ਪੰਜਾਬ ਸਰਕਾਰ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ-ਵਿਧਾਇਕ ਰਾਏ

38

ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਫ਼ਤਹਿਗੜ੍ਹ ਸਾਹਿਬ                                                                            *ਹਲਕਾ ਵਿਧਾਇਕ ਲਖਬੀਰ ਸਿੰਘ ਰਾਏ ਨੇ ਪਿੰਡ ਤਰਖਾਣ ਮਾਜਰਾ ਵਿਖੇ 20 ਲੱਖ ਰੁਪਏ ਦੀ ਲਾਗਤ ਨਾਲ ਸੀਵਰੇਜ ਦਾ ਕੰਮ ਕਰਵਾਇਆ ਸ਼ੁਰੂ

*ਵਿਧਾਇਕ ਵੱਲੋਂ ਪੰਚਾਇਤਾਂ ਨੂੰ ਧੜ੍ਹੇਬੰਦੀ ਤੋਂ ਉਪਰ ਉੱਠ ਕੇ ਪਿੰਡਾਂ ਦਾ ਵਿਕਾਸ ਕਰਵਾਉਣ ਦੀ ਅਪੀਲ

ਫ਼ਤਹਿਗੜ੍ਹ ਸਾਹਿਬ, 21 ਫਰਵਰੀ 2025  Aj Di Awaaj

 ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਦੀ ਅਗਵਾਈ ਹੇਠ ਸੂਬਾ ਸਰਕਾਰ ਪਿੰਡਾਂ ਦੇ ਲੋਕਾਂ ਨੂੰ ਸ਼ਹਿਰਾਂ ਦੀ ਤਰਜ਼ ਤੇ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਪਿੰਡਾਂ ਦਾ ਸਰਵਪੱਖੀ ਵਿਕਾਸ ਕਰਵਾ ਕੇ ਨਮੂਨੇ ਦੇ ਪਿੰਡ ਬਣਾਇਆ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਪਿੰਡ ਤਰਖਾਣ ਮਾਜਰਾ ਵਿਖੇ 20 ਲੱਖ ਰੁਪਏ ਦੀ ਲਾਗਤ ਨਾਲ ਸੀਵਰਾ ਪਾਉਣ ਦਾ ਕੰਮ ਸ਼ੁਰੂ ਕਰਵਾਉਣ ਮੌਕੇ ਕੀਤਾ। ਉਨ੍ਹਾਂ ਪਿੰਡ ਵਿੱਚ ਸੀਵਰੇਜ ਪੈਣ ਉਪਰੰਤ ਜਿਥੇ ਪਿੰਡਾਂ ਵਿੱਚ ਗੰਦੇ ਪਾਣੀ ਦੀ ਸਮੱਸਿਆ ਦਾ ਹੱਲ ਹੋਵੇਗਾ ਉਥੇ ਹੀ ਪਿੰਡਾਂ ਦੇ ਦਾਖਲੇ ਤੇ ਬਣੇ ਹੋਏ ਟੋਭੇ ਵੀ ਬੰਦ ਹੋ ਜਾਂਣਗੇ। ਉਨ੍ਹਾਂ ਦੱਸਿਆ ਕਿ ਸੀਵਰੇਜ ਪੈਣ ਤੋਂ ਬਾਅਦ ਪਿੰਡ ਦੇ ਗੰਦੇ ਪਾਣੀ ਦੀ ਨਿਕਾਸੀ ਲਈ ਢੁਕਵੇਂ ਪ੍ਰਬੰਧ ਕੀਤੇ ਜਾਣਗੇ।

