ਕਾਦੀਆਂ/ਬਟਾਲਾ, 29 ਸਤੰਬਰ 2026 AJ DI Awaaj
Punjab Desk : ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਗੁਰਦਾਸਪੁਰ ਅਤੇ ਸਟੇਟ ਅਵਾਰਡੀ ਰਾਜੇਸ਼ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਜ਼ਿਲ੍ਹਾ ਗਾਈਡੈਂਸ ਕੌਂਸਲਰ ਮੁਕੇਸ਼ ਵਰਮਾ ਵੱਲੋਂ ਬਲਾਕ ਕਾਦੀਆਂ-1 ਦੇ ਵੱਖ-ਵੱਖ ਸਕੂਲਾਂ ਦਾ ਦੌਰਾ ਕਰਕੇ ਗਾਈਡੈਂਸ ਅਤੇ ਕਾਊਂਸਲਿੰਗ ਗਤੀਵਿਧੀਆਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਬਲਾਕ ਕਾਦੀਆਂ-1 ਦੇ ਬਲਾਕ ਗਾਈਡੈਂਸ ਕੌਂਸਲਰ ਵਿਪਨ ਕੁਮਾਰ ਵੀ ਉਨ੍ਹਾਂ ਦੇ ਨਾਲ ਮੌਜੂਦ ਰਹੇ।
ਮੁਕੇਸ਼ ਵਰਮਾ ਨੇ ਸਰਕਾਰੀ ਹਾਈ ਸਕੂਲ ਕਾਹਲਵਾਂ ਵਿਖੇ ਹੈੱਡਮਾਸਟਰ ਸ੍ਰੀ ਜਸਪਾਲ ਸਿੰਘ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਰਥ ਵਿਖੇ ਇੰਚਾਰਜ ਕੇਵਲ ਸਿੰਘ ਅਤੇ ਸਰਬਜੀਤ ਸਿੰਘ ਦੀ ਮੌਜੂਦਗੀ ਵਿੱਚ ਗਾਈਡੈਂਸ ਕੌਂਸਲਰਾਂ ਵੱਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਅਤੇ ਤਿਆਰ ਕੀਤੇ ਰਿਕਾਰਡ ਦੀ ਵਿਸਥਾਰਪੂਰਵਕ ਸਮੀਖਿਆ ਕੀਤੀ।
ਇਸ ਮੌਕੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਮੁਕੇਸ਼ ਵਰਮਾ ਨੇ ਉਨ੍ਹਾਂ ਨੂੰ ਵੱਖ-ਵੱਖ ਕਿੱਤਾ ਮੁਖੀ ਕੋਰਸਾਂ, ਰੋਜ਼ਗਾਰ ਦੇ ਮੌਕਿਆਂ ਅਤੇ ਪ੍ਰਤੀਯੋਗੀ ਪ੍ਰੀਖਿਆਵਾਂ ਸਬੰਧੀ ਮਹੱਤਵਪੂਰਨ ਜਾਣਕਾਰੀ ਦਿੱਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਪਣੇ ਭਵਿੱਖ ਦੇ ਟੀਚੇ ਨਿਰਧਾਰਤ ਕਰਨ ਅਤੇ ਉਨ੍ਹਾਂ ਦੀ ਪ੍ਰਾਪਤੀ ਲਈ ਯੋਜਨਾਬੱਧ ਢੰਗ ਨਾਲ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ।
ਵਿਜਿਟ ਦੌਰਾਨ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸਕੂਲਾਂ ਵਿੱਚ ਕਰਵਾਈਆਂ ਜਾ ਰਹੀਆਂ ਜਾਗਰੂਕਤਾ ਗਤੀਵਿਧੀਆਂ ਅਤੇ ਉਨ੍ਹਾਂ ਨਾਲ ਸਬੰਧਤ ਰਿਕਾਰਡ ਦੀ ਵੀ ਸਮੀਖਿਆ ਕੀਤੀ ਗਈ।



















