ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਲੋਕਾਂ ਦਾ ਸਹਿਯੋਗ ਜ਼ਰੂਰੀ

2
ਫ਼ਰੀਦਕੋਟ, 10 ਅਕਤੂਬਰ 2026 AJ DI Awaaj
Punjab Desk    : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਹਲਕਾ ਫ਼ਰੀਦਕੋਟ ਦੇ ਪਿੰਡ ਭੋਲੂਵਾਲਾ ਵਿਖੇ ਜਾਗਰੂਕਤਾ ਮੀਟਿੰਗ ਕੀਤੀ ਗਈ। ਇਸ ਮੌਕੇ ਨਗਰ ਸੁਧਾਰ ਟਰੱਸਟ ਫ਼ਰੀਦਕੋਟ ਦੇ ਚੇਅਰਮੈਨ ਅਤੇ ਨਸ਼ਾ ਮੁਕਤੀ ਮੋਰਚਾ ਮਾਲਵਾ ਸੈਂਟਰਲ ਦੇ ਇੰਚਾਰਜ ਸ. ਗਗਨਦੀਪ ਸਿੰਘ ਧਾਲੀਵਾਲ ਨੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਸਿਰਫ਼ ਸਰਕਾਰ ਜਾਂ ਪੁਲਿਸ ਦੀ ਨਹੀਂ, ਸਗੋਂ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ।
ਸ. ਧਾਲੀਵਾਲ ਨੇ ਕਿਹਾ ਕਿ ਨਸ਼ੇ ਸਾਡੇ ਸਮਾਜ ਲਈ ਗੰਭੀਰ ਚੁਣੌਤੀ ਬਣੇ ਹੋਏ ਹਨ ਅਤੇ ਇਨ੍ਹਾਂ ਦਾ ਸਭ ਤੋਂ ਵੱਧ ਪ੍ਰਭਾਵ ਨੌਜਵਾਨ ਪੀੜ੍ਹੀ ਦੇ ਭਵਿੱਖ ’ਤੇ ਪੈ ਰਿਹਾ ਹੈ। ਨਸ਼ਿਆਂ ਕਾਰਨ ਕਈ ਪਰਿਵਾਰਾਂ ਨੂੰ ਦੁੱਖ ਅਤੇ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਹੈ। ਇਸ ਲਈ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣਾ, ਉਨ੍ਹਾਂ ਨੂੰ ਸਹੀ ਦਿਸ਼ਾ ਵੱਲ ਪ੍ਰੇਰਿਤ ਕਰਨਾ ਅਤੇ ਖੇਡਾਂ, ਸਿੱਖਿਆ ਤੇ ਹੋਰ ਉਸਾਰੂ ਗਤੀਵਿਧੀਆਂ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ।
ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਦੇ ਖ਼ਾਤਮੇ ਲਈ ਇਕਜੁੱਟ ਹੋ ਕੇ ਸਰਕਾਰ ਅਤੇ ਪ੍ਰਸ਼ਾਸਨ ਦਾ ਸਾਥ ਦੇਣ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਗ਼ੈਰ-ਕਾਨੂੰਨੀ ਕਾਰੋਬਾਰ ਸਬੰਧੀ ਜਾਣਕਾਰੀ ਪੁਲਿਸ ਅਤੇ ਪ੍ਰਸ਼ਾਸਨ ਨਾਲ ਸਾਂਝੀ ਕਰਨੀ ਚਾਹੀਦੀ ਹੈ, ਤਾਂ ਜੋ ਇਸ ਬੁਰਾਈ ਨੂੰ ਜੜ੍ਹੋਂ ਖ਼ਤਮ ਕਰਨ ਲਈ ਪ੍ਰਭਾਵਸ਼ਾਲੀ ਕਦਮ ਚੁੱਕੇ ਜਾ ਸਕਣ। ਉਨ੍ਹਾਂ ਇਹ ਵੀ ਕਿਹਾ ਕਿ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਵਿੱਚ ਪਿੰਡਾਂ ਦੀਆਂ ਪੰਚਾਇਤਾਂ, ਸਮਾਜਿਕ ਸੰਸਥਾਵਾਂ ਅਤੇ ਆਮ ਲੋਕ ਅਹਿਮ ਭੂਮਿਕਾ ਨਿਭਾ ਸਕਦੇ ਹਨ।
ਉਨ੍ਹਾਂ ਅੱਗੇ ਕਿਹਾ ਕਿ ਲੋਕਾਂ ਦੀ ਸਰਗਰਮ ਭਾਗੀਦਾਰੀ ਨਾਲ ਹੀ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਨੂੰ ਹੋਰ ਮਜ਼ਬੂਤ ਕੀਤਾ ਜਾ ਸਕਦਾ ਹੈ। ਉਨ੍ਹਾਂ ਸਮੂਹ ਪਿੰਡ ਵਾਸੀਆਂ ਨੂੰ ਸੱਦਾ ਦਿੱਤਾ ਕਿ ਉਹ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਆਪਣਾ ਬਣਦਾ ਯੋਗਦਾਨ ਪਾਉਣ ਅਤੇ ਨੌਜਵਾਨਾਂ ਨੂੰ ਸਿਹਤਮੰਦ ਤੇ ਉਸਾਰੂ ਜੀਵਨ ਜਿਊਣ ਲਈ ਉਤਸ਼ਾਹਿਤ ਕਰਨ।
ਇਸ ਮੌਕੇ ਜ਼ਿਲ੍ਹਾ ਕੋਆਰਡੀਨੇਟਰ ਪ੍ਰੋ. ਗੁਰਸੇਵਕ ਸਿੰਘ, ਡੀ.ਐੱਸ.ਪੀ. ਤਿਰਲੋਚਨ ਸਿੰਘ, ਐੱਸ.ਐੱਚ.ਓ. ਸਦਰ ਰਾਜੇਸ਼ ਕੁਮਾਰ, ਨਸ਼ਾ ਮੁਕਤੀ ਮੋਰਚਾ ਦੇ ਅਹੁਦੇਦਾਰ ਅਤੇ ਪਿੰਡ ਵਾਸੀ ਹਾਜ਼ਰ ਸਨ।