ਹੁਸ਼ਿਆਰਪੁਰ, 17 ਅਪ੍ਰੈਲ 2025 Aj Di Awaaj
ਸਟੇਟ ਟਰਾਂਸਪੋਰਟ ਕਮਿਸ਼ਨਰ ਪੰਜਾਬ ਅਤੇ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ, ਖੇਤਰੀ ਟਰਾਂਸਪੋਰਟ ਅਫ਼ਸਰ ਰਵਿੰਦਰ ਸਿੰਘ ਗਿੱਲ ਨੇ ਅੱਜ ਟਾਂਡਾ ਰੋਡ ਹੁਸ਼ਿਆਰਪੁਰ ਵਿਖੇ ਸਥਿਤ ਆਟੋਮੇਟਿਡ ਡਰਾਈਵਿੰਗ ਟੈਸਟ ਟਰੈਕ ਦਾ ਅਚਨਚੇਤ ਨਿਰੀਖਣ ਕੀਤਾ। ਨਿਰੀਖਣ ਦੌਰਾਨ, ਸੁਰੱਖਿਆ ਸਟਾਫ਼ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਕਿ ਸਿਰਫ਼ ਡਰਾਈਵਿੰਗ ਲਾਇਸੈਂਸ ਲਈ ਬਿਨੈਕਾਰਾਂ ਨੂੰ ਹੀ ਟਰੈਕ ਦੇ ਅੰਦਰ ਦਾਖਲ ਹੋਣ ਦਿੱਤਾ ਜਾਵੇ। ਕਿਸੇ ਵੀ ਬਾਹਰੀ ਵਿਅਕਤੀ ਦੇ ਟਰੈਕ ਵਿੱਚ ਦਾਖਲ ਹੋਣ ਦੀ ਮਨਾਹੀ ਹੋਵੇਗੀ। ਟਰੈਕ ‘ਤੇ ਆਉਣ ਵਾਲੇ ਹਰੇਕ ਵਿਅਕਤੀ ਦੇ ਵੇਰਵੇ ਲਾਜ਼ਮੀ ਤੌਰ ‘ਤੇ ਰਜਿਸਟਰ ਵਿੱਚ ਦਰਜ ਕੀਤੇ ਜਾਣਗੇ।
ਉਨ੍ਹਾਂ ਕਿਹਾ ਕਿ ਸਾਰੇ ਸਟਾਫ਼ ਮੈਂਬਰਾਂ ਨੂੰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਆਪਣੇ ਮੋਬਾਈਲ ਫ਼ੋਨ ਬੰਦ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਕੰਮ ਵਿੱਚ ਕੋਈ ਰੁਕਾਵਟ ਨਾ ਆਵੇ। ਉਨ੍ਹਾਂ ਦੱਸਿਆ ਕਿ ਡਰਾਈਵਿੰਗ ਟੈਸਟ ਟਰੈਕ ‘ਤੇ 8 ਆਈਪੀ-ਅਧਾਰਤ ਐਚਡੀ ਕੈਮਰੇ ਲਗਾਏ ਗਏ ਹਨ, ਜਿਨ੍ਹਾਂ ਦੀ ਸਿੱਧੀ ਪਹੁੰਚ ਮੁੱਖ ਦਫ਼ਤਰ ਤੱਕ ਵੀ ਪ੍ਰਦਾਨ ਕੀਤੀ ਗਈ ਹੈ। ਇਨ੍ਹਾਂ ਕੈਮਰਿਆਂ ਰਾਹੀਂ, ਸਟਾਫ਼ ਦੇ ਕੰਮਕਾਜ ਅਤੇ ਡਰਾਈਵਿੰਗ ਟੈਸਟਾਂ ਦੀ ਨਿਗਰਾਨੀ ਕੀਤੀ ਜਾਵੇਗੀ।
ਖੇਤਰੀ ਟਰਾਂਸਪੋਰਟ ਅਫ਼ਸਰ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ‘ਸਾਰਥੀ’ ਪੋਰਟਲ ‘ਤੇ ਡਰਾਈਵਿੰਗ ਲਾਇਸੈਂਸ ਨਾਲ ਸਬੰਧਤ ਸੇਵਾਵਾਂ ਲਈ ਖੁਦ ਫੀਸ ਭਰ ਕੇ ਅਰਜ਼ੀ ਦੇਣ ਅਤੇ ਸਿੱਧੇ ਦਫ਼ਤਰ ਨਾਲ ਸੰਪਰਕ ਕਰਨ। ਕਿਸੇ ਵੀ ਏਜੰਟ ਜਾਂ ਬਾਹਰੀ ਵਿਅਕਤੀ ਰਾਹੀਂ ਅਰਜ਼ੀ ਨਾ ਦਿਓ ਅਤੇ ਜ਼ਿਆਦਾ ਰਕਮ ਦਾ ਭੁਗਤਾਨ ਨਾ ਕਰੋ। ਇਸ ਤੋਂ ਇਲਾਵਾ, ਮੋਟਰ ਵਹੀਕਲ ਇੰਸਪੈਕਟਰ ਵੱਲੋਂ ਸਕੂਲ ਬੱਸਾਂ ਦੀ ਫਿਟਨੈਸ ਦੀ ਜਾਂਚ ਕੀਤੀ ਗਈ। ਉਨ੍ਹਾਂ ਹਦਾਇਤ ਕੀਤੀ ਕਿ ਸਕੂਲ ਬੱਸਾਂ ਨੂੰ ‘ਸੇਫ਼ ਸਕੂਲ ਵਾਹਨ ਯੋਜਨਾ’ ਅਨੁਸਾਰ ਫਿਟਨੈਸ ਸਰਟੀਫਿਕੇਟ ਜਾਰੀ ਕੀਤੇ ਜਾਣ।
