ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਵਿਸ਼ਵ ਵਾਤਾਵਰਣ ਦਿਵਸ ਮੌਕੇ ਰੇਲਵੇ ਸਟੇਸ਼ਨ ’ਤੇ ਕਰਵਾਇਆ ਨੁੱਕੜ ਨਾਟਕ

35

ਜਲੰਧਰ, 5 ਜੂਨ 2025 Aj DI Awaaj

Punjab Desk : ਵਿਸ਼ਵ ਵਾਤਾਵਰਣ ਦਿਵਸ ਮੌਕੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਖੇਤਰੀ ਦਫ਼ਤਰ-1 ਜਲੰਧਰ ਵੱਲੋਂ ਭਾਰਤੀ ਰੇਲਵੇ ਦੇ ਸਹਿਯੋਗ ਨਾਲ ਸ਼ਹਿਰ ਦੇ ਰੇਲਵੇ ਸਟੇਸ਼ਨ ’ਤੇ ਨੁੱਕੜ ਨਾਟਕ ਕਰਵਾਇਆ ਗਿਆ। ਇਹ ਜਾਗਰੂਕਤਾ ਮੁਹਿੰਮ ਲੋਕਾਂ ਨੂੰ ਇਕ ਵਾਰ ਵਰਤੋਂ ਵਿੱਚ ਆਉਣ ਵਾਲੇ ਪਲਾਸਟਿਕ ਦੇ ਹਾਨੀਕਾਰਕ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਅਤੇ ਹੋਰਨਾਂ ਬਦਲਵੇਂ ਉਪਾਵਾਂ ਨੂੰ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਚਲਾਈ ਗਈ।

ਇਹ ਨੁੱਕੜ ਨਾਟਕ ਐਸ.ਡੀ. ਕਾਲਜ ਫਾਰ ਵੂਮੈਨ ਦੇ ਐਨ.ਸੀ.ਸੀ. ਕੈਡਿਟਾਂ ਵੱਲੋਂ ਖੇਡਿਆ ਗਿਆ। ਇਸ ਪੇਸ਼ਕਾਰੀ ਰਾਹੀਂ ਵਾਤਾਵਰਣ ਦੀ ਸੰਭਾਲ, ਪਲਾਸਟਿਕ ਪ੍ਰਦੂਸ਼ਣ ਦੇ ਖ਼ਤਰਿਆਂ, ਜਨਤਕ ਸਿਹਤ ਅਤੇ ਬੁਨਿਆਦੀ ਢਾਂਚੇ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ ਗਿਆ। ਨਾਟਕ ਦੌਰਾਨ ਰੋਜ਼ਾਨਾ ਜ਼ਿੰਦਗੀ ਵਿੱਚ ਪੂਰਨ ਤੌਰ ’ਤੇ ਸਿੰਗਲ ਯੂਸ ਪਲਾਸਟਿਕ ਦੀ ਵਰਤੋਂ ਨਾ ਕਰਨ ਅਤੇ ਵਾਤਾਵਰਣ ਪੱਖੀ ਉਪਾਵਾਂ ਨੂੰ ਅਪਣਾਉਣ ਜਿਵੇਂ ਕਪੜੇ ਦੇ ਥੈਲਿਆਂ, ਗਲਣਯੋਗ ਲਿਫ਼ਾਫਿਆਂ ਅਤੇ ਮੁੜ ਵਰਤੋਂ ਯੋਗ ਕੰਟੇਨਰਾਂ ਦੀ ਵਰਤੋਂ ਕਰਨ ’ਤੇ ਜ਼ੋਰ ਦਿੱਤਾ ਗਿਆ। ਇਸ ਤੋਂ ਇਲਾਵਾ ਨਾਗਰਿਕਾਂ ਨੂੰ ਆਪਣੀ ਜੀਵਨ ਸ਼ੈਲੀ ਵਿੱਚ ਤਬਦੀਲੀ ਲਿਆਕੇ ਵਾਤਾਵਰਣ ਸੁਰੱਖਿਆ ਵਿੱਚ ਸਰਗਰਮ ਭੂਮਿਕਾ ਨਿਭਾਉਣ ਅਤੇ ਹੇਠਲੇ ਪੱਧਰ ’ਤੇ ਪਲਾਸਟਿਕ ਦੀ ਵਰਤੋਂ ਨੂੰ ਰੋਕਣ ਲਈ ਸਾਂਝੇ ਉਪਰਾਲਿਆਂ ਨੂੰ ਉਤਸ਼ਾਹਿਤ ਕਰਨ ਦਾ ਸੱਦਾ ਦਿੱਤਾ ਗਿਆ।

