November 4, 2026 Aj Di Awaaj
Politics Desk: ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਕਾਂਗਰਸ ਆਗੂ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੂੰ ਸੰਸਦ ਵਿੱਚ ਆ ਕੇ ਬਹਿਸ ਕਰਨ ਦੀ ਖੁੱਲ੍ਹੀ ਚੁਣੌਤੀ ਦਿੱਤੀ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਪੋਸਟ ਸਾਂਝੀ ਕਰਦਿਆਂ ਕਾਂਗਰਸ ਦੇ ਇਤਿਹਾਸ ਅਤੇ ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਨੂੰ ਲੈ ਕੇ ਕਈ ਸਵਾਲ ਚੁੱਕੇ। ਇਸ ਦੌਰਾਨ ਉਨ੍ਹਾਂ ਨੇ 1975 ਦੀ ਐਮਰਜੈਂਸੀ ਅਤੇ 1984 ਦੇ ਸਿੱਖ ਕਤਲੇਆਮ ਦਾ ਵੀ ਜ਼ਿਕਰ ਕੀਤਾ।
ਰੇਖਾ ਗੁਪਤਾ ਨੇ ਆਪਣੀ ਪੋਸਟ ਵਿੱਚ ਲਿਖਿਆ, “ਰਾਹੁਲ ਗਾਂਧੀ ਜੀ, ਤੁਹਾਨੂੰ ਖੁੱਲ੍ਹੀ ਚੁਣੌਤੀ ਹੈ। ਸੰਸਦ ਵਿੱਚ ਆਓ, ਬਹਿਸ ਕਰਦੇ ਹਾਂ।” ਉਨ੍ਹਾਂ ਕਿਹਾ ਕਿ 1975 ਵਿੱਚ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਵੱਲੋਂ ਐਮਰਜੈਂਸੀ ਲਗਾਈ ਗਈ ਸੀ, ਜਿਸ ਦੌਰਾਨ ਵਿਰੋਧੀ ਆਗੂਆਂ ਨੂੰ ਜੇਲ੍ਹਾਂ ਵਿੱਚ ਡੱਕਿਆ ਗਿਆ ਅਤੇ ਪ੍ਰੈੱਸ ਦੀ ਆਜ਼ਾਦੀ ‘ਤੇ ਪਾਬੰਦੀਆਂ ਲਗਾਈਆਂ ਗਈਆਂ ਸਨ।
ਉਨ੍ਹਾਂ ਨੇ 1984 ਦੇ ਸਿੱਖ ਕਤਲੇਆਮ ਦਾ ਹਵਾਲਾ ਦਿੰਦਿਆਂ ਕਿਹਾ ਕਿ ਉਸ ਸਮੇਂ ਰਾਹੁਲ ਗਾਂਧੀ ਦੇ ਪਿਤਾ ਰਾਜੀਵ ਗਾਂਧੀ ਦੇਸ਼ ਦੇ ਪ੍ਰਧਾਨ ਮੰਤਰੀ ਸਨ ਅਤੇ ਦਿੱਲੀ ਵਿੱਚ ਹਜ਼ਾਰਾਂ ਬੇਗੁਨਾਹ ਸਿੱਖਾਂ ਦਾ ਕਤਲੇਆਮ ਹੋਇਆ ਸੀ। ਰੇਖਾ ਗੁਪਤਾ ਨੇ ਦੋਸ਼ ਲਾਇਆ ਕਿ ਕਾਂਗਰਸ ਅੱਜ ਵੀ ਇਸ ਵਿਰਾਸਤ ਤੋਂ ਆਪਣਾ ਪਿੱਛਾ ਨਹੀਂ ਛੁਡਾ ਸਕੀ।
