ਫਾਜ਼ਿਲਕਾ, 22 ਮਈ 2025 AJ Di Awaaj
ਨਸ਼ਾ ਸਾਡੀ ਨੋਜਵਾਨ ਪੀੜੀ ਨੂੰ ਘੁਣ ਵਾਂਗ ਖਾ ਕੇ ਸਮਾਜ ਲਈ ਗੰਭੀਰ ਸਮੱਸਿਆ ਬਣ ਗਿਆ ਸੀ ਪਰ ਪੰਜਾਬ ਸਰਕਾਰ ਨੇ ਨਸ਼ੇ ਤੇ ਨਸ਼ਾ ਤਸਕਰਾਂ ਨੂੰ ਜੜ੍ਹੋਂ ਖਤਮ ਕਰਨ ਲਈ ਨਸ਼ਾ ਤਸਕਰਾਂ ਵਿਰੁੱਧ ਮਿਸਾਲੀ ਕਾਰਵਾਈ ਅਮਲ ਵਿੱਚ ਲਿਆਂਦੀ ਹੈ ਤਾਂ ਜੋ ਕੋਈ ਵੀ ਅੱਗੇ ਤੋਂ ਨਸ਼ਾ ਤਸਕਰੀ ਦਾ ਕੰਮ ਨਾ ਕਰੇ ਅਤੇ ਪੰਜਾਬ ਨੂੰ ਮੁੜ ਤੋਂ ਸਿਹਤਮੰਦ ਪੰਜਾਬ ਬਣਾਇਆ ਜਾ ਸਕੇ। ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਫਾਜ਼ਿਲਕਾ ਹਲਕੇ ਪਿੰਡ ਚਾਣਨ ਵਾਲਾ ਅਤੇ ਖਾਨ ਵਾਲ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਸਮਾਗਮ ਵਿੱਚ ਸ਼ਿਰਕਤ ਕਰਨ ਮੌਕੇ ਕੀਤਾ।
ਇਸ ਮੌਕੇ ਆਪਣੇ ਸੰਬੋਧਨ ਵਿੱਚ ਵਿਧਾਇਕ ਸ੍ਰੀ ਸਵਨਾ ਨੇ ਕਿਹਾ ਕਿ ਪੰਚਾਇਤ ਵਿਭਾਗ, ਸਿਹਤ ਵਿਭਾਗ, ਪੁਲਿਸ ਵਿਭਾਗ,ਸਹਿਕਾਰਤਾ ਵਿਭਾਗ ਦੇ ਸਹਿਯੋਗ ਨਾਲ ਗ੍ਰਾਮ ਸਭਾਵਾਂ, ਪਿੰਡ ਵਾਸੀਆ, ਪਿੰਡ ਰੱਖਿਆ ਕਮੇਟੀਆਂ, ਯੂਥ ਕਲੱਬਾਂ ਤੇ ਵੱਡੀ ਗਿਣਤੀ ਵਿੱਚ ਇਕੱਠ ਕਰਕੇ ਕੀਤੇ ਜਾ ਰਹੇ ਜਾਗਰੂਕਤਾ ਸਮਾਗਮਾਂ ਦੇ ਸਾਰਥਿਕ ਸਿੱਟੇ ਨਿਕਲਣੇ ਸ਼ੁਰੂ ਹੋ ਗਏ ਹਨ ਅਤੇ ਜਲਦ ਹੀ ਪੰਜਾਬ ਦੀ ਜਵਾਨੀ ਨੂੰ ਨਸ਼ੇ ਵਰਗੀ ਨਾਮੁਰਾਦ ਬਿਮਾਰੀ ਦੇ ਚੁੰਗਲ ਵਿੱਚੋਂ ਕੱਢ ਕੇ ਆਮ ਜੀਵਨ ਧਾਰਾ ਵਿੱਚ ਲਿਆਂਦਾ ਜਾਵੇਗਾ।
ਵਿਧਾਇਕ ਨੇ ਕਿਹਾ ਕਿ ਜੋ ਲੋਕ ਨਸ਼ੇ ਛੱਡਣ ਦੇ ਚਾਹਵਾਨ ਹਨ, ਉਹ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਜਾਂ ਮਾਨਤਾ ਪ੍ਰਾਪਤ ਕੇਂਦਰਾਂ ਤੋਂ ਹੀ ਆਪਣਾ ਇਲਾਜ ਕਰਵਾਉਣ। ਉਨ੍ਹਾਂ ਕਿਹਾ ਕਿ ਨਸ਼ੇ ਛੱਡਣ ਦੇ ਚਾਹਵਾਨ ਮਰੀਜਾਂ ਦਾ ਸਰਕਾਰ ਵੱਲੋਂ ਇਲਾਜ ਕਰਵਾਉਣ ਉਪਰੰਤ ਉਨ੍ਹਾਂ ਦੇ ਮੁੜ ਵਸੇਬੇ ਦੇ ਵੀ ਪ੍ਰਬੰਧ ਕੀਤੇ ਗਏ ਹਨ। ਇਸ ਮੌਕੇ ਉਨ੍ਹਾਂ ਹਾਜ਼ਰੀਨ ਨੂੰ ਨਸ਼ਿਆ ਵਿਰੁੱਧ ਸਹੁੰ ਵੀ ਚੁਕਵਾਈ।
