ਫ਼ਰੀਦਕੋਟ, 18 ਫਰਵਰੀ 2026 AJ DI Awaaj
Punjab Desk : ਹਲਕਾ ਫ਼ਰੀਦਕੋਟ ਵਿਚ ਸਾਈਟ-2 ਰਿਹੈਬ ਸੈਂਟਰ, ਫ਼ਰੀਦਕੋਟ ਵਿਖੇ ਅਰਬਨ ਪ੍ਰਾਇਮਰੀ ਸਿਹਤ ਕੇਂਦਰ (ਯੂ.ਪੀ.ਐਚ.ਸੀ.) ਦੀ ਨਵੀਂ ਇਮਾਰਤ ਦੇ ਨਿਰਮਾਣ ਲਈ 1,39,45,818 ਰੁਪਏ ਦੀ ਲਾਗਤ ਮਨਜ਼ੂਰ ਕੀਤੀ ਗਈ ਹੈ। ਇਸ ਪ੍ਰੋਜੈਕਟ ਸਬੰਧੀ ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ.) ਵੱਲੋਂ ਟੈਂਡਰ ਜਾਰੀ ਕਰ ਦਿੱਤੇ ਗਏ ਹਨ ਅਤੇ ਅਤੇ ਜਲਦ ਹੀ ਨਿਰਮਾਣ ਕਾਰਜ ਆਰੰਭ ਹੋਣ ਦੀ ਸੰਭਾਵਨਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਦੱਸਿਆ ਕਿ ਇਸ ਨਵੇਂ ਸਿਹਤ ਕੇਂਦਰ ਦੇ ਬਣਨ ਨਾਲ ਸ਼ਹਿਰੀ ਖੇਤਰ ਦੇ ਲੋਕਾਂ ਨੂੰ ਆਪਣੇ ਨੇੜੇ ਹੀ ਬਿਹਤਰ, ਸੁਚੱਜੀਆਂ ਅਤੇ ਗੁਣਵੱਤਾ ਭਰੀਆਂ ਪ੍ਰਾਇਮਰੀ ਸਿਹਤ ਸੇਵਾਵਾਂ ਉਪਲਬਧ ਹੋਣਗੀਆਂ। ਇਸ ਨਾਲ ਸਿਹਤ ਢਾਂਚੇ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਆਮ ਜਨਤਾ ਨੂੰ ਇਲਾਜ ਲਈ ਦੂਰ ਨਹੀਂ ਜਾਣਾ ਪਵੇਗਾ।
ਉਨ੍ਹਾਂ ਇਸ ਮਹੱਤਵਪੂਰਨ ਵਿਕਾਸ ਕਾਰਜ ਲਈ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਅਤੇ ਸੰਬੰਧਿਤ ਮੰਤਰੀ ਸਾਹਿਬਾਨ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਹੇਠ ਹਲਕਾ ਫ਼ਰੀਦਕੋਟ ਵਿੱਚ ਵਿਕਾਸ ਕਾਰਜ ਲਗਾਤਾਰ ਤੇਜ਼ੀ ਨਾਲ ਅੱਗੇ ਵੱਧ ਰਹੇ ਹਨ।
ਉਨ੍ਹਾਂ ਆਖਿਆ ਕਿ ਇਹ ਪ੍ਰੋਜੈਕਟ ਇਲਾਕੇ ਦੀ ਸਿਹਤ ਸੇਵਾਵਾਂ ਵਿੱਚ ਇੱਕ ਅਹਿਮ ਮੀਲ ਪੱਥਰ ਸਾਬਤ ਹੋਵੇਗਾ ਅਤੇ ਆਉਣ ਵਾਲੇ ਸਮੇਂ ਵਿੱਚ ਸ਼ਹਿਰ ਦੇ ਵਸਨੀਕਾਂ ਨੂੰ ਇਸ ਦਾ ਵੱਡਾ ਲਾਭ ਮਿਲੇਗਾ।














