ਕਾਂਗਰਸ ਦੀ ਗੁੱਟਬੰਦੀ ’ਤੇ ਰਾਜਾ ਵੜਿੰਗ ਦਾ ਬਿਆਨ

3
ਲੁਧਿਆਣਾ:  19 Nov 2026 AJ DI Awaaj
Punjab Desk  :    ਪੰਜਾਬ ਕਾਂਗਰਸ ਵਿੱਚ ਗੁੱਟਬੰਦੀ ਦੀਆਂ ਚਰਚਾਵਾਂ ਦਰਮਿਆਨ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ 21 ਨਵੰਬਰ ਨੂੰ ਲੁਧਿਆਣਾ ਦੇ ਘੰਟਾ ਘਰ ਤੋਂ ਕਾਂਗਰਸ ਵੱਲੋਂ ‘ਇਨਸਾਫ਼ ਮਾਰਚ’ ਦੀ ਸ਼ੁਰੂਆਤ ਕੀਤੀ ਜਾਵੇਗੀ। ਇਹ ਮਾਰਚ ਸ਼ਹਿਰ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚੋਂ ਲੰਘੇਗਾ ਅਤੇ ਚੋਣਾਂ ਤੱਕ ਜਾਰੀ ਰਹੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਮਾਰਚ ਵਿੱਚ ਪਾਰਟੀ ਦੇ ਸਾਰੇ ਆਗੂ ਸ਼ਾਮਲ ਹੋਣਗੇ।

ਮੀਡੀਆ ਦੇ ਭੁਲੇਖੇ ਦੂਰ ਕਰਨਗੇ

ਚਰਨਜੀਤ ਸਿੰਘ ਚੰਨੀ ਦੀ ਸਾਈਕਲ ਯਾਤਰਾ ਦੌਰਾਨ ਕਾਂਗਰਸੀ ਆਗੂਆਂ ਦੀ ਗੈਰ-ਮੌਜੂਦਗੀ ਸਬੰਧੀ ਪੁੱਛੇ ਸਵਾਲ ’ਤੇ ਰਾਜਾ ਵੜਿੰਗ ਨੇ ਕਿਹਾ ਕਿ ਮੀਡੀਆ ਦੇ ਸਾਰੇ ਭੁਲੇਖੇ ਦੂਰ ਕਰ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਪਾਰਟੀ ਦੇ ਸਾਰੇ ਆਗੂ ਇਕੱਠੇ ਹਨ। ਪੋਸਟਰ ਵਿੱਚੋਂ ਭਾਰਤ ਭੂਸ਼ਣ ਆਸ਼ੂ ਦੀ ਤਸਵੀਰ ਗਾਇਬ ਹੋਣ ਬਾਰੇ ਵੀ ਉਨ੍ਹਾਂ ਕਿਹਾ ਕਿ ਕਿਸੇ ਆਗੂ ਦੀ ਤਸਵੀਰ ਨਾ ਹੋਣ ਦਾ ਮਤਲਬ ਆਪਸੀ ਮਤਭੇਦ ਨਹੀਂ ਹੈ।

ਟਿਕਟਾਂ ਬਾਰੇ ਫੈਸਲਾ ਹਾਈਕਮਾਨ ਕਰੇਗੀ

ਲੋਕਤੰਤਰ ਦੀ ਮੌਜੂਦਾ ਸਥਿਤੀ ਬਾਰੇ ਰਾਹੁਲ ਗਾਂਧੀ ਦੇ ਬਿਆਨ ਦਾ ਸਮਰਥਨ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਉਨ੍ਹਾਂ ਦੀ ਗੱਲ ਬਿਲਕੁਲ ਸਹੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਚੋਣਾਂ ਵਿੱਚ ਟਿਕਟਾਂ ਦੀ ਵੰਡ ਬਾਰੇ ਫੈਸਲਾ ਪਾਰਟੀ ਹਾਈਕਮਾਨ ਵੱਲੋਂ ਕੀਤਾ ਜਾਵੇਗਾ।

