5 August 2026 Aj Di Awaaj
Punjab Desk: ਪੰਜਾਬ ਵਿੱਚ ਸਕੂਲੀ ਸਿਲੇਬਸ ਨੂੰ ਲੈ ਕੇ ਚੱਲ ਰਹੀ ਸਿਆਸੀ ਚਰਚਾ ਦਰਮਿਆਨ ਸਰਕਾਰ ਨੇ ਕਿਹਾ ਹੈ ਕਿ ਉਸ ਦੀ ਪਹਿਲ ਸਿਆਸਤ ਨਹੀਂ, ਸਗੋਂ ਸੂਬੇ ਦੀ ਮਹਾਨ ਵਿਰਾਸਤ, ਇਤਿਹਾਸ ਅਤੇ ਗੁਰੂ ਸਾਹਿਬਾਨ ਦੇ ਉਪਦੇਸ਼ਾਂ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣਾ ਹੈ।
ਸਰਕਾਰ ਦਾ ਕਹਿਣਾ ਹੈ ਕਿ ਸਿੱਖ ਗੁਰੂਆਂ ਦੇ ਫ਼ਲਸਫ਼ੇ, ਸ਼ਹੀਦਾਂ ਦੀਆਂ ਕੁਰਬਾਨੀਆਂ ਅਤੇ ਪੰਜਾਬ ਦੇ ਇਤਿਹਾਸ ਨੂੰ ਸਨਮਾਨ ਨਾਲ ਸਿਲੇਬਸ ਵਿੱਚ ਸ਼ਾਮਲ ਕਰਨਾ ਕਿਸੇ ਵੀ ਤਰ੍ਹਾਂ ਦਾ ਸਿਆਸੀ ਏਜੰਡਾ ਨਹੀਂ, ਬਲਕਿ ਆਉਣ ਵਾਲੀਆਂ ਪੀੜ੍ਹੀਆਂ ਨੂੰ ਆਪਣੀਆਂ ਜੜ੍ਹਾਂ ਨਾਲ ਜੋੜਨ ਦੀ ਕੋਸ਼ਿਸ਼ ਹੈ।
ਸਰਕਾਰ ਨੇ ਕਿਹਾ ਕਿ ਗੁਰੂ ਸਾਹਿਬਾਨ ਵੱਲੋਂ ਦਰਸਾਏ ਸੱਚ, ਸੇਵਾ ਅਤੇ ਮਨੁੱਖਤਾ ਦੇ ਮਾਰਗ ਨੂੰ ਬੱਚਿਆਂ ਤੱਕ ਪਹੁੰਚਾਉਣਾ ਸਮੇਂ ਦੀ ਲੋੜ ਹੈ। ਇਸ ਨਾਲ ਵਿਦਿਆਰਥੀਆਂ ਨੂੰ ਆਪਣੀ ਸੱਭਿਆਚਾਰਕ ਅਤੇ ਇਤਿਹਾਸਕ ਵਿਰਾਸਤ ਬਾਰੇ ਜਾਣਨ ਅਤੇ ਉਸ ‘ਤੇ ਮਾਣ ਕਰਨ ਦਾ ਮੌਕਾ ਮਿਲੇਗਾ।
ਇਹ ਬਿਆਨ ਉਸ ਸਮੇਂ ਆਇਆ ਹੈ ਜਦੋਂ ਵਿਰੋਧੀ ਧਿਰਾਂ ਵੱਲੋਂ ਸਕੂਲੀ ਸਿਲੇਬਸ ਵਿੱਚ ਸਿਆਸੀ ਏਜੰਡਾ ਸ਼ਾਮਲ ਕਰਨ ਦੇ ਦੋਸ਼ ਲਗਾਏ ਜਾ ਰਹੇ ਹਨ। ਸਰਕਾਰ ਨੇ ਇਨ੍ਹਾਂ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਕਿ ਉਸ ਦਾ ਮਕਸਦ ਸਿਰਫ਼ ਪੰਜਾਬ ਦੀ ਵਿਰਾਸਤ ਅਤੇ ਇਤਿਹਾਸ ਦੀ ਸੰਭਾਲ ਕਰਨਾ ਅਤੇ ਨਵੀਂ ਪੀੜ੍ਹੀ ਨੂੰ ਆਪਣੀ ਪਹਿਚਾਣ ਨਾਲ ਜੋੜਨਾ ਹੈ।


















