ਗੁਰਦਾਸਪੁਰ, 28 ਜੁਲਾਈ 2025 AJ DI Awaaj
Punjab Desk – ਪੰਜਾਬ ਸਰਕਾਰ ਰਾਜ ਦੇ ਸਾਰੇ ਬਜ਼ੁਰਗਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਰਾਜ ਸਰਕਾਰ ਵੱਲੋਂ ਬਜ਼ੁਰਗ ਨਾਗਰਿਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਉੱਦਮਾਂ ਤਹਿਤ, ਬੁਢਾਪਾ ਪੈਨਸ਼ਨ ਯੋਜਨਾ ਦੇ ਅਧੀਨ ਜੂਨ 2025 ਤੱਕ 1347 ਕਰੋੜ ਰੁਪਏ ਦੀ ਰਕਮ ਜਾਰੀ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ ਨੇ ਦੱਸਿਆ ਕਿ ਇਸ ਮਿਆਦ ਦੌਰਾਨ 22.75 ਲੱਖ ਬਜ਼ੁਰਗ ਲਾਭਪਾਤਰੀਆਂ ਨੇ ਯੋਜਨਾ ਦਾ ਲਾਭ ਪ੍ਰਾਪਤ ਕੀਤਾ ਹੈ। ਉਨ੍ਹਾਂ ਕਿਹਾ ਕਿ ਚਾਲੂ ਵਿੱਤੀ ਸਾਲ ਲਈ ਰਾਜ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਲਈ 4100 ਕਰੋੜ ਰੁਪਏ ਦਾ ਬਜਟ ਉਪਲਬਧ ਕਰਵਾਇਆ ਗਿਆ ਹੈ।
ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਬਜ਼ੁਰਗਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਮਾਜਿਕ ਸੁਰੱਖਿਆ ਯੋਜਨਾਵਾਂ ਬਜ਼ੁਰਗਾਂ ਦੀ ਸਮਾਜਿਕ ਅਤੇ ਆਰਥਿਕ ਸੁਰੱਖਿਆ ਦਾ ਬੁਨਿਆਦੀ ਸਹਾਰਾ ਹਨ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਹਰ ਇਕ ਹੱਕਦਾਰ ਤੱਕ ਇਹ ਸਹੂਲਤ ਬਿਨਾਂ ਰੁਕਾਵਟ ਪਹੁੰਚੇ।