ਸਾਈਕਲ ਯਾਤਰਾ ਵਿੱਚ ਵਿਘਨ ਪਾਉਣ ਵਾਲਿਆਂ ’ਤੇ ਕਾਰਵਾਈ ਦੀ ਚਿਤਾਵਨੀ

ਸਾਈਕਲ ਯਾਤਰਾ ਵਿੱਚ ਕਥਿਤ ਮੁਲਜ਼ਮ ਦੇ ਸ਼ਾਮਲ ਹੋਣ ਸਬੰਧੀ ਉਨ੍ਹਾਂ ਕਿਹਾ ਕਿ ਇਹ ਮਾਮਲਾ ਹਾਈਕਮਾਨ ਦੇ ਧਿਆਨ ਵਿੱਚ ਲਿਆਂਦਾ ਜਾਵੇਗਾ। ਜੇਕਰ ਕੋਈ ਗਲਤ ਗੱਲ ਸਾਹਮਣੇ ਆਉਂਦੀ ਹੈ ਤਾਂ ਸਬੰਧਤ ਵਿਅਕਤੀ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ ਅਤੇ ਉਸ ਨੂੰ ਪਾਰਟੀ ਵਿੱਚੋਂ ਬਾਹਰ ਕੀਤਾ ਜਾ ਸਕਦਾ ਹੈ।

ਅੰਮ੍ਰਿਤਪਾਲ ਸਿੰਘ ਨਾਲ ਜੁੜੇ ਸਵਾਲ ’ਤੇ ਉਨ੍ਹਾਂ ਕਿਹਾ ਕਿ ਹਾਈਕੋਰਟ ਦੇ ਫੈਸਲੇ ਵਿੱਚ ਦਖ਼ਲ ਨਹੀਂ ਦਿੱਤਾ ਜਾ ਸਕਦਾ ਅਤੇ ਹਰ ਕਾਰਵਾਈ ਸੰਵਿਧਾਨ ਦੇ ਦਾਇਰੇ ਵਿੱਚ ਰਹਿ ਕੇ ਹੋਣੀ ਚਾਹੀਦੀ ਹੈ।

ਪੰਜਾਬ ਦੀ ਕਾਨੂੰਨ ਵਿਵਸਥਾ ’ਤੇ ਸਰਕਾਰ ਨੂੰ ਘੇਰਿਆ

ਰਾਜਾ ਵੜਿੰਗ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਭਗਵੰਤ ਮਾਨ ਸਰਕਾਰ ’ਤੇ ਤਿੱਖੇ ਨਿਸ਼ਾਨੇ ਸਾਧੇ। ਉਨ੍ਹਾਂ ਕਿਹਾ ਕਿ ਸੂਬੇ ਦਾ ਮਾਹੌਲ ਖਰਾਬ ਹੋ ਰਿਹਾ ਹੈ ਅਤੇ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਵਿਗੜ ਚੁੱਕੀ ਹੈ, ਜਿਸ ਦੀ ਸਿੱਧੀ ਜ਼ਿੰਮੇਵਾਰੀ ਮੁੱਖ ਮੰਤਰੀ ਦੀ ਹੈ।

ਉਨ੍ਹਾਂ ਗੈਂ*ਗਸ*ਟਰ ਲਾਰੈਂਸ ਬਿਸ਼ਨੋਈ ਦਾ ਜ਼ਿਕਰ ਕਰਦਿਆਂ ਕੇਂਦਰ ਸਰਕਾਰ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ’ਤੇ ਵੀ ਸਵਾਲ ਚੁੱਕੇ। ਉਨ੍ਹਾਂ ਦੋਸ਼ ਲਗਾਇਆ ਕਿ ਲਾਰੈਂਸ ਬਿਸ਼ਨੋਈ ਨੂੰ ਸਾਬਰਮਤੀ ਜੇਲ੍ਹ ਵਿੱਚ ਰੱਖ ਕੇ ਸੁਰੱਖਿਆ ਦਿੱਤੀ ਜਾ ਰਹੀ ਹੈ ਅਤੇ ਉਸ ਨੂੰ ਪੰਜਾਬ ਨਹੀਂ ਲਿਆਂਦਾ ਜਾ ਰਿਹਾ।

ਉਨ੍ਹਾਂ ਇਹ ਵੀ ਕਿਹਾ ਕਿ ਕੁਝ ਪੰਜਾਬੀ ਆਗੂ ਗੈਂ*ਗਸ*ਟਰਾਂ ਨੂੰ ਪਨਾਹ ਦੇ ਕੇ ਸਿਆਸੀ ਪਾਰਟੀਆਂ ਵਿੱਚ ਸ਼ਾਮਲ ਕਰ ਰਹੇ ਹਨ, ਜਿਸ ਦਾ ਉਹ ਸਖ਼ਤ ਵਿਰੋਧ ਕਰਦੇ ਹਨ।