ਹੁਸ਼ਿਆਰਪੁਰ ‘ਚ 7 ਨਵੰਬਰ ਤੱਕ ਪਾਬੰਦੀ ਹੁਕਮ

25

ਹੁਸ਼ਿਆਰਪੁਰ: 12 Sep 2026 AJ DI Awaaj

Punjab Desk :   ਜ਼ਿਲ੍ਹਾ ਮੈਜਿਸਟਰੇਟ ਹੁਸ਼ਿਆਰਪੁਰ ਆਸ਼ਿਕਾ ਜੈਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ (BNSS), 2023 ਦੀ ਧਾਰਾ 163 ਤਹਿਤ ਆਪਣੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿੱਚ ਵੱਖ-ਵੱਖ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 7 ਨਵੰਬਰ 2026 ਤੱਕ ਲਾਗੂ ਰਹਿਣਗੇ

ਪ੍ਰੈਗਾਬਲਿਨ ਦੀ ਵਿਕਰੀ ਅਤੇ ਸਟਾਕ ‘ਤੇ ਸਖ਼ਤੀ

ਹੁਕਮਾਂ ਅਨੁਸਾਰ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਪ੍ਰੈਗਾਬਲਿਨ ਕੈਪਸੂਲ ਬਿਨ੍ਹਾਂ ਲਾਇਸੈਂਸ ਰੱਖਣ, ਮਨਜ਼ੂਰਸ਼ੁਦਾ ਮਾਤਰਾ ਤੋਂ ਵੱਧ ਸਟਾਕ ਕਰਨ ਜਾਂ ਵੇਚਣ ‘ਤੇ ਪਾਬੰਦੀ ਲਗਾਈ ਗਈ ਹੈ। ਇਸ ਤੋਂ ਇਲਾਵਾ ਡਾਕਟਰ ਦੀ ਵੈਧ ਪਰਚੀ ਤੋਂ ਬਿਨ੍ਹਾਂ ਪ੍ਰੈਗਾਬਲਿਨ ਦਵਾਈ ਵੇਚਣ ਦੀ ਵੀ ਮਨਾਹੀ ਹੋਵੇਗੀ। ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਗਊ ਵੰਸ਼ ਦੀ ਢੋਆ-ਢੁਆਈ ਲਈ ਨਿਰਧਾਰਤ ਸਮਾਂ

ਜ਼ਿਲ੍ਹਾ ਪ੍ਰਸ਼ਾਸਨ ਨੇ ਗਊ ਵੰਸ਼ ਦੀ ਢੋਆ-ਢੁਆਈ ਨੂੰ ਲੈ ਕੇ ਵੀ ਸਖ਼ਤ ਨਿਯਮ ਲਾਗੂ ਕੀਤੇ ਹਨ। ਹੁਕਮਾਂ ਮੁਤਾਬਕ:

  • ਗਰਮੀਆਂ ਵਿੱਚ: ਸ਼ਾਮ 6 ਵਜੇ ਤੋਂ ਸਵੇਰੇ 6 ਵਜੇ ਤੱਕ ਗਊ ਵੰਸ਼ ਦੀ ਢੋਆ-ਢੁਆਈ ‘ਤੇ ਪੂਰਨ ਪਾਬੰਦੀ ਰਹੇਗੀ।
  • ਸਰਦੀਆਂ ਵਿੱਚ: ਸ਼ਾਮ 5 ਵਜੇ ਤੋਂ ਸਵੇਰੇ 7 ਵਜੇ ਤੱਕ ਗਊ ਵੰਸ਼ ਦੀ ਢੋਆ-ਢੁਆਈ ਨਹੀਂ ਕੀਤੀ ਜਾ ਸਕੇਗੀ।

ਇਸ ਤੋਂ ਇਲਾਵਾ ਗਊ ਵੰਸ਼ ਰੱਖਣ ਵਾਲੇ ਲੋਕਾਂ ਨੂੰ ਆਪਣੇ ਪਸ਼ੂ ਪਾਲਣ ਵਿਭਾਗ ਕੋਲ ਰਜਿਸਟਰਡ ਕਰਵਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।

ਨਫ਼ਰਤੀ ਭਾਸ਼ਣ ‘ਤੇ ਪੂਰਨ ਪਾਬੰਦੀ

ਜ਼ਿਲ੍ਹਾ ਮੈਜਿਸਟਰੇਟ ਨੇ ਜਨਤਕ ਇਕੱਠਾਂ, ਧਾਰਮਿਕ ਸਥਾਨਾਂ, ਵਿਆਹ ਸਮਾਗਮਾਂ, ਪਾਰਟੀਆਂ ਅਤੇ ਹੋਰ ਜਨਤਕ ਸਮਾਗਮਾਂ ਦੌਰਾਨ ਕਿਸੇ ਵੀ ਭਾਈਚਾਰੇ ਵਿਰੁੱਧ ਨਫ਼ਰਤ ਪੈਦਾ ਕਰਨ ਵਾਲਾ ਭਾਸ਼ਣ ਦੇਣ ‘ਤੇ ਪੂਰਨ ਪਾਬੰਦੀ ਲਗਾਈ ਹੈ। ਇਹ ਹੁਕਮ ਵਿਅਕਤੀਆਂ ਦੇ ਨਾਲ-ਨਾਲ ਸਮਾਜਿਕ ਅਤੇ ਧਾਰਮਿਕ ਜਥੇਬੰਦੀਆਂ ‘ਤੇ ਵੀ ਲਾਗੂ ਹੋਣਗੇ।

ਬਿਨ੍ਹਾਂ ਮਨਜ਼ੂਰੀ ਛੱਪੜ ਪੂਰਨ ‘ਤੇ ਰੋਕ

ਹੁਸ਼ਿਆਰਪੁਰ ਦੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਕਿਸੇ ਵੀ ਵਿਅਕਤੀ, ਪੰਚਾਇਤ, ਨਗਰ ਕੌਂਸਲ ਜਾਂ ਨਗਰ ਪੰਚਾਇਤ ਵੱਲੋਂ ਸਬੰਧਤ ਉਪ-ਮੰਡਲ ਮੈਜਿਸਟਰੇਟ ਦੀ ਲਿਖਤੀ ਪੂਰਵ ਮਨਜ਼ੂਰੀ ਤੋਂ ਬਿਨ੍ਹਾਂ ਛੱਪੜ ਪੂਰਨ ‘ਤੇ ਵੀ ਪਾਬੰਦੀ ਲਗਾਈ ਗਈ ਹੈ।

ਗਲੀਆਂ ਤੇ ਰਸਤਿਆਂ ਵਿੱਚ ਨਾਜਾਇਜ਼ ਬੋਰ ਕਰਨ ‘ਤੇ ਵੀ ਰੋਕ

ਜ਼ਿਲ੍ਹੇ ਦੇ ਸਾਰੇ ਪਿੰਡਾਂ ਵਿੱਚ ਗਲੀਆਂ ਅਤੇ ਰਸਤਿਆਂ ‘ਤੇ ਨਾਜਾਇਜ਼ ਤੌਰ ‘ਤੇ ਬੋਰ ਕਰਨ ਦੀ ਕਾਰਵਾਈ ‘ਤੇ ਵੀ ਰੋਕ ਲਗਾਈ ਗਈ ਹੈ।

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਰੀ ਕੀਤੇ ਇਹ ਸਾਰੇ ਪਾਬੰਦੀ ਹੁਕਮ 7 ਨਵੰਬਰ 2026 ਤੱਕ ਪ੍ਰਭਾਵੀ ਰਹਿਣਗੇ। ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ।