ਸਕੂਲੀ ਸਿੱਖਿਆ ‘ਚ ਪੰਜਾਬ ਨੇ ਮਾਰੀ ਬਾਜ਼ੀ

24

ਚੰਡੀਗੜ੍ਹ: 07 Aug 2026 AJ DI Awaaj

Chandigarh Desk :  ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਾਅਵਾ ਕੀਤਾ ਕਿ ਨੀਤੀ ਆਯੋਗ ਸਕੂਲ ਐਜੂਕੇਸ਼ਨ ਕਵਾਲਿਟੀ ਇੰਡੈਕਸ 2026 ਵਿੱਚ ਪੰਜਾਬ ਨੇ ਕੇਰਲ ਨੂੰ ਪਿੱਛੇ ਛੱਡਦੇ ਹੋਏ ਦੇਸ਼ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ।

ਵਿਧਾਨ ਸਭਾ ਵਿੱਚ ਬੋਲਦਿਆਂ ਬੈਂਸ ਨੇ ਕਿਹਾ ਕਿ 2022 ਵਿੱਚ ਹਜ਼ਾਰਾਂ ਸਰਕਾਰੀ ਸਕੂਲ ਬੁਨਿਆਦੀ ਸਹੂਲਤਾਂ ਤੋਂ ਵਾਂਝੇ ਸਨ ਅਤੇ ਕਰੀਬ 4 ਲੱਖ ਵਿਦਿਆਰਥੀ ਜ਼ਮੀਨ ‘ਤੇ ਬੈਠ ਕੇ ਪੜ੍ਹਦੇ ਸਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਬੁਨਿਆਦੀ ਢਾਂਚੇ ਵਿੱਚ ਸੁਧਾਰ, ਸਮੇਂ ਸਿਰ ਕਿਤਾਬਾਂ ਦੀ ਵੰਡ ਅਤੇ ‘ਮਿਸ਼ਨ ਸਮਰੱਥ’ ਵਰਗੀਆਂ ਪਹਿਲਕਦਮੀਆਂ ਰਾਹੀਂ ਸਿੱਖਿਆ ਪ੍ਰਣਾਲੀ ਵਿੱਚ ਵੱਡੇ ਬਦਲਾਅ ਲਿਆਂਦੇ ਹਨ।

ਸਿੱਖਿਆ ਮੰਤਰੀ ਨੇ ਦੱਸਿਆ ਕਿ ਇਸ ਸਾਲ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਨੀਟ ਪ੍ਰੀਖਿਆ ਪਾਸ ਕੀਤੀ ਹੈ, ਜਦਕਿ 2021 ਵਿੱਚ ਇਹ ਗਿਣਤੀ ਸਿਰਫ਼ 80 ਸੀ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਪਹਿਲੀ ਤੋਂ 12ਵੀਂ ਜਮਾਤ ਤੱਕ ਆਰਟੀਫਿਸ਼ੀਅਲ ਇੰਟੈਲੀਜੈਂਸ ਨੂੰ ਮੁੱਖ ਵਿਸ਼ੇ ਵਜੋਂ ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਹੈ।

ਬੈਂਸ ਨੇ ਦੱਸਿਆ ਕਿ 19,125 ਸਰਕਾਰੀ ਸਕੂਲਾਂ ਵਿੱਚ 2,638 ਕਰੋੜ ਰੁਪਏ ਦੇ ਬੁਨਿਆਦੀ ਢਾਂਚੇ ਦੇ ਕੰਮ ਕਰਵਾਏ ਗਏ ਹਨ ਅਤੇ ਹੋਰ ਸੁਧਾਰਾਂ ਲਈ ਵਿਸ਼ਵ ਬੈਂਕ ਤੋਂ 1,000 ਕਰੋੜ ਰੁਪਏ ਦੀ ਮਨਜ਼ੂਰੀ ਵੀ ਮਿਲੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਟੀਚਾ ਸਰਕਾਰੀ ਸਕੂਲਾਂ ਨੂੰ ਲੋਕਾਂ ਦੀ ਪਹਿਲੀ ਪਸੰਦ ਬਣਾਉਣਾ ਹੈ।