ਸ੍ਰੀ ਚਮਕੌਰ ਸਾਹਿਬ ਵਾਸੀਆਂ ਨੂੰ ਮਿਲੇਗੀ ਸ਼ੁੱਧ ਪੀਣਯੋਗ ਪਾਣੀ

17
ਸ੍ਰੀ ਚਮਕੌਰ ਸਾਹਿਬ, 18 ਮਾਰਚ 2026 AJ DI Awaaj
Punjab Desk :   ਸ਼੍ਰੀ ਚਮਕੌਰ ਸਾਹਿਬ ਵਿਖੇ ਵਾਟਰ ਸਪਲਾਈ ਸਕੀਮ ਦੇ ਵਿਸਥਾਰ ਅਤੇ ਪੁਨਰਵਿਕਾਸ ਲਈ ਨਵਾਂ ਅਹਿਮ ਪ੍ਰੋਜੈਕਟ ਸ਼ੁਰੂ ਕੀਤਾ ਜਾ ਰਿਹਾ ਹੈ।
ਇਸ ਸੰਬਧੀ ਜਾਣਕਾਰੀ ਦਿੰਦਿਆਂ ਹਲਕਾ ਵਿਧਾਇਕ ਸ੍ਰੀ ਚਮਕੌਰ ਸਾਹਿਬ ਡਾ. ਚਰਨਜੀਤ ਸਿੰਘ ਨੇ ਦੱਸਿਆ ਕਿ ਇਸ ਪ੍ਰੋਜੈਕਟ ਦਾ ਮੁੱਖ ਉਦੇਸ਼ ਸ਼ਹਿਰ ਦੇ ਨਿਵਾਸੀਆਂ ਨੂੰ ਸੁੱਧ ਅਤੇ ਲਗਾਤਾਰ ਪੀਣਯੋਗ ਪਾਣੀ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਦੱਸਿਆ ਕਿ ਇਸ ਕੰਮ ਤਹਿਤ ਇੱਕ ਨਵਾਂ ਵਾਟਰ ਪੰਪਿੰਗ ਸਟੇਸ਼ਨ ਬਣਾਇਆ ਜਾਵੇਗਾ, ਜਿਸ ਦੇ ਨਾਲ 4 ਐਮ ਐਲ ਡੀ ਸਮਰੱਥਾ ਵਾਲਾ ਵਾਟਰ ਟ੍ਰੀਟਮੈਂਟ ਪਲਾਂਟ ਵੀ ਸਥਾਪਿਤ ਕੀਤਾ ਜਾਵੇਗਾ।
ਡਾ. ਚਰਨਜੀਤ ਸਿੰਘ ਨੇ ਦੱਸਿਆ ਕਿ ਇਸ ਤੋਂ ਇਲਾਵਾ ਸ਼ਹਿਰ ਵਿੱਚ ਪਾਣੀ ਦੀ ਸਪਲਾਈ ਨੂੰ ਮਜ਼ਬੂਤ ਬਣਾਉਣ ਲਈ 2100 ਮੀਟਰ ਰਾਅ ਵਾਟਰ ਲਾਈਨ ਅਤੇ 5145 ਮੀਟਰ ਕਲੀਅਰ ਵਾਟਰ ਲਾਈਨ ਵਿਛਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਦੀ ਕੁੱਲ ਅਨੁਮਾਨਤ ਲਾਗਤ 19 ਕਰੋੜ 36 ਲੱਖ 85 ਹਜ਼ਾਰ ਰੁਪਏ ਹੈ ਅਤੇ ਇਹ ਕੰਮ 18 ਮਹੀਨਿਆਂ ਦੇ ਅੰਦਰ ਪੂਰਾ ਕਰਨ ਦਾ ਟੀਚਾ ਹੈ।
ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਦੇ ਪੂਰਾ ਹੋਣ ਨਾਲ ਸ਼ਹਿਰ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਪਾਣੀ ਦੀ ਕਮੀ ਨਾਲ ਜੁੜੀਆਂ ਸਮੱਸਿਆਵਾਂ ਦਾ ਹੱਲ ਹੋਵੇਗਾ। ਇਸ ਦੇ ਨਾਲ ਹੀ ਇਹ ਯੋਜਨਾ ਸ਼ਹਿਰ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਜੀਵਨ ਮਿਆਰ ਨੂੰ ਉੱਚਾ ਚੁੱਕਣ ਵਿੱਚ ਮਹੱਤਵਪੂਰਨ ਯੋਗਦਾਨ ਪਾਏਗੀ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਸ ਪ੍ਰੋਜੈਕਟ ਨੂੰ ਤਰਜੀਹ ਦੇ ਆਧਾਰ ‘ਤੇ ਲਾਗੂ ਕੀਤਾ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਜਲਦੀ ਤੋਂ ਜਲਦੀ ਇਸ ਦੇ ਲਾਭ ਮਿਲ ਸਕਣ।