ਉਨ੍ਹਾਂ ਨੇ ਆਪਣੀ ਪੋਸਟ ਵਿੱਚ ਅੱਗੇ ਲਿਖਿਆ ਕਿ ਰਾਹੁਲ ਗਾਂਧੀ 2014, 2019 ਅਤੇ 2024 ਵਿੱਚ ਲਗਾਤਾਰ ਤਿੰਨ ਵਾਰ ਲੋਕ ਸਭਾ ਚੋਣਾਂ ਹਾਰ ਚੁੱਕੇ ਹਨ। ਉਨ੍ਹਾਂ ਤਨਜ਼ ਕਰਦਿਆਂ ਕਿਹਾ ਕਿ ਚੌਥੀ ਵਾਰ ਦੀ ਹਾਰ ਉਨ੍ਹਾਂ ਲਈ ਸਭ ਤੋਂ ਵੱਡਾ ਡਰਾਉਣਾ ਸੁਪਨਾ ਹੋਵੇਗੀ। ਉਨ੍ਹਾਂ ਨੇ ਬਹਿਸ ਲਈ ਥਾਂ ਭਾਰਤ ਦੀ ਸੰਸਦ, ਨਵੀਂ ਦਿੱਲੀ ਦੱਸੀ ਅਤੇ ਕਿਹਾ ਕਿ ਉੱਥੇ ਆਉਣ ਲਈ ਵੀਜ਼ੇ ਦੀ ਲੋੜ ਨਹੀਂ ਹੈ।
ਮੋਦੀ ਨੂੰ ਰਾਹੁਲ ਗਾਂਧੀ ਨੇ ਦਿੱਤੀ ਸੀ ਬਹਿਸ ਦੀ ਚੁਣੌਤੀ
ਦਰਅਸਲ, ਰੇਖਾ ਗੁਪਤਾ ਦਾ ਇਹ ਬਿਆਨ ਉਸ ਸਮੇਂ ਆਇਆ ਹੈ, ਜਦੋਂ ਰਾਹੁਲ ਗਾਂਧੀ ਨੇ ਮੰਗਲਵਾਰ ਸ਼ਾਮ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਖੁੱਲ੍ਹੀ ਬਹਿਸ ਦੀ ਚੁਣੌਤੀ ਦਿੱਤੀ ਸੀ। ਰਾਹੁਲ ਗਾਂਧੀ ਦੀ ਐਕਸ ਪੋਸਟ ਨੂੰ ਮੁੜ ਸਾਂਝਾ ਕਰਦਿਆਂ ਦਿੱਲੀ ਦੀ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਸੰਸਦ ਵਿੱਚ ਬਹਿਸ ਕਰਨ ਲਈ ਕਿਹਾ।
ਰਾਹੁਲ ਗਾਂਧੀ ਨੇ ਆਪਣੀ ਪੋਸਟ ਵਿੱਚ ਲਿਖਿਆ ਸੀ ਕਿ ਉਨ੍ਹਾਂ ਵੱਲੋਂ ਪ੍ਰਧਾਨ ਮੰਤਰੀ ਨੂੰ ਬਹਿਸ ਦੀ ਚੁਣੌਤੀ ਦਿੱਤਿਆਂ 24 ਘੰਟੇ ਬੀਤ ਚੁੱਕੇ ਹਨ। ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਕਿਸੇ ਵੀ ਥਾਂ ‘ਤੇ ਬਹਿਸ ਲਈ ਆ ਸਕਦੇ ਹਨ। ਇਸ ਦੌਰਾਨ ਇਹ ਚਰਚਾ ਹੋਵੇ ਕਿ ਦੇਸ਼ ਵਿਰੋਧੀ ਕੌਣ ਹੈ ਅਤੇ ਵਿਦੇਸ਼ੀ ਤਾਕਤਾਂ ਨਾਲ ਕਿਸ ਦੇ ਸਬੰਧ ਹਨ।
