ਫ਼ਿਰੋਜ਼ਪੁਰ, 12 ਅਕਤੂਬਰ 2026 AJ DI Awaaj
Punjab Desk : ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਲਾਲ ਲਕੀਰ ਦੇ ਵਸਨੀਕਾਂ ਨੂੰ ਉਨ੍ਹਾਂ ਦੀ ਜਾਇਦਾਦ ਦੇ ਹੱਕ ਦੇਣ ਲਈ ਸ਼ੁਰੂ ਕੀਤੀ ‘ਮੇਰਾ ਘਰ-ਮੇਰੇ ਨਾਮ’ ਸਕੀਮ ਤਹਿਤ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਦੇ ਪਿੰਡ ਪੱਧਰੀ ਵਿਖੇ 49 ਲਾਭਪਾਤਰੀਆਂ ਨੂੰ ਜਾਇਦਾਦ ਦੀ ਮਾਲਕੀ ਵਾਲੇ ਪ੍ਰਾਪਰਟੀ ਕਾਰਡਾਂ ਦੀ ਵੰਡ ਕੀਤੀ ਗਈ।
ਇਸ ਸਬੰਧੀ ਪਿੰਡ ਪੱਧਰੀ ਵਿਖੇ ਆਯੋਜਿਤ ਸਮਾਗਮ ਦੌਰਾਨ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਲਾਭਪਾਤਰੀਆਂ ਵਧਾਈ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ‘ਮੇਰਾ ਘਰ-ਮੇਰੇ ਨਾਮ’ ਸਕੀਮ ਦਾ ਮੁੱਖ ਮੰਤਵ ਲਾਲ ਲਕੀਰ ਅੰਦਰ ਰਹਿੰਦੇ ਪੰਜਾਬ ਦੇ ਹਰੇਕ ਯੋਗ ਪਰਿਵਾਰ ਨੂੰ ਆਪਣੇ ਘਰ ਦੀ ਮਾਲਕੀ ਦੇ ਹੱਕ ਦਿਵਾਉਣਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਬਹੁਤ ਸਾਰੇ ਪਰਿਵਾਰ ਦਹਾਕਿਆਂ ਤੋਂ ਲਾਲ ਡੋਰੇ ਅੰਦਰ ਰਹਿ ਰਹੇ ਹਨ ਜਿਨ੍ਹਾਂ ਕੋਲ ਮਾਲਕੀ ਦਾ ਰਸਮੀ ਰਿਕਾਰਡ ਨਾ ਹੋਣ ਕਰਕੇ ਆਪਣੀ ਜ਼ਿੰਦਗੀ ਵਿਚ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ ਅਤੇ ਇਸ ਸਕੀਮ ਨੇ ਅਜਿਹੀਆਂ ਸਾਰੀਆਂ ਸਮੱਸਿਆਵਾਂ ਦਾ ਜੜ੍ਹੋਂ ਹੱਲ ਕਰ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਇਸ ਲੋਕ ਪੱਖੀ ਪਹਿਲਕਦਮੀ ਨੇ ਲਾਲ ਲਕੀਰ ਦੇ ਵਸਨੀਕਾਂ ਦੇ ਸਨਮਾਨ ਅਤੇ ਸੁਰੱਖਿਆ ਨੂੰ ਹੋਰ ਮਜ਼ਬੂਤ ਕੀਤਾ ਹੈ। ਮਾਲਕੀ ਹੱਕ ਮਿਲਣ ਨਾਲ ਲੋਕਾਂ ਅੰਦਰ ਆਪਣੇ ਘਰਾਂ ਦੀ ਸੰਭਾਲ, ਸੁਧਾਰ ਅਤੇ ਭਵਿੱਖ ਦੇ ਯੋਜਨਾਬੰਦੀ ਦਾ ਭਰੋਸਾ ਹੋਰ ਵਧੇਗਾ ਅਤੇ ਉਹ ਆਪਣੀਆਂ ਪ੍ਰਾਪਰਟੀਆਂ ਖਰੀਦ-ਵੇਚ ਸਕਣਗੇ, ਜਿਨ੍ਹਾਂ ਦੀਆਂ ਜਾਇਦਾਦਾਂ ਦਾ ਮੁਕੰਮਲ ਵੇਰਵਾ ਹੁਣ ਮਾਲ ਵਿਭਾਗ ਦੇ ਰਿਕਾਰਡ ਵਿਚ ਦਰਜ ਹੋਵੇਗਾ।
ਇਸ ਦੌਰਾਨ ਪ੍ਰਾਪਰਟੀ ਕਾਰਡ ਪ੍ਰਾਪਤ ਕਰਨ ਵਾਲੇ ਲਾਭਪਾਤਰੀਆਂ ਨੇ ਪੰਜਾਬ ਸਰਕਾਰ ਅਤੇ ਵਿਧਾਇਕ ਰਣਬੀਰ ਸਿੰਘ ਭੁੱਲਰ ਦਾ ਧੰਨਵਾਦ ਕੀਤਾ।
ਇਸ ਮੌਕੇ ਤਹਿਸੀਲਦਾਰ ਫ਼ਿਰੋਜ਼ਪੁਰ ਹਰਿੰਦਰ ਪਾਲ ਸਿੰਘ, ਚੇਅਰਮੈਨ ਮਾਰਕੀਟ ਕਮੇਟੀ ਹਰਮੀਤ ਸਿੰਘ ਖਾਈ, ਚੇਅਰਮੈਨ ਬਲਾਕ ਸੰਮਤੀ ਦਿਲਬਾਗ ਸਿੰਘ ਨੰਢਾ, ਗੁਰਭੇਜ ਸਿੰਘ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।



















