Punjab Winter Vacations Extended: ਪੰਜਾਬ ਦੇ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ ਵਧੀਆਂ ?

32

07 ਜਨਵਰੀ, 2026 ਅਜ ਦੀ ਆਵਾਜ਼

Punjab Desk:  ਪੰਜਾਬ ਵਿੱਚ ਵਧ ਰਹੀ ਕੜਾਕੇ ਦੀ ਠੰਢ ਅਤੇ ਸੰਘਣੀ ਧੁੰਦ ਦੇ ਮੱਦੇਨਜ਼ਰ ਸੂਬਾ ਸਰਕਾਰ ਨੇ ਸਕੂਲਾਂ ਦੀਆਂ ਸਰਦੀਆਂ ਦੀਆਂ ਛੁੱਟੀਆਂ ਵਿੱਚ ਵਾਧਾ ਕਰ ਦਿੱਤਾ ਹੈ। ਨਵੇਂ ਹੁਕਮਾਂ ਅਨੁਸਾਰ, ਸੂਬੇ ਭਰ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਨਿੱਜੀ ਸਕੂਲ 13 ਜਨਵਰੀ 2026 ਤੱਕ ਬੰਦ ਰਹਿਣਗੇ, ਜਦਕਿ 14 ਜਨਵਰੀ ਤੋਂ ਸਕੂਲ ਆਮ ਦਿਨਾਂ ਵਾਂਗ ਖੁੱਲ੍ਹਣਗੇ

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬੱਚਿਆਂ ਅਤੇ ਸਕੂਲ ਸਟਾਫ ਦੀ ਸਿਹਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਇਹ ਫੈਸਲਾ ਲਿਆ ਗਿਆ ਹੈ। ਸੂਬੇ ਵਿੱਚ ਲਗਾਤਾਰ ਵਧ ਰਹੀ ਠੰਢ ਅਤੇ ਧੁੰਦ ਕਾਰਨ ਵਿਦਿਆਰਥੀਆਂ ਨੂੰ ਸਕੂਲ ਆਉਣ-ਜਾਣ ਵਿੱਚ ਮੁਸ਼ਕਲਾਂ ਆ ਰਹੀਆਂ ਸਨ।

ਉੱਧਰ, ਮੌਸਮ ਵਿਭਾਗ ਨੇ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਅਤੇ ਕੁਝ ਥਾਵਾਂ ’ਤੇ ਸੀਤ ਲਹਿਰ ਦੀ ਚੇਤਾਵਨੀ ਜਾਰੀ ਕੀਤੀ ਹੈ। ਮੁਹਾਲੀ, ਨਵਾਂਸ਼ਹਿਰ, ਰੂਪਨਗਰ ਅਤੇ ਪਟਿਆਲਾ ਜ਼ਿਲ੍ਹਿਆਂ ਵਿੱਚ ਕੋਲਡ ਵੇਵ ਦੀ ਸੰਭਾਵਨਾ ਦੱਸੀ ਗਈ ਹੈ, ਜਿਸ ਕਾਰਨ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।

ਪਿਛਲੇ 24 ਘੰਟਿਆਂ ਦੌਰਾਨ ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਲਗਭਗ 2 ਡਿਗਰੀ ਸੈਲਸੀਅਸ ਦੀ ਕਮੀ ਦਰਜ ਕੀਤੀ ਗਈ ਹੈ, ਜੋ ਆਮ ਨਾਲੋਂ ਕਰੀਬ 3 ਡਿਗਰੀ ਘੱਟ ਹੈ। ਰਾਤ ਦੇ ਤਾਪਮਾਨ ਵਿੱਚ ਵੀ ਗਿਰਾਵਟ ਜਾਰੀ ਹੈ। ਬਠਿੰਡਾ ਵਿੱਚ ਸਭ ਤੋਂ ਘੱਟ ਤਾਪਮਾਨ 4.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਹਾਲਾਂਕਿ ਮੌਸਮ ਖੁਸ਼ਕ ਬਣਿਆ ਰਹੇਗਾ।

ਸਰਕਾਰ ਵੱਲੋਂ ਅਪੀਲ ਕੀਤੀ ਗਈ ਹੈ ਕਿ ਮਾਪੇ ਅਤੇ ਵਿਦਿਆਰਥੀ ਮੌਸਮ ਦੀ ਗੰਭੀਰਤਾ ਨੂੰ ਦੇਖਦਿਆਂ ਸੁਰੱਖਿਆ ਸੰਬੰਧੀ ਸਾਵਧਾਨੀਆਂ ਅਪਣਾਉਣ।