ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਫ਼ਤਹਿਗੜ੍ਹ ਸਾਹਿਬ *ਨਗਰ ਕੌਂਸਲ ਵੱਲੋਂ ਪੰਜਾਬੀ ਮਾਂ ਬੋਲੀ ਨੂੰ ਦਿੱਤਾ ਜਾ ਰਿਹਾ ਪੂਰਾ ਮਾਣ- ਕਾਰਜ ਸਾਧਕ ਅਫਸਰ* *ਅਮਲੋਹ ਵਿਖੇ ਆਉਂਦੇ ਦਿਨਾਂ ਵਿੱਚ ਪੰਜਾਬੀ ਭਾਸ਼ਾ ਲਿਖਵਾਏ ਜਾਣਗੇ ਬੋਰਡ
ਅਮਲੋਹ/ਫ਼ਤਹਿਗੜ੍ਹ ਸਾਹਿਬ, 29 ਮਾਰਚ 2025 Aj Di Awaaj
ਨਗਰ ਕੌਂਸਲ ਅਮਲੋਹ ਵੱਲੋਂ ਮਾਂ ਬੋਲੀ ਪੰਜਾਬੀ ਨੂੰ ਪੂਰਾ ਮਾਣ ਸਨਮਾਨ ਦਿੱਤਾ ਜਾ ਰਿਹਾ ਹੈ ਅਤੇ ਦਫਤਰ ਦੇ ਸਾਰੇ ਕੰਮਾਂ ਨੂੰ ਪੰਜਾਬੀ ਭਾਸ਼ਾ ਵਿੱਚ ਹੀ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਨਗਰ ਕੌਂਸਲ ਅਮਲੋਹ ਦੇ ਕਾਰਜ ਸਾਦਕ ਅਫਸਰ ਬਲਜਿੰਦਰ ਸਿੰਘ ਨੇ ਦਿੱਤੀ। ਉਹਨਾਂ ਦੱਸਿਆ ਕਿ ਅਮਲੋਹ ਵਿਖੇ ਅੰਗਰੇਜ਼ੀ ਵਿੱਚ ਲੱਗਿਆ ਸਵਾਗਤੀ ਗੇਟ ਪੰਜਾਬੀ ਭਾਸ਼ਾ ਵਿੱਚ ਲਿਖਵਾਉਣ ਸਬੰਧੀ ਸਾਰੀ ਕਾਰਵਾਈ ਮੁਕੰਮਲ ਹੋ ਚੁੱਕੀ ਹੈ ਅਤੇ ਆਉਂਦੇ ਕੁਝ ਦਿਨਾਂ ਵਿੱਚ ਇਸ ਬੋਰਡ ਨੂੰ ਪੰਜਾਬੀ ਵਿੱਚ ਲਿਖਵਾ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਪੰਜਾਬੀ ਸਾਡੀ ਮਾਂ ਬੋਲੀ ਹੈ ਅਤੇ ਉਸ ਤੋਂ ਮੂੰਹ ਨਹੀਂ ਫੇਰਿਆ ਜਾ ਸਕਦਾ। ਉਹਨਾਂ ਕਿਹਾ ਕਿ ਇਹ ਸਵਾਗਤੀ ਗੇਟ ਪਹਿਲਾਂ ਦਾ ਲੱਗਿਆ ਹੋਇਆ ਹੈ ਅਤੇ ਇਸ ਨੂੰ ਬਦਲਵਾਉਣ ਲਈ ਕਾਰਵਾਈ ਕਰ ਦਿੱਤੀ ਗਈ ਹੈ। ਕਾਰਜ ਸਾਧਕ ਅਫਸਰ ਨੇ ਕਿਹਾ ਕਿ ਨਗਰ ਕੌਂਸਲ ਵੱਲੋਂ ਸਾਰੇ ਸੂਚਨਾ ਬੋਰਡ ਪੰਜਾਬੀ ਭਾਸ਼ਾ ਵਿੱਚ ਲਿਖਵਾਉਣ ਸਬੰਧੀ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਪੰਜਾਬੀ ਰਾਜ ਭਾਸ਼ਾ ਐਕਟ ਅਨੁਸਾਰ ਹੀ ਨਗਰ ਕੌਂਸਲ ਵਿੱਚ ਕੰਮ ਕੀਤਾ ਜਾਂਦਾ ਹੈ।
