ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ
ਬੱਚਾ ਗੋਦ ਲੈਣ ਦੀ ਪ੍ਰਕਿਰਿਆ ਤੇਜ਼ ਅਤੇ ਪਾਰਦਰਸ਼ੀ ਬਣਾਉਣ ਲਈ 176 ਨਵੀਆਂ ਅਸਾਮੀਆਂ ਦੀ ਕੀਤੀ ਗਈ ਰਚਨਾ
ਅਨਾਥ ਅਤੇ ਬੇਸਹਾਰਾ ਬੱਚਿਆਂ ਨੂੰ ਸੁਰੱਖਿਅਤ ਅਤੇ ਪਿਆਰ ਭਰਿਆ ਵਾਤਾਵਰਣ ਦੇਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਵਚਨਬੱਧ
ਚੰਡੀਗੜ੍ਹ24 ਮਾਰਚ 2025 Aj Di Awaaj
ਪੰਜਾਬ ਸਰਕਾਰ ਨੇ ਅਨਾਥ ਅਤੇ ਬੇਸਹਾਰਾ ਬੱਚਿਆਂ ਦੀ ਕਾਨੂੰਨੀ ਗੋਦ ਲੈਣ ਦੀ ਪ੍ਰਕਿਰਿਆ ਨੂੰ ਹੋਰ ਸੁਚਾਰੂ, ਪਾਰਦਰਸ਼ੀ ਅਤੇ ਕੁਸ਼ਲ ਬਣਾਉਣ ਵੱਲ ਇੱਕ ਹੋਰ ਵੱਡਾ ਕਦਮ ਚੁੱਕਿਆ ਹੈ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ 16 ਗੋਦ ਲੈਣ ਵਾਲੀਆਂ ਏਜੰਸੀਆਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ, ਜੋ ਸੰਭਾਵੀ ਮਾਪਿਆਂ ਲਈ ਗੋਦ ਲੈਣ ਦੀ ਪ੍ਰਕਿਰਿਆ ਨੂੰ ਆਸਾਨ ਅਤੇ ਤੇਜ਼ ਕਰਨਗੀਆਂ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਨਾਥ ਬੱਚਿਆਂ ਦੀ ਭਲਾਈ ਅਤੇ ਉਨ੍ਹਾਂ ਦੇ ਹੱਕਾਂ ਦੀ ਰਾਖੀ ਯਕੀਨੀ ਬਣਾਉਣ ਲਈ ਸਰਕਾਰ ਨੇ 176 ਨਵੀਆਂ ਅਸਾਮੀਆਂ ਦੀ ਰਚਨਾ ਕੀਤੀ ਹੈ। ਇਹ ਕਰਮਚਾਰੀ ਗੋਦ ਲੈਣ ਦੀ ਪ੍ਰਕਿਰਿਆ ਨੂੰ ਮੁਸ਼ਕਿਲ ਰਹਿਤ, ਤੇਜ਼ ਅਤੇ ਪੂਰੀ ਤਰ੍ਹਾਂ ਪਾਰਦਰਸ਼ੀ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ।
ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਹਰ ਅਨਾਥ ਬੱਚੇ ਨੂੰ ਇੱਕ ਪਿਆਰ ਭਰਿਆ ਅਤੇ ਸੁਰੱਖਿਅਤ ਘਰ ਮਿਲੇ। ਉਨ੍ਹਾਂ ਕਿਹਾ ਕਿ ਇਹ ਵੀ ਲਗਾਤਾਰ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਗੋਦ ਲੈਣ ਦੀ ਪ੍ਰਕਿਰਿਆ ਨੈਤਿਕ ਮਾਪਦੰਡਾਂ ਅਨੁਸਾਰ ਹੋਵੇ ਅਤੇ ਹਰ ਬੱਚੇ ਨੂੰ ਉਹ ਸਭ ਸੁਵਿਧਾਵਾਂ ਮਿਲਣ ਜਿਸਦਾ ਉਹ ਹਕਦਾਰ ਹੈ।
ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਕਿਹਾ ਹੈ ਕਿ ਸੂਬੇ ਦੀ ਮੌਜੂਦਾ ਸਰਕਾਰ ਅਨਾਥ ਅਤੇ ਬੇਸਹਾਰਾ ਬੱਚਿਆਂ ਨੂੰ ਸੁਰੱਖਿਅਤ ਅਤੇ ਚੰਗੇ ਪਾਲਣ ਪੋਸ਼ਣ ਵਾਲਾ ਪਰਿਵਾਰ ਮੁਹਈਆ ਕਰਵਾਕੇ ਇਹ ਯਕੀਨੀ ਬਣਾਉਣਾ ਚਾਹੁੰਦੀ ਹੈ ਕਿ ਇਹ ਬੱਚੇ ਚੰਗੀ ਸਿੱਖਿਆ ਹਾਸਲ ਕਰਕੇ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਹੋਵੇ।
ਉਨ੍ਹਾਂ ਅੱਗੇ ਕਿਹਾ ਕਿ ਇਹ ਉਪਰਾਲਾ ਪੰਜਾਬ ਨੂੰ “ਰੰਗਲਾ ਪੰਜਾਬ” ਬਣਾਉਣ ਦੀ ਦਿਸ਼ਾ ਵਿੱਚ ਅਹਿਮ ਕਦਮ ਹੈ। ਰਾਜ ਸਰਕਾਰ ਹਮੇਸ਼ਾ ਇਹ ਯਕੀਨੀ ਬਣਾਉਣ ਲਈ ਕੰਮ ਕਰੇਗੀ ਕਿ ਹਰ ਬੱਚੇ ਨੂੰ ਇੱਕ ਆਦਰਸ਼ ਅਤੇ ਪਿਆਰ ਭਰਿਆ ਜੀਵਨ ਮਿਲੇ।