ਨੁੱਕਟ ਨਾਟਕ ਨੇ ਸਟੇਸ਼ਨ ’ਤੇ ਵੱਡੀ ਗਿਣਤੀ ਯਾਤਰੀਆਂ ਦਾ ਧਿਆਨ ਆਪਣੇ ਵੱਲ ਆਕਰਸ਼ਿਤ ਕੀਤਾ, ਜਿਨ੍ਹਾਂ ਨੇ ਇਸ ਪਹਿਲਕਦਮੀ ਦੀ ਸ਼ਲਾਘਾ ਕੀਤੀ।

ਇਸ ਮੌਕੇ ਨੁੱਕੜ ਨਾਟਕ ਤੋਂ ਇਲਾਵਾ ਵਿਦਿਆਰਥੀਆਂ ਵੱਲੋਂ ਰੇਲਵੇ ਸਟੇਸ਼ਨ ਦੇ ਆਲੇ-ਦੁਆਲੇ ਇਕ ਜਾਗਰੂਕਤਾ ਰੈਲੀ ਵੀ ਕੱਢੀ ਗਈ, ਜਿਸ ਦੌਰਾਨ ਵਿਦਿਆਰਥੀਆਂ ਨੇ ਹੱਥਾਂ ਵਿੱਚ ਰੰਗਦਾਰ ਤਖ਼ਤੀਆਂ ਅਤੇ ਬੈਨਰ ਫੜ੍ਹ ਕੇ ਲੋਕਾਂ ਨੂੰ ਪਲਾਸਟਿਕ ਦੀ ਵਰਤੋਂ ਕਰਨ ਤੋਂ ਰੋਕਣ ਅਤੇ ਵਾਤਾਵਰਣ ਪੱਖੀ ਉਪਾਵਾਂ ਨੂੰ ਅਪਣਾਉਣ ਪ੍ਰਤੀ ਪ੍ਰੇਰਿਤ ਕੀਤਾ।

ਵਾਤਾਵਰਣ ਇੰਜੀਨੀਅਰ ਸੰਦੀਪ ਕੁਮਾਰ ਦੀ ਅਗਵਾਈ ਵਿੱਚ ਇਹ ਜਾਗਰੂਕਤਾ ਪ੍ਰੋਗਰਾਮ ਇੰਜ.ਮਨਪ੍ਰੀਤ ਸਿੰਘ ਜੌੜਾ ਅਤੇ ਇੰਜ. ਮਨਰਾਜ ਸਿੰਘ ਰੰਧਾਵਾਂ (ਏ.ਈ.ਈ.) ਖੇਤਰੀ ਦਫ਼ਤਰ-1, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਜਲੰਧਰ ਵੱਲੋਂ ਕਰਵਾਇਆ ਗਿਆ। ਦੋਵਾਂ ਅਧਿਕਾਰੀਆਂ ਨੇ ਵਿਅਕਤੀਗਤ ਤੌਰ ’ਤੇ ਯਾਤਰੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਪਲਾਸਟਿਕ ਪ੍ਰਦੂਸ਼ਣ ਨਾਲ ਨਜਿੱਠਣ ਦੀ ਫੌਰੀ ਲੋੜ ’ਤੇ ਜ਼ੋਰ ਦਿੱਤਾ।