਸ ਸੂਬਾ ਪੱਧਰੀ ਰੈਲੀ ਨੂੰ ਲੈ ਕੇ ਪਾਰਟੀ ਵਰਕਰਾਂ ਅਤੇ ਆਮ ਜਨਤਾ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਦਿਨ ਰਾਜ ਪੱਧਰੀ ਸਮਾਰਟ ਰਾਸ਼ਨ ਕਾਰਡ ਵੰਡ ਸਮਾਰੋਹ ਵੀ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਰੈਲੀ ਵਿੱਚ ਪਹੁੰਚਣ ਵਾਲੇ ਲੋਕਾਂ ਦੀ ਸਹੂਲਤ ਲਈ ਹਰ ਤਰ੍ਹਾਂ ਦੇ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ।
ਵਿਧਾਇਕ ਜੈਤੋ ਸ.ਅਮੋਲਕ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੋਂ ਹਰ ਵਰਗ ਖੁਸ਼ ਹੈ ਅਤੇ ਇਹ ਖੁਸ਼ਹਾਲ ਪੰਜਾਬ ਰੈਲੀ ਇਤਿਹਾਸਕ ਸਾਬਤ ਹੋਵੇਗੀ। ਉਨ੍ਹਾਂ ਇਲਾਕਾ ਨਿਵਾਸੀਆਂ, ਪਾਰਟੀ ਅਹੁਦੇਦਾਰਾਂ ਅਤੇ ਵਲੰਟੀਅਰਾਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਉਹ 26 ਨਵੰਬਰ ਨੂੰ ਵੱਡੀ ਗਿਣਤੀ ਵਿੱਚ ਪਰਿਵਾਰਾਂ ਸਮੇਤ ਮੋਗਾ ਰੈਲੀ ਵਿੱਚ ਸ਼ਿਰਕਤ ਕਰਕੇ ਇਸ ਸਮਾਗਮ ਦੀ ਸ਼ੋਭਾ ਵਧਾਉਣ।
ਇਸ ਮੌਕੇ ਪ੍ਰਧਾਨ ਨਗਰ ਕੌਂਸਲ ਬਲਜਿੰਦਰ ਸਿੰਘ ਅਹੂਜਾ, ਰਜਿੰਦਰ ਦਾਸ ਰਿੰਕੂ ਤੋਂ ਇਲਾਵਾ ਪਾਰਟੀ ਵਰਕਰ ਹਾਜ਼ਰ ਸਨ।



