ਰਾਹੁਲ ਗਾਂਧੀ ਨੇ ਇਹ ਵੀ ਕਿਹਾ ਕਿ ਬਹਿਸ ਦੌਰਾਨ ਮੀਡੀਆ ਅਤੇ ਦੇਸ਼ ਦੇ ਨੌਜਵਾਨ ਮੌਜੂਦ ਹੋਣ। ਉਨ੍ਹਾਂ ਨੇ ਸੁਝਾਅ ਦਿੱਤਾ ਕਿ ਜੇਕਰ ਪ੍ਰਧਾਨ ਮੰਤਰੀ ਚਾਹੁਣ ਤਾਂ ਆਰਐੱਸਐੱਸ ਮੁਖੀ ਮੋਹਨ ਭਾਗਵਤ ਨੂੰ ਵੀ ਬਹਿਸ ਲਈ ਜੱਜ ਬਣਾਇਆ ਜਾ ਸਕਦਾ ਹੈ।
ਅਮਰੀਕਾ ਨਾਲ ਸਮਝੌਤੇ ਅਤੇ ਵਿੱਤੀ ਪ੍ਰਣਾਲੀ ਬਾਰੇ ਵੀ ਸਵਾਲ
ਰਾਹੁਲ ਗਾਂਧੀ ਨੇ ਆਪਣੀ ਪੋਸਟ ਵਿੱਚ ਵਿੱਤੀ ਪ੍ਰਣਾਲੀ, ਵਿੱਤੀ ਢਾਂਚੇ ਅਤੇ ਅਮਰੀਕਾ ਨਾਲ ਹੋਏ ਸਮਝੌਤੇ ਬਾਰੇ ਵੀ ਸਵਾਲ ਚੁੱਕੇ। ਉਨ੍ਹਾਂ ਪੁੱਛਿਆ ਕਿ ਇਹ ਸਮਝੌਤਾ ਕਿਵੇਂ ਅਤੇ ਕਿਉਂ ਹੋਇਆ, ਇਸ ਨੂੰ ਇੰਨੀ ਜਲਦੀ ਕਿਉਂ ਕੀਤਾ ਗਿਆ ਅਤੇ ਕੈਬਨਿਟ ਨੂੰ ਇਸ ਬਾਰੇ ਜਾਣਕਾਰੀ ਕਿਉਂ ਨਹੀਂ ਦਿੱਤੀ ਗਈ। ਉਨ੍ਹਾਂ ਨੇ ਐਪਸਟੀਨ ਮਾਮਲੇ ਦਾ ਵੀ ਜ਼ਿਕਰ ਕਰਦਿਆਂ ਕਿਹਾ ਕਿ ਇਨ੍ਹਾਂ ਸਾਰੇ ਮੁੱਦਿਆਂ ‘ਤੇ ਖੁੱਲ੍ਹ ਕੇ ਚਰਚਾ ਹੋਣੀ ਚਾਹੀਦੀ ਹੈ।
ਰਾਹੁਲ ਗਾਂਧੀ ਨੇ ਅੱਗੇ ਕਿਹਾ ਕਿ ਉਨ੍ਹਾਂ ਖ਼ਿਲਾਫ਼ ਵੱਖ-ਵੱਖ ਮਾਮਲਿਆਂ ਵਿੱਚ ਮਾਣਹਾਨੀ ਦੇ ਲਗਭਗ 45 ਕੇਸ ਦਰਜ ਹਨ, ਪਰ ਵਿਦੇਸ਼ੀ ਸਬੰਧਾਂ ਦੇ ਦੋਸ਼ਾਂ ਨੂੰ ਲੈ ਕੇ ਬਹਿਸ ਦੀ ਚੁਣੌਤੀ ਸਵੀਕਾਰ ਨਹੀਂ ਕੀਤੀ ਜਾ ਰਹੀ। ਉਨ੍ਹਾਂ ਪ੍ਰਧਾਨ ਮੰਤਰੀ ਨੂੰ ਇਨ੍ਹਾਂ ਮੁੱਦਿਆਂ ‘ਤੇ ਖੁੱਲ੍ਹੀ ਚਰਚਾ ਕਰਨ ਦਾ ਸੱਦਾ ਦਿੱਤਾ।
ਇਸ ਤਰ੍ਹਾਂ ਰਾਹੁਲ ਗਾਂਧੀ ਵੱਲੋਂ ਪ੍ਰਧਾਨ ਮੰਤਰੀ ਨੂੰ ਦਿੱਤੀ ਗਈ ਬਹਿਸ ਦੀ ਚੁਣੌਤੀ ਤੋਂ ਬਾਅਦ ਰੇਖਾ ਗੁਪਤਾ ਦੇ ਜਵਾਬ ਨਾਲ ਸਿਆਸੀ ਮਾਹੌਲ ਗਰਮਾ ਗਿਆ ਹੈ।



















