ਪੰਜਾਬ ਸਰਕਾਰ ਸਮਾਜ ਦੇ ਲੋੜਵੰਦ ਅਤੇ ਪੱਛੜੇ ਵਰਗਾਂ ਦੀ ਮਦਦ ਕਰ ਰਹੀ ਹੈ-ਵਿਧਾਇਕ ਸ਼ੈਰੀ ਕਲਸੀ

33

ਬਟਾਲਾ, 3 ਜੁਲਾਈ 2025 AJ DI Awaaj

Punjab Desk : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਕਮਜ਼ੋਰ ਅਤੇ ਪੱਛੜੇ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਐੱਸ.ਸੀ ਭਾਈਚਾਰੇ ਨਾਲ ਸਬੰਧਤ ਪਰਿਵਾਰਾਂ ਦੇ ਕਰਜ਼ਾ ਮੁਆਫ਼ ਕੀਤੇ ਗਏ ਹਨ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਦੱਸਿਆ ਕਿ ਪੰਜਾਬ ਸਰਕਾਰ ਸਮਾਜ ਦੇ ਲੋੜਵੰਦ ਅਤੇ ਪੱਛੜੇ ਵਰਗਾਂ ਦੀ ਮਦਦ ਕਰ ਰਹੀ ਹੈ।

ਵਿਧਾਇਕ ਸ਼ੈਰੀ ਕਲਸੀ ਨੇ ਕਿ ਸੂਬਾ ਸਰਕਾਰ ਲੋਕਾਂ ਦੀ ਵੱਧ ਤੋਂ ਵੱਧ ਭਲਾਈ ਨੂੰ ਯਕੀਨੀ ਬਣਾ ਰਹੀ ਹੈ ਤਾਂ ਜੋ ਸਮਾਜ ਦੇ ਹਰ ਵਰਗ ਨੂੰ ਇਸ ਦਾ ਲਾਭ ਮਿਲ ਸਕੇ। ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਸੂਬੇ ਦੇ ਪੱਛੜੇ ਤੇ ਕਮਜ਼ੋਰ ਵਰਗਾਂ ਨੂੰ ਇਹ ਰਾਹਤ ਮਿਲੀ ਹੈ। ਉਨ੍ਹਾਂ ਕਿਹਾ ਕਿ ਇਹ ਇਸ ਕਰਕੇ ਸੰਭਵ ਹੋਇਆ ਹੈ ਕਿਉਂਕਿ ਪਹਿਲੀ ਵਾਰ ਸੂਬੇ ਦਾ ਬਜਟ ਆਮ ਆਦਮੀ ਦੀ ਭਲਾਈ ਲਈ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਰਕਾਰੀ ਖਜ਼ਾਨੇ ਦਾ ਇੱਕ-ਇੱਕ ਪੈਸਾ ਜਨਤਕ ਭਲਾਈ ’ਤੇ ਖਰਚ ਕਰ ਰਹੀ ਹੈ।

ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਤੇ ਵਿੱਤ ਨਿਗਮ (ਪੀ.ਐੱਸ.ਸੀ.ਐੱਫ.ਸੀ.) ਵੱਲੋਂ 31 ਮਾਰਚ, 2020 ਤੱਕ ਵੰਡੇ ਗਏ ਕਰਜ਼ਿਆਂ ’ਤੇ ਲੀਕ ਫੇਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਹ ਮੁਆਫ਼ੀ ਪੀ.ਐੱਸ.ਸੀ.ਐੱਫ.ਸੀ. ਦੁਆਰਾ ਉਪਰੋਕਤ ਮਿਤੀ ਤੱਕ ਵੰਡੇ ਗਏ ਸਾਰੇ ਕਰਜ਼ਿਆਂ ਲਈ ਹੈ, ਜਿਸ ਨਾਲ ਐੱਸ.ਸੀ. ਭਾਈਚਾਰਾ ਅਤੇ ਦਿਵਿਆਂਗ ਵਰਗ ਦੇ ਕਰਜ਼ਦਾਰਾਂ ਨੂੰ ਲੋੜੀਂਦੀ ਰਾਹਤ ਮਿਲੀ ਹੈ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਇਨ੍ਹਾਂ ਲਾਭਪਾਤਰੀਆਂ ਨੂੰ ‘ਕੋਈ ਬਕਾਇਆ ਨਹੀਂ’ ਸਰਟੀਫਿਕੇਟ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ 30 ਅਪ੍ਰੈਲ, 2025 ਤੱਕ ਗਿਣਿਆ ਗਿਆ ਮੂਲ, ਵਿਆਜ ਅਤੇ ਦੰਡ ਵਿਆਜ ਸਮੇਤ ਬਣਦੀ ਪੂਰੀ ਰਕਮ ਸੂਬਾ ਸਰਕਾਰ ਵੱਲੋਂ ਪੀ.ਐੱਸ.ਸੀ.ਐੱਫ.ਸੀ. ਨੂੰ ਵਾਪਸ ਕੀਤੀ ਜਾਵੇਗੀ।