ਪੰਜਾਬ 12 June 2026 AJ DI Awaaj
Punjab Desk : ਭਾਜਪਾ ਦੀ ਕੇਂਦਰੀ ਲੀਡਰਸ਼ਿਪ ਨੇ ਪੰਜਾਬ ਇਕਾਈ ਦੇ ਸੀਨੀਅਰ ਆਗੂਆਂ ਨੂੰ ਸ਼ੁੱਕਰਵਾਰ ਸ਼ਾਮ ਨਵੀਂ ਦਿੱਲੀ ਵਿੱਚ ਹੋਣ ਵਾਲੀ ਇੱਕ ਅਹਿਮ ਬੈਠਕ ਲਈ ਸੱਦਾ ਦਿੱਤਾ ਹੈ। ਜਾਣਕਾਰੀ ਅਨੁਸਾਰ ਪਾਰਟੀ ਦੇ ਕੌਮੀ ਸੰਗਠਨ ਮਹਾਮੰਤਰੀ ਬੀ. ਐੱਲ. ਸੰਤੋਸ਼ ਦੀ ਅਗਵਾਈ ਹੇਠ ਇਹ ਮੀਟਿੰਗ ਸ਼ਾਮ ਕਰੀਬ 6 ਵਜੇ ਹੋਵੇਗੀ।
ਬੈਠਕ ਵਿੱਚ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ, ਸਾਬਕਾ ਪ੍ਰਧਾਨ ਸੁਨੀਲ ਜਾਖੜ, ਅਸ਼ਵਨੀ ਸ਼ਰਮਾ ਸਮੇਤ ਹੋਰ ਸੀਨੀਅਰ ਆਗੂ ਅਤੇ ਸਾਬਕਾ ਸੂਬਾ ਪ੍ਰਧਾਨ ਹਿੱਸਾ ਲੈਣਗੇ।
ਸੂਤਰਾਂ ਮੁਤਾਬਕ ਮੀਟਿੰਗ ਦੌਰਾਨ ਪੰਜਾਬ ਭਾਜਪਾ ਦੇ ਨਵੇਂ ਅਹੁਦੇਦਾਰਾਂ ਦੀ ਨਿਯੁਕਤੀ, ਸੂਬੇ ਦੇ ਮੌਜੂਦਾ ਸਿਆਸੀ ਹਾਲਾਤ ਅਤੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਾਰਟੀ ਦੀ ਰਣਨੀਤੀ ’ਤੇ ਵਿਸਥਾਰ ਨਾਲ ਚਰਚਾ ਕੀਤੀ ਜਾ ਸਕਦੀ ਹੈ।
ਇਹ ਵੀ ਜਾਣਕਾਰੀ ਮਿਲੀ ਹੈ ਕਿ ਪੰਜਾਬ ਭਾਜਪਾ ਦੀ ਨਵੀਂ ਟੀਮ ਦੇ ਗਠਨ ਅਤੇ ਆਉਣ ਵਾਲੀਆਂ ਚੋਣਾਂ ਲਈ ਸੰਗਠਨਾਤਮਕ ਤਿਆਰੀਆਂ ਸਬੰਧੀ ਅਹਿਮ ਫ਼ੈਸਲੇ ਲਏ ਜਾ ਸਕਦੇ ਹਨ। ਸੂਬਾ ਪ੍ਰਧਾਨ ਬਣਨ ਤੋਂ ਬਾਅਦ ਕੇਵਲ ਸਿੰਘ ਢਿੱਲੋਂ ਦੀ ਇਹ ਪਹਿਲੀ ਉੱਚ ਪੱਧਰੀ ਮੀਟਿੰਗ ਮੰਨੀ ਜਾ ਰਹੀ ਹੈ।