 ਵਿਧਾਇਕ ਨੇ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਜਦੋਂ ਤੋਂ ਸੂਬੇ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਉਦੋਂ ਤੋਂ ਹੀ ਹਰੇਕ ਵਰਗ ਦੇ ਲੋਕਾਂ ਦੀ ਭਲਾਈ ਲਈ ਵੱਖ-ਵੱਖ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਜਿਥੇ 50 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਦਿੱਤਾ ਹੈ ਉਥੇ ਹੀ ਰਿਸ਼ਵਤਖੋਰੀ ਦੇ ਖਾਤਮੇ ਲਈ ਵੀ ਸਰਕਾਰ ਵੱਲੋਂ ਅਹਿਮ ਫੈਸਲੇ ਕੀਤੇ ਗਏ ਹਨ। ਸਰਕਾਰ ਵੱਲੋਂ ਸੂਬੇ ਨੂੰ ਹੱਸਦਾ, ਵੱਸਦਾ ਤੇ ਰੰਗਲਾ ਪੰਜਾਬ ਬਣਾਉਣ ਦੇ ਮੰਤਵ ਨਾਲ ਖੇਡਾਂ ਵਤਨ ਪੰਜਾਬ ਦੀਆਂ ਕਰਵਾਈਆਂ ਜਾ ਰਹੀਆਂ ਹਨ ਅਤੇ ਨਸ਼ਿਆਂ ਦੇ ਖਾਤਮੇ ਲਈ ਸਰਕਾਰ ਵੱਲੋਂ ਸਬੰਧਤ ਵਿਭਾਗਾਂ ਨੂੰ ਸਖਤ ਕਾਰਵਾਈ ਕਰਨ ਦੇ ਆਦੇਸ਼ ਵੀ ਜਾਰੀ ਕੀਤੇ ਗਏ ਹਨ।   ਸ. ਰਾਏ ਨੇ ਪਿੰਡਾਂ ਦੀਆਂ ਨਵੀਂਆਂ ਬਣੀਆਂ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਪਿੰਡਾਂ ਦੇ ਵਿਕਾਸ ਕਾਰਜ ਧੜ੍ਹੇਬੰਦੀ ਤੋਂ ਉਪਰ ਉੱਠ ਕੇ ਕਰਵਾਏ ਜਾਣ ਅਤੇ ਪਿੰਡਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਦ੍ਰਿੜਤਾ ਨਾਲ ਕੰਮ ਕਰ ਰਹੀ ਹੈ ਅਤੇ ਪਿੰਡਾਂ ਵਿੱਚ ਜਿਥੇ ਖੇਡ ਮੈਦਾਨ ਬਣਾਏ ਜਾ ਰਹੇ ਹਨ ਉਥੇ ਹੀ ਮਗਨਰੇਗਾ ਅਧੀਨ ਪਿੰਡਾਂ ਵਿੱਚ ਪਾਰਕ, ਜਿੰਮ ਤੇ ਮਿੰਨੀ ਜੰਗਲਾਂ ਦਾ ਨਿਰਮਾਣ ਵੀ ਕੀਤਾ ਜਾ ਰਿਹਾ ਹੈ ਤਾਂ ਜੋ ਪਿੰਡਾਂ ਦੇ ਲੋਕਾਂ ਨੂੰ ਹਰਿਆ ਭਰਿਆ ਵਾਤਾਵਰਣ ਮੁਹੱਈਆ ਹੋ ਸਕੇ। ਇਸ ਮੌਕੇ ਪਿੰਡ ਦੇ ਸਰਪੰਚ ਮਨਜਿੰਦਰ ਸਿੰਘ, ਪੰਚ ਹਰਪਾਲ ਸਿੰਘ ਤੇ ਸੁਖਚਰਨ ਸਿੰਘ, ਬਿਕਰਮਜੀਤ ਸਿੰਘ, ਸਾਬਕਾ ਸਰਪੰਚ ਗੁਰਮੀਤ ਸਿੰਘ, ਰਾਜਪਾਲ ਸਿੰਘ ਸਾਬਕਾ ਸਰਪੰਚ, ਲਾਭ ਸਿੰਘ, ਦਰਸ਼ਨ ਸਿੰਘ ਤੇ ਭਗਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜਰ ਸਨ।