ਬੁਢਲਾਡਾ/ਮਾਨਸਾ,26 ਜੂਨ 2025 AJ DI Awaaj
Punjab Desk : ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿੱਖਿਆ, ਰੋਜ਼ਗਾਰ ਤੇ ਸਿਹਤ ਦੇ ਖੇਤਰ ਵਿਚ ਤਰਜੀਹੀ ਆਧਾਰ ’ਤੇ ਇਨਕਲਾਬੀ ਬਦਲਾਅ ਕੀਤੇ ਗਏ ਹਨ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਬੁਢਲਾਡਾ ਸ੍ਰ ਪ੍ਰਿੰਸੀਪਲ ਬੁੱਧ ਰਾਮ ਨੇ ਕੀਤਾ।
ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਹੁਣ ਤੱਕ ਨਿਰੋਲ ਮੈਰਿਟ ਦੇ ਆਧਾਰ ’ਤੇ 54 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕਰਕੇ ਸੂਬੇ ਦੇ ਨੌਜਵਾਨ ਮੁੰਡੇ ਕੁੜੀਆਂ ਦੀ ਯੋਗਤਾ ਦਾ ਮੁੱਲ ਪਾਇਆ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀ ਇਕ ਨਹੀਂ ਬਲਕਿ ਤਿੰਨ-ਤਿੰਨ ਸਰਕਾਰੀ ਨੌਕਰੀਆਂ ਲਈ ਚੋਣ ਹੋਈ ਹੈ। ਸੂਬਾ ਸਰਕਾਰ ਨੇ ਸਰਕਾਰੀ ਨੌਕਰੀਆਂ ਦੀ ਪ੍ਰਕਿਰਿਆ ਨੂੰ ਪਾਰਦਰਸ਼ੀ ਤੇ ਸੁਖਾਲਾ ਬਣਾਇਆ ਹੈ ਤਾਂ ਜੋ ਨਿਰਪੱਖਤਾ ਦੇ ਆਧਾਰ ’ਤੇ ਹਰ ਯੋਗ ਨੌਜਵਾਨ ਨੂੰ ਨੌਕਰੀ ਮੁਹੱਈਆ ਕਰਵਾਈ ਜਾ ਸਕੇ। ਉਨ੍ਹਾਂ ਕਿਹਾ ਕਿ ਸਾਡੇ ਨੌਜਵਾਨਾਂ ਦੇ ਮਨ ਵਿਚ ਜੋ ਨੌਕਰੀ ਨਾਮ ਦਾ ਵੱਡਾ ਹਊਆ ਸੀ ਉਹ ਨਿੱਕਲ ਚੁੱਕਾ ਹੈ, ਹੁਣ ਹਰ ਨੌਜਵਾਨ ਇਸ ਗੱਲ ਤੋਂ ਭਲੀ ਭਾਂਤ ਜਾਣੂ ਹੈ ਕਿ ਜੇਕਰ ਉਹ ਪੜ੍ਹ ਲਿਖ ਕੇ ਮਿਹਨਤ ਕਰੇਗਾ ਤਾਂ ਸਰਕਾਰੀ ਨੌਕਰੀ ਲੈਣਾ ਕੋਈ ਮੁਸ਼ਕਿਲ ਕਾਰਜ ਨਹੀਂ ਹੈ।
ਵਿਧਾਇਕ ਬੁੱਧ ਰਾਮ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲੋਕਾਂ ਨਾਲ ਕੀਤੀਆਂ ਗਰੰਟੀਆਂ ਪੂਰੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਹਰ ਮਹੀਨੇ 300 ਯੂਨਿਟ ਬਿਜਲੀ ਮਾਫੀ ਦੀ ਸਹੂਲਤ ਦਿੱਤੀ ਗਈ ਹੈ। ਲੋਕਾਂ ਨੂੰ ਹੋਰ ਬਿਹਤਰ ਸਿਹਤ ਸਹੂਲਤ ਦੇਣ ਲਈ ਆਮ ਆਦਮੀ ਕਲੀਨਿਕ ਖੋਲ੍ਹੇ ਗਏ, ਜਿਸ ਵਿੱਚ ਮਰੀਜ਼ ਆਪਣਾ ਮੁਫ਼ਤ ਇਲਾਜ਼ ਕਰਵਾ ਰਹੇ ਹਨ।
