Punjab Desk : ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਨਗਰ ਕੌਂਸਲ ਚੋਣਾਂ ਦੌਰਾਨ ਧੂਰੀ ਦੌਰੇ ’ਤੇ ਆਏ ਕੇਂਦਰੀ ਰਾਜ ਮੰਤਰੀ ਅਤੇ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਦੇ ਵਿਵਹਾਰ ਨੂੰ ਬਹੁਤ ਹੀ ਸ਼ਰਮਨਾਕ ਅਤੇ ਗੈਰ-ਜ਼ਿੰਮੇਵਾਰ ਕਰਾਰ ਦਿੰਦੇ ਹੋਏ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ।
ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ’ਤੇ ਵਾਇਰਲ ਵੀਡੀਓਜ਼ ਨੇ ਸੱਚਾਈ ਸਾਹਮਣੇ ਰੱਖ ਦਿੱਤੀ ਹੈ ਕਿ ਕਿਸ ਤਰ੍ਹਾਂ ਰਵਨੀਤ ਸਿੰਘ ਬਿੱਟੂ ਵੱਲੋਂ ਪੰਜਾਬ ਪੁਲਿਸ ਦੇ ਕਰਮਚਾਰੀਆਂ ਨਾਲ ਬਦਸਲੂਕੀ ਕੀਤੀ ਗਈ ਅਤੇ ਕੇਂਦਰੀ ਏਜੰਸੀਆਂ ਦੇ ਨਾਂ ’ਤੇ ਖੁੱਲ੍ਹੀਆਂ ਧਮਕੀਆਂ ਦੇ ਕੇ ਦਬਾਅ ਬਣਾਉਣ ਦੀ ਕੋਸ਼ਿਸ਼ ਕੀਤੀ ਗਈ। ਇਹ ਸਿਰਫ਼ ਇੱਕ ਵਿਅਕਤੀ ਦਾ ਅਹੰਕਾਰ ਨਹੀਂ, ਸਗੋਂ ਕੇਂਦਰ ਦੀ ਤਾਨਾਸ਼ਾਹੀ ਸੋਚ ਦਾ ਪ੍ਰਤੀਕ ਹੈ।
ਚੇਅਰਮੈਨ ਢਿੱਲੋਂ ਨੇ ਸਖ਼ਤ ਸ਼ਬਦਾਂ ਵਿੱਚ ਕਿਹਾ ਕਿ ਇਹ ਪੰਜਾਬ ਹੈ—ਇੱਥੇ ਲੋਕ ਨਾ ਤਾਂ ਧਮਕੀਆਂ ਤੋਂ ਡਰਦੇ ਹਨ ਅਤੇ ਨਾ ਹੀ ਕਿਸੇ ਦੇ ਦਬਾਅ ਹੇਠ ਝੁਕਦੇ ਹਨ। ਪੰਜਾਬ ਪੁਲੀਸ ਦੇਸ਼ ਦੀ ਸਭ ਤੋਂ ਬਿਹਤਰ ਅਤੇ ਇਮਾਨਦਾਰ ਫੋਰਸਾਂ ਵਿੱਚੋਂ ਇੱਕ ਹੈ, ਜਿਸ ਨੂੰ “ਦਲਾਲ” ਕਹਿਣਾ ਨਾ ਸਿਰਫ਼ ਨਿੰਦਣਯੋਗ ਹੈ, ਬਲਕਿ ਪੂਰੇ ਸੂਬੇ ਦਾ ਅਪਮਾਨ ਹੈ।
ਉਨ੍ਹਾਂ ਕਿਹਾ ਕਿ ਭਾਜਪਾ ਆਗੂਆਂ ਵੱਲੋਂ ਘਟੀਆ ਅਤੇ ਵੰਡਵਾਦੀ ਰਾਜਨੀਤੀ ਕਰਦੇ ਹੋਏ ਸਮਾਜ ਨੂੰ ਧਰਮ ਅਤੇ ਵਰਗਾਂ ਦੇ ਨਾਂ ’ਤੇ ਵੰਡਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਤਰ੍ਹਾਂ ਦੀ ਜ਼ਹਿਰੀਲੀ ਰਾਜਨੀਤੀ ਪੰਜਾਬ ਦੇ ਭਾਈਚਾਰੇ ਅਤੇ ਅਮਨ-ਕਾਨੂੰਨ ਲਈ ਖਤਰਨਾਕ ਹੈ।
ਦਲਵੀਰ ਸਿੰਘ ਢਿੱਲੋਂ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਭਾਜਪਾ ਆਗੂਆਂ ਨੇ ਇਸ ਤਰ੍ਹਾਂ ਦੀਆਂ ਹਰਕਤਾਂ ਤੋਂ ਹੱਥ ਨਾ ਖਿੱਚਿਆ ਤਾਂ ਪੰਜਾਬ ਦੇ ਲੋਕ ਉਹਨਾਂ ਨੂੰ ਕਦੇ ਮਾਫ਼ ਨਹੀਂ ਕਰਨਗੇ ਅਤੇ ਹਰ ਮੰਚ ’ਤੇ ਕੜਾ ਜਵਾਬ ਦੇਣਗੇ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਉਹਨਾਂ ਨੂੰ ਸੂਬੇ ਦੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਦਾਖ਼ਲਾ ਹੋਣਾ ਵੀ ਮੁਸ਼ਕਲ ਹੋ ਜਾਵੇਗਾ।
ਉਨ੍ਹਾਂ ਕਿਹਾ ਕਿ ਪੂਰਾ ਪੰਜਾਬ ਆਪਣੀ ਪੰਜਾਬ ਪੁਲਿਸ ਦੇ ਨਾਲ ਡੱਟ ਕੇ ਖੜਾ ਹੈ ਅਤੇ ਆਪਣੀ ਡਿਊਟੀ ਇਮਾਨਦਾਰੀ ਨਾਲ ਨਿਭਾ ਰਹੇ ਹਰ ਪੁਲਿਸ ਕਰਮਚਾਰੀ ਦਾ ਸਮਰਥਨ ਕਰਦਾ ਹੈ। ਉਨ੍ਹਾਂ ਰਵਨੀਤ ਸਿੰਘ ਬਿੱਟੂ ਨੂੰ ਸਪਸ਼ਟ ਚੇਤਾਵਨੀ ਦਿੰਦਿਆਂ ਕਿਹਾ ਕਿ ਇਸ ਤਰ੍ਹਾਂ ਦੀਆਂ ਘਟੀਆ ਹਰਕਤਾਂ ਤੁਰੰਤ ਬੰਦ ਕੀਤੀਆਂ ਜਾਣ, ਨਹੀਂ ਤਾਂ ਪੰਜਾਬ ਦੇ ਲੋਕ ਜਵਾਬ ਦੇਣ ਲਈ ਤਿਆਰ ਹਨ।












