ਤਰਨ ਤਾਰਨ 17 ਅਪ੍ਰੈਲ 2026 AJ DI Awaaj
Punjab Desk : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਕਾਰੀ ਸਕੂਲਾਂ ਦਾ ਕਾਇਆ-ਕਲਪ ਕਰਨ ਅਤੇ ਵਿਦਿਆਰਥੀਆਂ ਨੂੰ ਹਰੇਕ ਸਹੂਲਤ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਗੁਰਵਿੰਦਰ ਸਿੰਘ ਬਹਿੜਵਾਲ ਨੇ ਅੱਜ ਸਰਕਾਰੀ ਐਲੀਮੈਂਟਰੀ ਸਕੂਲ ਦੁੱਬਲੀ ਵਿਖੇ ਨਵੇਂ ਉਸਾਰੇ ਕਮਰੇ ਦਾ ਉਦਘਾਟਨ ਕਰਨ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਬਲਾਕ ਸਿੱਖਿਆ ਅਫ਼ਸਰ ਜਸਵਿੰਦਰ ਸਿੰਘ ਸੰਧੂ ਅਤੇ ਗੁਰਪਿੰਦਰ ਸਿੰਘ ਉੱਪਲ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਉਦਘਾਟਨੀ ਰਸਮਾਂ ਨੂੰ ਸਾਂਝੇ ਤੌਰ ‘ਤੇ ਨਿਭਾਉਂਦਿਆਂ ਚੇਅਰਮੈਨ ਬਹਿੜਵਾਲ ਨੇ ਕਿਹਾ ਕਿ ਸਰਕਾਰ ਦਾ ਮੁੱਖ ਟੀਚਾ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣਾ ਹੈ ਤਾਂ ਜੋ ਗ਼ਰੀਬ ਤੋਂ ਗ਼ਰੀਬ ਬੱਚਾ ਵੀ ਵਧੀਆ ਮਾਹੌਲ ਵਿਚ ਪੜ੍ਹਾਈ ਕਰਕੇ ਆਪਣੇ ਸੁਪਨੇ ਸਾਕਾਰ ਕਰ ਸਕੇ।
ਇਸ ਤੋਂ ਪਹਿਲਾਂ ਸਕੂਲ ਪਹੁੰਚਣ ‘ਤੇ ਬੱਚਿਆਂ ਵੱਲੋਂ ਮੁੱਖ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਦੌਰਾਨ ਵਿਦਿਆਰਥੀਆਂ ਨੇ ਬਹੁਤ ਹੀ ਖ਼ੂਬਸੂਰਤ ਰੰਗਾ-ਰੰਗ ਪ੍ਰੋਗਰਾਮ ਪੇਸ਼ ਕਰਕੇ ਸਭ ਦਾ ਮਨ ਮੋਹ ਲਿਆ। ਬਲਾਕ ਸਿੱਖਿਆ ਅਫ਼ਸਰ ਜਸਵਿੰਦਰ ਸਿੰਘ ਸੰਧੂ ਨੇ ਸੰਬੋਧਨ ਕਰਦਿਆਂ ਕਿਹਾ ਕਿ ਨਵੇਂ ਕਮਰਿਆਂ ਦੀ ਉਸਾਰੀ ਨਾਲ ਬੱਚਿਆਂ ਦੇ ਬੈਠਣ ਦੀ ਸਮੱਸਿਆ ਹੱਲ ਹੋਵੇਗੀ ਅਤੇ ਪੜ੍ਹਾਈ ਦਾ ਮਾਹੌਲ ਹੋਰ ਸੁਖਾਵਾਂ ਬਣੇਗਾ।
ਸਮਾਗਮ ਦੇ ਅੰਤ ਵਿਚ ਸਕੂਲ ਸਟਾਫ਼ ਅਤੇ ਪਿੰਡ ਵਾਸੀਆਂ ਵੱਲੋਂ ਆਏ ਹੋਏ ਮਹਿਮਾਨਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਸਕੂਲ ਦਾ ਸਮੂਹ ਸਟਾਫ਼, ਪੰਚਾਇਤ ਮੈਂਬਰ ਅਤੇ ਬੱਚਿਆਂ ਦੇ ਮਾਪੇ ਵੱਡੀ ਗਿਣਤੀ ਵਿੱਚ ਹਾਜ਼ਰ ਸਨ।














