ਪੰਜਾਬ ਆਉਣਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

22
Punjab 24 Nov 2026 AJ DI Awaaj
Punjab Desk   : ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ (BJP) ਵਿਚਾਲੇ ਮੁੜ ਗੱਠਜੋੜ ਹੋਣ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਹਲਚਲ ਤੇਜ਼ ਹੋ ਗਈ ਹੈ। ਇਸ ਦੌਰਾਨ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 8 ਦਸੰਬਰ ਨੂੰ ਪੰਜਾਬ ਦਾ ਦੌਰਾ ਕਰਨਗੇ। ਉਹ ਮਰਹੂਮ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਜਨਮ ਦਿਨ ਮੌਕੇ ਪੰਜਾਬ ਪਹੁੰਚਣਗੇ।

ਗੱਠਜੋੜ ਬਾਰੇ ਗੱਲਬਾਤ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਸਿਰਫ਼ ਇੱਕ ਸਿਆਸੀ ਸਮਝੌਤਾ ਨਹੀਂ, ਸਗੋਂ ਨਹੁੰ-ਮਾਸ ਦਾ ਰਿਸ਼ਤਾ ਹੈ। ਉਨ੍ਹਾਂ ਕਿਹਾ ਕਿ ਇਸ ਗੱਠਜੋੜ ਦੀ ਨੀਂਹ ਪ੍ਰਕਾਸ਼ ਸਿੰਘ ਬਾਦਲ ਅਤੇ ਲਾਲ ਕ੍ਰਿਸ਼ਨ ਅਡਵਾਨੀ ਨੇ ਰੱਖੀ ਸੀ।

ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਨੂੰ 106 ਸਾਲ ਪੁਰਾਣੀ ਖੇਤਰੀ ਪਾਰਟੀ ਦੱਸਦਿਆਂ ਕਿਹਾ ਕਿ ਪਾਰਟੀ ਨੇ ਹਮੇਸ਼ਾ ਪੰਜਾਬ ਅਤੇ ਦੇਸ਼ ਲਈ ਕੁਰਬਾਨੀਆਂ ਦਿੱਤੀਆਂ ਹਨ। ਉਨ੍ਹਾਂ ਦੇਸ਼ ਦੀਆਂ ਜੰਗਾਂ ਵਿੱਚ ਪੰਜਾਬੀਆਂ ਦੇ ਯੋਗਦਾਨ ਅਤੇ ਸ਼ਹੀਦ ਹੋਏ ਜਵਾਨਾਂ ਦੀਆਂ ਕੁਰਬਾਨੀਆਂ ਦਾ ਵੀ ਜ਼ਿਕਰ ਕੀਤਾ।

ਇਸ ਮੌਕੇ ਸੁਖਬੀਰ ਬਾਦਲ ਨੇ ਪਿਛਲੀ ਕਾਂਗਰਸ ਅਤੇ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਵੀ ਨਿਸ਼ਾਨਾ ਸਾਧਿਆ। ਉਨ੍ਹਾਂ ਦੋਸ਼ ਲਾਇਆ ਕਿ ਪਿਛਲੇ 10 ਸਾਲਾਂ ਦੌਰਾਨ ਸੂਬੇ ਦੀ ਹਾਲਤ ਖ਼ਰਾਬ ਹੋਈ ਹੈ ਅਤੇ ਪੰਜਾਬ ਵਿੱਚ ਗੈਂਗਸਟਰਵਾਦ ਤੇ ਨਸ਼ਿਆਂ ਦੀ ਸਮੱਸਿਆ ਵਧੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ, ਕਿਸਾਨੀ ਅਤੇ ਰੁਜ਼ਗਾਰ ਨੂੰ ਬਚਾਉਣ ਲਈ ਠੋਸ ਕਦਮ ਚੁੱਕਣ ਦੀ ਲੋੜ ਹੈ।

ਸੁਖਬੀਰ ਬਾਦਲ ਨੇ ਇਹ ਵੀ ਦੱਸਿਆ ਕਿ ਉਨ੍ਹਾਂ ਦੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਵੀਨ ਨਾਲ ਵਿਸਥਾਰਪੂਰਵਕ ਗੱਲਬਾਤ ਹੋਈ ਹੈ। ਉਨ੍ਹਾਂ ਮੁਤਾਬਕ, ਅਮਿਤ ਸ਼ਾਹ ਨੇ ਪੰਜਾਬ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਅਤੇ ਨੌਜਵਾਨਾਂ ਦੇ ਭਵਿੱਖ ਨੂੰ ਸੁਰੱਖਿਅਤ ਬਣਾਉਣ ਲਈ ਠੋਸ ਕਦਮ ਚੁੱਕਣ ਦਾ ਭਰੋਸਾ ਦਿੱਤਾ ਹੈ।