ਵਿਧਾਇਕ ਨੇ ਕਿਹਾ ਕਿ ਰਾਜ ਸਰਕਾਰ ਵਲੋਂ ਸੂਬੇ ਅੰਦਰ ਵਿਕਾਸ ਕਾਰਜ ਕਰਵਾਉਣ ਦੇ ਨਾਲ ਸਮਾਜਿਕ ਬੁਰਾਈ ਨਸ਼ਿਆਂ ਨੂੰ ਖਤਮ ਕਰਨ ਲਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਢੀ ਗਈ ਹੈ, ਜਿਸ ਦੀ ਲੋਕਾਂ ਵਲੋਂ ਭਰਵੀਂ ਸ਼ਲਾਘਾ ਕੀਤੀ ਜਾ ਰਹੀ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਜਿਥੇ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਰੁਖ਼ ਅਪਣਾਇਆ ਗਿਆ ਹੈ, ਉੱਥੇ ਹੀ ਨਸ਼ਾ ਪੀੜਤਾਂ ਦਾ ਨਸ਼ਾ ਛੁਡਾਊ ਕੇਂਦਰਾਂ ਵਿੱਚ ਮੁਫ਼ਤ ਇਲਾਜ਼ ਕਰਵਾਇਆ ਜਾ ਰਿਹਾ ਹੈ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੀ ਸਰਕਾਰ ਦੇ ਇਸ ਮਿਸ਼ਨ ਵਿਚ ਆਪਣਾ ਯੋਗਦਾਨ ਪਾਉਣ।
ਵਿਧਾਇਕ ਬੁੱਧ ਰਾਮ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਸਿੱਖਿਆ ਕਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਵਿਚ ਆਧੁਨਿਕ ਸਿੱਖਿਆ ਪ੍ਰਣਾਲੀ ਲਿਆਉਣ ਲਈ ਵੱਡੇ ਪੱਧਰ ’ਤੇ ਵਿਕਾਸ ਕਾਰਜ ਕੀਤੇ ਗਏ ਹਨ ਜਿਸ ਤਹਿਤ ਸਰਕਾਰੀ ਸਕੂਲਾਂ ਅੰਦਰ ਲਾਇਬ੍ਰੇਰੀਆਂ, ਸਾਇੰਸ ਲੈਬਜ਼, ਖੇਡ ਮੈਦਾਨ, ਬੁਨਿਆਦੀ ਢਾਂਚਾ ਅਤੇ ਸਮਾਰਟ ਕਲਾਸ ਰੂਮ ਬਣਾਏ ਗਏ ਹਨ।
ਉਨ੍ਹਾਂ ਕਿਹਾ ਕਿ ਸਰਕਾਰ ਨੇ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਜ਼ੀਰੋ ਸ਼ਹਿਣਸ਼ੀਲਤਾ ਦੀ ਨੀਤੀ ਅਪਣਾਈ ਹੋਈ ਹੈ ਅਤੇ ਕਿਸੇ ਵੀ ਭ੍ਰਿਸ਼ਟ ਵਿਅਕਤੀ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾ ਰਿਹਾ। ਸਰਕਾਰ ਵੱਲੋਂ ਲੋਕਾਂ ਦੇ ਸਰਕਾਰੀ ਵਿਭਾਗਾਂ ਨਾਲ ਸਬੰਧਤ ਕੰਮਾਂ ਨੂੰ ਸੁਖਾਲਾ ਕਰਨ ਲਈ ਨਿਰੰਤਰ ਨਵੇਂ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਭ੍ਰਿਸ਼ਟਾਚਾਰ ਮੁਕਤ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ।
ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਦ੍ਰਿੜ ਇਰਾਦੇ ਨਾਲ ਯਤਨਸ਼ੀਲ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੀ ਹਰ ਮੁਹਿੰਮ ਵਿਚ ਆਪਣਾ ਵਧ ਚੜ੍ਹ ਕੇ ਸਹਿਯੋਗ ਦੇਣ ਤਾਂ ਜੋ ਪੰਜਾਬ ਨੂੰ ਤਰੱਕੀ ਦੀਆਂ ਰਾਹਾਂ ’ਤੇ ਲਿਜਾਇਆ ਜਾ ਸਕੇ।
